ਐਡਮੰਟਨ (ਅਲਬਰਟਾ), 31 ਜੁਲਾਈ, 2026 (ਜਗਦੇਵ ਸਿੰਘ ਜੱਗੀ) : ਕੈਨੇਡਾ ਵਿੱਚ 700 ਤੋਂ ਵੱਧ ਅੰਤਰਰਾਸ਼ਟਰੀ ਵਿਦਿਆਰਥੀ, ਜਿਨ੍ਹਾਂ ਵਿੱਚ ਬਹੁਤੇ ਭਾਰਤੀ ਹਨ, ਦੇਸ਼ ਨਿਕਾਲੇ ਦੇ ਖ਼ਤਰੇ ਦਾ ਸਾਹਮਣਾ ਕਰ ਰਹੇ ਹਨ। ਜਾਣਕਾਰੀ ਅਨੁਸਾਰ ਇਨ੍ਹਾਂ ਵਿਦਿਆਰਥੀਆਂ ਦੀਆਂ ਪੋਸਟ ਗ੍ਰੈਜੂਏਟ ਵਰਕ ਪਰਮਿਟ (PGWP) ਅਰਜ਼ੀਆਂ ਰੱਦ ਹੋਣ ਕਾਰਨ ਉਨ੍ਹਾਂ ਦੀ ਇਮੀਗ੍ਰੇਸ਼ਨ ਸਥਿਤੀ ਪ੍ਰਭਾਵਿਤ ਹੋਈ ਹੈ।
ਇਸ ਮਾਮਲੇ ਨੂੰ ਲੈ ਕੇ ਪ੍ਰਭਾਵਿਤ ਵਿਦਿਆਰਥੀ ਪਿਛਲੇ ਕੁਝ ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਸਰਕਾਰ ਤੋਂ ਰਾਹਤ ਦੀ ਮੰਗ ਕਰ ਰਹੇ ਹਨ।ਉੱਥੇ ਹੀ ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਵੀਜ਼ੇ ਦੀ ਮਿਆਦ ਖ਼ਤਮ ਹੋ ਚੁੱਕੀ ਹੈ ਅਤੇ ਜਿਨ੍ਹਾਂ ਨੂੰ ਸਥਾਈ ਨਿਵਾਸ (PR) ਨਹੀਂ ਮਿਲਿਆ, ਉਨ੍ਹਾਂ ਨੂੰ ਕੈਨੇਡਾ ਛੱਡਣਾ ਪਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅਲਬਰਟਾ ਨੂੰ ਹੁਨਰਮੰਦ ਪ੍ਰਵਾਸੀਆਂ ਦੀ ਚੋਣ ਵਿੱਚ ਹੋਰ ਵੱਧ ਅਧਿਕਾਰ ਮਿਲਣੇ ਚਾਹੀਦੇ ਹਨ।
ਇਸ ਮੁੱਦੇ ਨੇ ਕੈਨੇਡਾ ਵਿੱਚ ਪੜ੍ਹ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ, ਖ਼ਾਸ ਕਰਕੇ ਭਾਰਤੀ ਭਾਈਚਾਰੇ ਵਿੱਚ ਚਿੰਤਾ ਵਧਾ ਦਿੱਤੀ ਹੈ।






