ਬਰਸਾਤੀ ਪਾਣੀ ਦੀ ਸਮੱਸਿਆ ਤੋਂ ਪਟਿਆਲਾ ਨੂੰ ਮਿਲੇਗੀ ਸਥਾਈ ਰਾਹਤ, ਸਿਹਤ ਮੰਤਰੀ ਤੇ ਡੀ.ਸੀ. ਨੇ ਲਿਆ ਡਰੇਨੇਜ ਪ੍ਰਬੰਧਾਂ ਦਾ ਜਾਇਜ਼ਾ

ਪਟਿਆਲਾ, 30 ਜੂਨ: (ਵਿਸ਼ਾਲ ਗੁਪਤਾ) : ਮਾਨਸੂਨ ਦੀ ਆਮਦ ਨੂੰ ਦੇਖਦਿਆਂ ਪਟਿਆਲਾ ਸ਼ਹਿਰ ਨੂੰ ਜਲ-ਥਲ ਦੀ ਸਮੱਸਿਆ ਤੋਂ ਬਚਾਉਣ ਲਈ ਪੰਜਾਬ ਸਰਕਾਰ ਨੇ ਕਮਰ ਕੱਸ ਲਈ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਦੇ ਡਰੇਨੇਜ ਸਿਸਟਮ ਦੀ जमीनी ਹਕੀਕਤ ਜਾਣੀ।
ਸਿਹਤ ਮੰਤਰੀ ਨੇ ਵੱਡੀ ਨਦੀ, ਛੋਟੀ ਨਦੀ ਅਤੇ ਮੁੱਖ ਨਿਕਾਸੀ ਨਾਲਿਆਂ ਦਾ ਖ਼ੁਦ ਦੌਰਾ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਨਿਕਾਸੀ ਦੇ ਕੰਮਾਂ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਪਟਿਆਲਾ ਵਾਸਿਆਂ ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਸਥਾਈ ਨਿਜਾਤ ਦਿਵਾਉਣ ਲਈ ਵਚਨਬੱਧ ਹੈ।”
ਦੂਜੇ ਪਾਸੇ, ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ ਨੇ ਭਰੋਸਾ ਦਿੱਤਾ ਕਿ ਸੰਵੇਦਨਸ਼ੀਲ ਇਲਾਕਿਆਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਜੰਗੀ ਪੱਧਰ ‘ਤੇ ਕੰਮ ਚੱਲ ਰਿਹਾ ਹੈ ਤਾਂ ਜੋ ਮਾਨਸੂਨ ਦੌਰਾਨ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਿਆ ਜਾ ਸਕੇ। ਇਸ ਮੌਕੇ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਮਿਸ ਅਰਪਿਤਾ ਅਤੇ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਵੀ ਮੌਜੂਦ ਸਨ।








