ਪਟਿਆਲਾ:17ਜੁਲਾਈ (ਸੰਦੀਪ ਕੌਰ):ਪਟਿਆਲਾ ਨਗਰ ਨਿਗਮ ਦੇ ਅਕਾਊਂਟ ਵਿਭਾਗ ਵਿੱਚ ਤਾਇਨਾਤ ਇੱਕ ਕਲਰਕ ਨੂੰ ਕਥਿਤ ਵਿੱਤੀ ਬੇਨਿਯਮੀਆਂ ਦੇ ਮਾਮਲੇ ਵਿੱਚ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪਟਿਆਲਾ ਦੀ ਟੀਮ ਨੇ ਨਿਗਮ ਦਫ਼ਤਰ ਪਹੁੰਚ ਕੇ ਅਮਨਦੀਪ ਸਿੰਘ ਨਾਮਕ ਮੁਲਾਜ਼ਮ ਨੂੰ ਪੁੱਛਗਿੱਛ ਲਈ ਆਪਣੇ ਨਾਲ ਲੈ ਗਈ।
ਸੂਤਰਾਂ ਮੁਤਾਬਕ ਇਹ ਮਾਮਲਾ ਪ੍ਰਧਾਨ ਮੰਤਰੀ ਆਵਾਸ ਯੋਜਨਾ ਨਾਲ ਸਬੰਧਤ ਫੰਡਾਂ ਵਿੱਚ ਕਥਿਤ ਗੜਬੜੀ ਨਾਲ ਜੁੜਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਯੋਜਨਾ ਦੇ ਲਾਭਪਾਤਰੀਆਂ ਨੂੰ ਜਾਰੀ ਕੀਤੀ ਜਾਣ ਵਾਲੀ ਰਕਮ ਵਿੱਚ ਗਲਤ ਤਰੀਕੇ ਨਾਲ ਹੇਰ-ਫੇਰ ਹੋਣ ਦੇ ਸੰਕੇਤ ਮਿਲੇ ਹਨ, ਜਿਸ ਤੋਂ ਬਾਅਦ ਨਿਗਮ ਪ੍ਰਸ਼ਾਸਨ ਨੇ ਅੰਦਰੂਨੀ ਜਾਂਚ ਸ਼ੁਰੂ ਕੀਤੀ।
ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਦੇ ਧਿਆਨ ਵਿੱਚ ਮਾਮਲਾ ਆਉਣ ਉਪਰੰਤ ਇਸ ਸਬੰਧੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ। ਮੇਅਰ ਕੁੰਦਨ ਗੋਗੀਆ ਨੇ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾ ਰਹੀ ਹੈ।
ਪ੍ਰਾਰੰਭਿਕ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਪਿਛਲੇ ਦੋ ਸਾਲਾਂ ਵਿੱਚ ਲਗਭਗ 74 ਲੱਖ ਰੁਪਏ ਦੀ ਕਥਿਤ ਗੜਬੜੀ ਹੋ ਸਕਦੀ ਹੈ। ਨਿਗਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਅਜੇ ਜਾਰੀ ਹੈ ਅਤੇ ਰਕਮ ਦਾ ਅੰਕੜਾ ਹੋਰ ਵੱਧਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਉਧਰ ਪੁਲੀਸ ਅਧਿਕਾਰੀਆਂ ਨੇ ਕਿਹਾ ਹੈ ਕਿ ਸਾਰੇ ਰਿਕਾਰਡਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕਿਸੇ ਵੀ ਵਿਅਕਤੀ ਦੀ ਭੂਮਿਕਾ ਜਾਂ ਜ਼ਿੰਮੇਵਾਰੀ ਬਾਰੇ ਅਧਿਕਾਰਤ ਤੌਰ ’ਤੇ ਕੁਝ ਕਿਹਾ ਜਾਵੇਗਾ।







