Home ਪਟਿਆਲਾ ਅਪਡੇਟ ਵਾਰਿਸ ਪੰਜਾਬ ਦੇ’ ਦੇ ਮੁੱਦਿਆਂ ਨਾਲ ਪੰਜਾਬ ਵਾਸੀਆਂ ਨੂੰ ਉਮੀਦ, ਅੰਮ੍ਰਿਤਪਾਲ ਸਿੰਘ...

ਵਾਰਿਸ ਪੰਜਾਬ ਦੇ’ ਦੇ ਮੁੱਦਿਆਂ ਨਾਲ ਪੰਜਾਬ ਵਾਸੀਆਂ ਨੂੰ ਉਮੀਦ, ਅੰਮ੍ਰਿਤਪਾਲ ਸਿੰਘ ਨੂੰ CM ਚਿਹਰਾ ਮੰਨ ਚੁੱਕੇ ਲੋਕ: ਕੁਲਵਿੰਦਰ ਸਿੰਘ ਭੁਨਰਹੇੜੀ

Kulwinder Singh Bhunraheri highlights public expectations from Waris Punjab De and Amritpal Singh’s growing political appeal in Punjab.

0

ਪਟਿਆਲਾ, 7 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸੀਨੀਅਰ ਸਿਆਸੀ ਆਗੂ ਅਤੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਭੁਨਰਹੇੜੀ ਨੇ ਕਿਹਾ ਕਿ ਪੰਜਾਬ ਦੇ ਲੋਕ ਪਾਰਟੀ ਵੱਲੋਂ ਉਠਾਏ ਜਾ ਰਹੇ ਪੰਥਕ ਅਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਉਮੀਦ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪੰਥਕ ਮੁੱਦਿਆਂ ਅਤੇ ਸਿੱਖ ਸੰਸਥਾਵਾਂ ਵਿੱਚ ਸੁਧਾਰ, ਬੰਦੀ ਸਿੰਘਾਂ ਦੀ ਰਿਹਾਈ, ਨਸ਼ਾ-ਮੁਕਤ ਪੰਜਾਬ, ਨੌਜਵਾਨਾਂ ਲਈ ਰੋਜ਼ਗਾਰ, ਕਿਸਾਨੀ ਅਤੇ ‘ਨਸਲਾਂ-ਫ਼ਸਲਾਂ’ ਦੀ ਸੰਭਾਲ, ਪੰਜਾਬ ਦੇ ਪਾਣੀ ਅਤੇ ਵਾਤਾਵਰਨ ਦੀ ਰੱਖਿਆ, ਗੁਣਵੱਤਾ ਵਾਲੀ ਸਿੱਖਿਆ ਤੇ ਸਿਹਤ, ਮਹਿਲਾਵਾਂ ਅਤੇ ਕਮਜ਼ੋਰ ਵਰਗਾਂ ਦੀ ਸਮਾਜਿਕ-ਆਰਥਿਕ ਸੁਰੱਖਿਆ, ਭ੍ਰਿਸ਼ਟਾਚਾਰ ਵਿਰੋਧੀ ਪਾਰਦਰਸ਼ੀ ਪ੍ਰਸ਼ਾਸਨ ਅਤੇ ਪੰਜਾਬੀ ਸੱਭਿਆਚਾਰ ਤੇ ਵਿਰਾਸਤ ਦੀ ਸੰਭਾਲ ਵਰਗੇ ਮੁੱਦਿਆਂ ਨੂੰ ਤਰਜੀਹ ਦਿੱਤੀ ਗਈ ਹੈ।

ਕੁਲਵਿੰਦਰ ਸਿੰਘ ਭੁਨਰਹੇੜੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਇਸ ਮਾਮਲੇ ਦੀ ਚਿੰਤਾ ਵਿੱਚ ਹੈ। ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਲਾਕਾ ਵਾਸੀਆਂ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਪ੍ਰਤੀ ਦਿਖਾਈ ਦੇ ਰਹੇ ਉਤਸ਼ਾਹ ਨੂੰ ਮੱਦੇਨਜ਼ਰ ਰੱਖਦਿਆਂ ਉਹ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਜੁਝਾਰੂ ਅਤੇ ਪੁਰਾਣੇ ਵਰਕਰਾਂ ਵਿਚਕਾਰ ਪੈਦਾ ਹੋਈਆਂ ਵਿਚਾਰਕ ਭਿੰਨਤਾਵਾਂ ਨੂੰ ਦੂਰ ਕਰਨ ਅਤੇ ਆਪਸੀ ਤਾਲਮੇਲ ਮਜ਼ਬੂਤ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਪਾਰਟੀ ਨਾਲ ਜੁੜੇ ਪੁਰਾਣੇ ਅਤੇ ਸਰਗਰਮ ਵਰਕਰਾਂ ਨੂੰ ਇੱਕ ਮੰਚ ’ਤੇ ਲਿਆ ਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਅਤੇ ਪੰਜਾਬ ਨਾਲ ਸਬੰਧਤ ਮੁੱਦਿਆਂ ਨੂੰ ਇਕਜੁੱਟਤਾ ਨਾਲ ਉਠਾਉਣਾ ਹੈ।

ਸਾਬਕਾ ਸਰਪੰਚ ਨੇ ਅੰਮ੍ਰਿਤਪਾਲ ਸਿੰਘ ’ਤੇ ਲਗਾਈ ਗਈ NSA ਦੀ ਮਿਆਦ ਨੂੰ ਲੈ ਕੇ ਵੀ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੂੰ 2023 ਵਿੱਚ NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ ਅਤੇ ਇਸ ਤੋਂ ਬਾਅਦ ਇਸ ਦੀ ਮਿਆਦ ਵਧਾਈ ਜਾਂਦੀ ਰਹੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਹਵਾਲਾ ਦਿੰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅੰਮ੍ਰਿਤਪਾਲ ਸਿੰਘ ਦੀ NSA ਮਿਆਦ ਹੋਰ ਵਧਾਉਣ ਸਬੰਧੀ ਪੱਤਰ ਭੇਜੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਸਾਬਕਾ ਸਰਪੰਚ ਨੇ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਵੱਲੋਂ ਚੁਣੇ ਗਏ ਨੁਮਾਇੰਦੇ ਦੇ ਲੋਕਤੰਤਰਿਕ ਮੰਡੇਟ ਦਾ ਸਨਮਾਨ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵੀ ਲੋਕਾਂ ਦੇ ਵੱਡੇ ਵੋਟ-ਮੰਡੇਟ ਨਾਲ ਚੁਣੇ ਗਏ ਹਨ ਅਤੇ ਉਨ੍ਹਾਂ ਵਿਰੁੱਧ ਚੱਲ ਰਹੇ ਮਾਮਲਿਆਂ ਦਾ ਨਿਰਣਾ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੋਣਾ ਚਾਹੀਦਾ ਹੈ।

ਉਨ੍ਹਾਂ ਸਵਾਲ ਕੀਤਾ ਕਿ ਜਦੋਂ ਕਈ ਚੁਣੇ ਹੋਏ ਨੁਮਾਇੰਦਿਆਂ ਅਤੇ ਸਰਕਾਰੀ ਅਧਿਕਾਰੀਆਂ ਵਿਰੁੱਧ ਵੱਖ-ਵੱਖ ਮਾਮਲੇ ਵਿਚਾਰ ਅਧੀਨ ਰਹਿੰਦੇ ਹਨ ਤਾਂ ਅੰਮ੍ਰਿਤਪਾਲ ਸਿੰਘ ਨਾਲ ਵੱਖਰਾ ਵਿਹਾਰ ਕਿਉਂ ਕੀਤਾ ਜਾ ਰਿਹਾ ਹੈ। ਸਾਬਕਾ ਸਰਪੰਚ ਕੁਲਵਿੰਦਰ ਸਿੰਘ ਭੁਨਰਹੇੜੀ ਨੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਪੰਜਾਬੀਅਤ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਵਾਲੀ ਇੱਕ ਮਹੱਤਵਪੂਰਨ ਸਿਆਸੀ ਆਵਾਜ਼ ਦੱਸਦਿਆਂ ਕਿਹਾ ਕਿ ਉਨ੍ਹਾਂ ਅਨੁਸਾਰ ਪੰਜਾਬ ਦੇ ਮੌਜੂਦਾ ਸਮਾਜਿਕ ਅਤੇ ਸਿਆਸੀ ਮਾਹੌਲ ਨੂੰ ਬਦਲਣ ਵਿੱਚ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਅਹਿਮ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਦੀ ਵੱਖ-ਵੱਖ ਮੁੱਦਿਆਂ ’ਤੇ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਆਪਣੇ ਮੁੱਦਿਆਂ ਅਤੇ ਆਪਣੀ ਰਾਇ ਦੇ ਆਧਾਰ ’ਤੇ ਫ਼ੈਸਲਾ ਕਰਨਗੇ।

Exit mobile version