Home ਪੰਜਾਬ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ‘ਚ ਚੱਲ ਰਹੇ...

ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

OSD Sukhbir Singh reviews ongoing development projects and assesses progress across villages in the Dhuri constituency.

0
ਪਿੰਡ ਵਾਸੀਆਂ ਦੀ ਰਾਏ ਅਨੁਸਾਰ ਉਲੀਕੀ ਜਾ ਰਹੀ ਵਿਕਾਸ ਕਾਰਜਾਂ ਦੀ ਰੂਪ-ਰੇਖਾ: ਸੁਖਵੀਰ ਸਿੰਘ
ਧੂਰੀ, 17 ਸਤੰਬਰ, 2026 (ਹਰਸ਼ਪ੍ਰੀਤ ਕੌਰ ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧੂਰੀ ਹਲਕੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਹੋਰ ਵਿਕਾਸ ਕਾਰਜਾਂ ਦੀ ਰੂਪ-ਰੇਖਾ ਉਲੀਕਣ ਦੇ ਮੰਤਵ ਨਾਲ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਪੇਧਨੀ ਕਲਾਂ, ਕੱਕੜਵਾਲ, ਰੰਚਣਾ, ਈਸੀ, ਮੀਮਸਾ, ਖੇੜੀ ਜੱਟਾਂ, ਢਢੋਗਲ, ਸ਼ੇਰਪੁਰ ਸੋਢੀਆਂ ਅਤੇ ਭੁੱਲਰਹੇੜੀ ਵਿਖੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡਾਂ ਦੇ ਵਸਨੀਕਾਂ ਨਾਲ ਵਿਸਥਾਰਪੂਰਵਕ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੌਜੂਦਾ ਲੋੜਾਂ, ਬੁਨਿਆਦੀ ਸਹੂਲਤਾਂ ਨਾਲ ਸਬੰਧਤ ਸਮੱਸਿਆਵਾਂ ਅਤੇ ਭਵਿੱਖ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਸੁਝਾਅ ਲਏ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਲੋਕਾਂ ਦੀਆਂ ਲੋੜਾਂ ਅਤੇ ਸਾਂਝੀ ਰਾਏ ਅਨੁਸਾਰ ਕੀਤਾ ਜਾਣਾ ਮਹੱਤਵਪੂਰਨ ਹੈ, ਤਾਂ ਜੋ ਵਿਕਾਸ ਕਾਰਜਾਂ ਦਾ ਲਾਭ ਹਰ ਵਰਗ ਤੱਕ ਪਹੁੰਚ ਸਕੇ।
ਦੌਰੇ ਦੌਰਾਨ ਪਿੰਡਾਂ ਵਿੱਚ ਖੇਡਾਂ ਅਤੇ ਨੌਜਵਾਨਾਂ ਦੀ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਜਿਮ ਦੀਆਂ ਸਹੂਲਤਾਂ, ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕਾਂ ਅਤੇ ਸਮਾਜਿਕ ਸਮਾਗਮਾਂ ਲਈ ਕਮਿਊਨਿਟੀ ਹਾਲਾਂ ਨਾਲ ਸਬੰਧਤ ਕਾਰਜਾਂ ਬਾਰੇ ਜਾਣਕਾਰੀ ਲਈ ਗਈ। ਇਸ ਤੋਂ ਇਲਾਵਾ ਸੀਵਰੇਜ ਪ੍ਰਬੰਧ, ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਸਟਰੀਟ ਲਾਈਟਾਂ ਅਤੇ ਪਾਰਕਾਂ ਦੇ ਵਿਕਾਸ ਵਰਗੇ ਅਹਿਮ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਓ.ਐਸ.ਡੀ. ਨੇ ਛੱਪੜਾਂ ਦੀ ਸਫ਼ਾਈ ਅਤੇ ਉਨ੍ਹਾਂ ਦੇ ਪਾਣੀ ਦੇ ਢੁਕਵੇਂ ਪ੍ਰਬੰਧਨ ਲਈ ਟਰੀਟਮੈਂਟ ਪਲਾਂਟਾਂ ਦੀ ਲੋੜ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨਾਲ ਸਬੰਧਤ ਮੁੱਦਿਆਂ ਬਾਰੇ ਵੀ ਪਿੰਡ ਵਾਸੀਆਂ ਤੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ, ਸੁਚੱਜਾ ਪਾਣੀ ਨਿਕਾਸੀ ਪ੍ਰਬੰਧ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਪਿੰਡਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਅਹਿਮ ਹਨ। ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਲੋਕਾਂ ਨਾਲ ਸਿੱਧਾ ਸੰਪਰਕ ਕਰਨਾ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਸਮਝਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਦੱਸੀਆਂ ਗਈਆਂ ਮੰਗਾਂ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਸਬੰਧੀ ਲੋੜੀਂਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ, ਤਾਂ ਜੋ ਪਿੰਡਾਂ ਦੀਆਂ ਤਰਜੀਹਾਂ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਿਹਤਰ ਬੁਨਿਆਦੀ ਢਾਂਚਾ, ਸਿਹਤ ਸਹੂਲਤਾਂ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਲੋਕਾਂ ਲਈ ਸਾਂਝੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਰਬਪੱਖੀ ਵਿਕਾਸ ਦਾ ਅਹਿਮ ਹਿੱਸਾ ਹੈ। ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਪਿੰਡਾਂ ਵਿੱਚ ਹੀ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕਰਨ ਨਾਲ ਪਿੰਡਾਂ ਦੀਆਂ ਅਸਲ ਲੋੜਾਂ ਨੂੰ ਸਮਝਣ ਅਤੇ ਉਨ੍ਹਾਂ ਅਨੁਸਾਰ ਕਾਰਜਾਂ ਨੂੰ ਤਰਜੀਹ ਦੇਣ ਵਿੱਚ ਮਦਦ ਮਿਲਦੀ ਹੈ। ਇਸ ਮੌਕੇ ਏ.ਡੀ.ਸੀ. ਸੁਖਚੈਨ ਸਿੰਘ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਅਮਰਦੀਪ ਸਿੰਘ ਧਾਂਦਰਾ, ਰੂਬਲ ਬਾਜਵਾ ਸਮੇਤ ਹੋਰ ਪਤਵੰਤੇ, ਸਬੰਧਤ ਅਧਿਕਾਰੀ ਅਤੇ ਪਿੰਡ ਵਾਸੀ ਮੌਜੂਦ ਸਨ।

Exit mobile version