ਅੰਮ੍ਰਿਤਸਰ, 30 ਜੁਲਾਈ, 2026 (ਹਰਸ਼ਪ੍ਰੀਤ ਕੌਰ) : ਰਾਜਾਸਾਂਸੀ ਹਲਕੇ ਦੇ ਪਿੰਡ ਬੋਪਾਰਾਏ ਕਲਾਂ ਦੀ ਪੰਚਾਇਤ ਨੇ ਸਮਾਜਿਕ ਪਰੰਪਰਾਵਾਂ ਅਤੇ ਪਿੰਡ ਦੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਮਤਾ ਪਾਸ ਕੀਤਾ ਹੈ। ਪੰਚਾਇਤ ਵੱਲੋਂ ਲਏ ਗਏ ਇਸ ਫ਼ੈਸਲੇ ਅਨੁਸਾਰ ਪਿੰਡ ਦੇ ਲੜਕੇ ਅਤੇ ਲੜਕੀ ਦੇ ਆਪਸ ਵਿੱਚ ਵਿਆਹ ਕਰਨ ਨੂੰ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ।
ਸਰਪੰਚ ਸ਼ਿਸ਼ਪਾਲ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਲੰਮੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮਾਜਿਕ ਰਵਾਇਤਾਂ ਅਨੁਸਾਰ ਇੱਕੋ ਪਿੰਡ ਦੇ ਮੁੰਡੇ-ਕੁੜੀਆਂ ਨੂੰ ਭੈਣ-ਭਰਾ ਦੇ ਰੂਪ ਵਿੱਚ ਦੇਖਿਆ ਜਾਂਦਾ ਹੈ। ਇਸ ਕਾਰਨ ਇੱਕੋ ਪਿੰਡ ਵਿੱਚ ਵਿਆਹ ਕਰਵਾਉਣਾ ਸਥਾਨਕ ਪਰੰਪਰਾਵਾਂ ਦੇ ਉਲਟ ਮੰਨਿਆ ਜਾਂਦਾ ਹੈ।
ਪੰਚਾਇਤ ਦਾ ਕਹਿਣਾ ਹੈ ਕਿ ਅਜਿਹੇ ਵਿਆਹਾਂ ਕਾਰਨ ਕਈ ਵਾਰ ਪਰਿਵਾਰਾਂ ਅਤੇ ਭਾਈਚਾਰੇ ਵਿੱਚ ਮਤਭੇਦ ਪੈਦਾ ਹੋ ਸਕਦੇ ਹਨ, ਜਿਸ ਨਾਲ ਪਿੰਡ ਦਾ ਸਮਾਜਿਕ ਮਾਹੌਲ ਪ੍ਰਭਾਵਿਤ ਹੁੰਦਾ ਹੈ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਇਹ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ।
ਪੰਚਾਇਤ ਮੈਂਬਰਾਂ ਦਾ ਮੰਨਣਾ ਹੈ ਕਿ ਇਹ ਕਦਮ ਪਿੰਡ ਦੀਆਂ ਰਵਾਇਤਾਂ, ਆਪਸੀ ਸਤਿਕਾਰ ਅਤੇ ਭਾਈਚਾਰਕ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਸਹਾਇਕ ਸਾਬਤ ਹੋਵੇਗਾ। ਨਾਲ ਹੀ ਨੌਜਵਾਨ ਪੀੜ੍ਹੀ ਨੂੰ ਆਪਣੇ ਸੱਭਿਆਚਾਰਕ ਮੁੱਲਾਂ ਅਤੇ ਸਮਾਜਿਕ ਮਰਿਆਦਾਵਾਂ ਨਾਲ ਜੋੜ ਕੇ ਰੱਖਣ ਵਿੱਚ ਵੀ ਮਦਦ ਮਿਲੇਗੀ।ਪੰਚਾਇਤ ਦੇ ਇਸ ਫ਼ੈਸਲੇ ਨੂੰ ਲੈ ਕੇ ਇਲਾਕੇ ਵਿੱਚ ਚਰਚਾ ਛਿੜ ਗਈ ਹੈ ਅਤੇ ਲੋਕਾਂ ਵੱਲੋਂ ਇਸ ਬਾਰੇ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।