ਨਸ਼ਿਆਂ ਵਿਰੁੱਧ ਸੰਘਰਸ਼ ਜਾਰੀ ਰੱਖਣ ਦਾ ਪਰਿਵਾਰ ਦਾ ਐਲਾਨ, ਮਾਨਸਾ ਵਿੱਚ 25ਵੇਂ ਦਿਨ ਵੀ ਧਰਨਾ ਰਿਹਾ ਜਾਰੀ
ਮਾਨਸਾ, 7 ਨਵੰਬਰ, 2026 (ਛਤਰਪਾਲ ਸਿੰਘ ) : ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਅੱਜ 7 ਨਵੰਬਰ ਨੂੰ ਦੁਪਹਿਰ ਸਮੇਂ ਮਾਨਸਾ ਵਿਖੇ ਉਨ੍ਹਾਂ ਦੇ ਜੱਦੀ ਖੇਤਾਂ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ ਤੋਂ ਬਾਅਦ 25ਵੇਂ ਦਿਨ ਚੰਡੀਗੜ੍ਹ ਦੇ ਪੀ.ਜੀ.ਆਈ. ਵਿੱਚ ਡਾਕਟਰੀ ਟੀਮ ਵੱਲੋਂ ਪੋਸਟਮਾਰਟਮ ਦੀ ਕਾਰਵਾਈ ਪੂਰੀ ਕੀਤੀ ਗਈ। ਜਾਣਕਾਰੀ ਅਨੁਸਾਰ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ 5 ਅਤੇ 6 ਨਵੰਬਰ ਦੀ ਦਰਮਿਆਨੀ ਰਾਤ ਨੂੰ ਚੰਡੀਗੜ੍ਹ ਪੀ.ਜੀ.ਆਈ. ਪਹੁੰਚਾਈ ਗਈ ਸੀ। ਇੱਥੇ ਪੰਜ ਡਾਕਟਰਾਂ ਦੀ ਟੀਮ ਨੇ ਡਿਊਟੀ ਮੈਜਿਸਟ੍ਰੇਟ ਅਤੇ ਐੱਸ.ਡੀ.ਐੱਮ. ਚੰਡੀਗੜ੍ਹ ਸੈਂਟਰਲ ਡਾ. ਅਤੁਲ ਦੀ ਨਿਗਰਾਨੀ ਹੇਠ ਪੋਸਟਮਾਰਟਮ ਕੀਤਾ। ਲੋੜੀਂਦੀ ਕਾਗਜ਼ੀ ਕਾਰਵਾਈ ਵਿੱਚ ਸਮਾਂ ਲੱਗਣ ਕਾਰਨ ਪੋਸਟਮਾਰਟਮ ਦੀ ਪ੍ਰਕਿਰਿਆ ਦੇਰ ਨਾਲ ਸ਼ੁਰੂ ਹੋ ਸਕੀ।
ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਫੌਜੀ ਨੇ ਦੱਸਿਆ ਕਿ ਪਰਿਵਾਰ ਨੇ ਉਨ੍ਹਾਂ ਦਾ ਅੰਤਿਮ ਸਸਕਾਰ ਆਪਣੇ ਜੱਦੀ ਖੇਤਾਂ ਵਿੱਚ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਪਿਤਾ ਭੀਮ ਸਿੰਘ, ਮਾਤਾ ਅਮਰਜੀਤ ਕੌਰ ਅਤੇ ਪਤਨੀ ਮਨਪ੍ਰੀਤ ਕੌਰ ਨੇ ਸੋਸ਼ਲ ਮੀਡੀਆ ‘ਤੇ ਹੋ ਰਹੀਆਂ ਉਨ੍ਹਾਂ ਟਿੱਪਣੀਆਂ ‘ਤੇ ਸਖ਼ਤ ਇਤਰਾਜ਼ ਜਤਾਇਆ, ਜਿਨ੍ਹਾਂ ਵਿੱਚ ਪਰਿਵਾਰ ਵੱਲੋਂ ਦੋ ਕਰੋੜ ਰੁਪਏ ਅਤੇ ਨੌਕਰੀ ਲੈ ਕੇ ਸਮਝੌਤਾ ਕਰਨ ਦੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ। ਪਰਿਵਾਰ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਲਾਲਚ ਅੱਗੇ ਨਹੀਂ ਝੁਕਣਗੇ।
ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਪਰਵਿੰਦਰ ਝੋਟਾ ਨੂੰ ਸੁਰੱਖਿਆ ਦੀ ਲੋੜ ਸੀ, ਉਸ ਸਮੇਂ ਉਨ੍ਹਾਂ ਨੂੰ ਗਨਮੈਨ ਮੁਹੱਈਆ ਨਹੀਂ ਕਰਵਾਏ ਗਏ, ਪਰ ਹੁਣ ਪਰਿਵਾਰ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪਰਿਵਾਰ ਨੇ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਨੇ ਅੰਨ-ਜਲ ਤਿਆਗ ਦਿੱਤਾ ਹੈ ਅਤੇ ਨਸ਼ਿਆਂ ਖ਼ਿਲਾਫ਼ ਪਰਵਿੰਦਰ ਝੋਟਾ ਵੱਲੋਂ ਸ਼ੁਰੂ ਕੀਤੀ ਗਈ ਲੜਾਈ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਸਰਕਾਰ ਤੋਂ ਨਾ ਕਿਸੇ ਤਰ੍ਹਾਂ ਦੀ ਆਰਥਿਕ ਮਦਦ ਚਾਹੀਦੀ ਹੈ ਅਤੇ ਨਾ ਹੀ ਕੋਈ ਸਰਕਾਰੀ ਨੌਕਰੀ। ਇਸ ਦੌਰਾਨ ਮਾਨਸਾ ਦੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨੇੜੇ ਸਿਰਸਾ-ਲੁਧਿਆਣਾ ਮੁੱਖ ਮਾਰਗ ‘ਤੇ ਪਰਵਿੰਦਰ ਝੋਟਾ ਦੇ ਸਮਰਥਨ ਵਿੱਚ ਚੱਲ ਰਿਹਾ ਧਰਨਾ ਵੀ 25ਵੇਂ ਦਿਨ ਜਾਰੀ ਰਿਹਾ। ਧਰਨਾਕਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ।
