ਸੁਨਾਮ, 22 ਅਗਸਤ, 2026 (ਹਰਸ਼ਪ੍ਰੀਤ ਕੌਰ) : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਸ੍ਰੀ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਸੁਨਾਮ-1 ਬਲਾਕ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਨਸ਼ਾ ਮੁਕਤ ਜਾਗਰੂਕਤਾ ਅਭਿਆਨ ਚਲਾਇਆ ਗਿਆ। ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ, ਮਾਪਿਆਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਪਰਿਵਾਰਕ ਮੈਂਬਰਾਂ ਅਤੇ ਬੱਚਿਆਂ ਦੀਆਂ ਗਤੀਵਿਧੀਆਂ ’ਤੇ ਧਿਆਨ ਦੇਣ ਅਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਜਾਗਰੂਕਤਾ ਗਤੀਵਿਧੀਆਂ ਰਾਹੀਂ “ਨਸ਼ਾ ਮੁਕਤ ਸਮਾਜ—ਸਿਹਤਮੰਦ ਸਮਾਜ” ਦਾ ਸੰਦੇਸ਼ ਦਿੱਤਾ ਗਿਆ। ਬੱਚਿਆਂ ਨੂੰ ਵੀ ਸਦਾ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸੁਨਾਮ-1 ਬਲਾਕ ਦੀ ਸੀ.ਡੀ.ਪੀ.ਓ. ਸ੍ਰੀਮਤੀ ਰੇਖਾ ਰਾਣੀ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਅਭਿਆਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਗਿਆ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ।






