ਆਂਗਣਵਾੜੀ ਵਰਕਰ ਬੱਚਿਆਂ ਦੇ ਮੁੱਢਲੇ ਵਿਕਾਸ ਅਤੇ ਮਹਿਲਾ ਸਸ਼ਕਤੀਕਰਨ ‘ਚ ਲਈ ਅਹਿਮ ਕੜੀ: ਓ.ਐਸ.ਡੀ. ਸੁਖਵੀਰ ਸਿੰਘ
ਧੂਰੀ, 12 ਅਗਸਤ, 2026 (ਦੀਪਕ ਦੱਤਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਓ.ਐਸ.ਡੀ. ਸੁਖਵੀਰ ਸਿੰਘ ਨੇ 14 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਵਧਾਈ ਦਿੰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਆਂਗਣਵਾੜੀ ਵਰਕਰ ਸਰਕਾਰ ਅਤੇ ਆਮ ਲੋਕਾਂ ਦਰਮਿਆਨ ਇੱਕ ਮਹੱਤਵਪੂਰਨ ਕੜੀ ਹਨ। ਉਹ ਪਿੰਡਾਂ ਅਤੇ ਸ਼ਹਿਰਾਂ ਦੇ ਪੱਧਰ ’ਤੇ ਬੱਚਿਆਂ ਦੀ ਸਿਹਤ, ਪੋਸ਼ਣ, ਮੁੱਢਲੀ ਸਿੱਖਿਆ ਅਤੇ ਸਰਵਪੱਖੀ ਵਿਕਾਸ ਨਾਲ ਸਬੰਧਤ ਸੇਵਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਦੀ ਮਜ਼ਬੂਤੀ ਉਸ ਦੇ ਬੱਚਿਆਂ ਦੇ ਸਿਹਤਮੰਦ ਅਤੇ ਸੁਚੱਜੇ ਵਿਕਾਸ ਨਾਲ ਜੁੜੀ ਹੁੰਦੀ ਹੈ। ਇਸ ਲਈ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਨੂੰ ਪੋਸ਼ਣ, ਸਿਹਤ ਸੰਭਾਲ ਅਤੇ ਮੁੱਢਲੇ ਵਿਕਾਸ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਵਰਕਰਾਂ ਆਪਣੀ ਜ਼ਿੰਮੇਵਾਰੀ ਨੂੰ ਸਿਰਫ਼ ਨੌਕਰੀ ਵਜੋਂ ਨਾ ਲੈ ਕੇ ਸਮਾਜ ਸੇਵਾ ਦੇ ਮੌਕੇ ਵਜੋਂ ਨਿਭਾਉਣ। ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਯੋਗਤਾ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਦੇ ਨਾਲ-ਨਾਲ ਸੂਬੇ ਦੇ ਪ੍ਰਸ਼ਾਸਨ ਅਤੇ ਲੋਕ ਭਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ।
ਓ.ਐਸ.ਡੀ. ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣ ਅਤੇ ਸਰਕਾਰ ਦੀਆਂ ਮਹਿਲਾ ਤੇ ਬਾਲ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਦੀ ਸਰਗਰਮ ਭੂਮਿਕਾ ਨਾਲ ਜ਼ਮੀਨੀ ਪੱਧਰ ’ਤੇ ਸਰਕਾਰੀ ਸਕੀਮਾਂ ਦਾ ਪ੍ਰਭਾਵ ਹੋਰ ਵਧੇਰੇ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ’ਤੇ ਪੰਜਾਬ ਸਰਕਾਰ ਅਤੇ ਓ.ਐਸ.ਡੀ. ਸੁਖਵੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਲਈ ਰੋਜ਼ਗਾਰ ਦੇ ਨਾਲ-ਨਾਲ ਸਮਾਜ ਅਤੇ ਖ਼ਾਸ ਕਰਕੇ ਬੱਚਿਆਂ ਤੇ ਮਹਿਲਾਵਾਂ ਦੀ ਸੇਵਾ ਕਰਨ ਦਾ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਧੰਨਵਾਦ ਪ੍ਰਗਟਾਇਆ। ਇਸ ਮੌਕੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਅਰਵਿੰਦ ਕੁਮਾਰ, ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਕੌਂਸਲਰ ਪੁਸ਼ਪਿੰਦਰ ਸ਼ਰਮਾ ਵੀ ਮੌਜੂਦ ਸਨ।