ਪਟਿਆਲਾ,21 ਜੁਲਾਈ, 2026 (ਦੀਪਕ ਦੱਤਾ): ਸ਼ਹਿਰ ਵਾਸੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਉਦੇਸ਼ ਨਾਲ ਨਗਰ ਨਿਗਮ ਪਟਿਆਲਾ ਵੱਲੋਂ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਇਸ ਸ਼ੁੱਕਰਵਾਰ ਵਿਸ਼ੇਸ਼ ਲੋਕ-ਸੁਵਿਧਾ ਕੈਂਪ ਦਾ ਨਗਰ ਨਿਗਮ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਨਗਰ ਨਿਗਮ ਦੀ ਬਿਲਡਿੰਗ ਸ਼ਾਖਾ ਅਤੇ ਵਾਟਰ ਸਪਲਾਈ ਤੇ ਸੀਵਰੇਜ ਵਿਭਾਗ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।
ਮੇਅਰ ਨੇ ਦੱਸਿਆ ਕਿ ਨਗਰ ਨਿਗਮ ਦੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਪਾਰਦਰਸ਼ੀ, ਤੇਜ਼ ਅਤੇ ਜਵਾਬਦੇਹ ਪ੍ਰਸ਼ਾਸਨ ਦਿੱਤਾ ਜਾਵੇ। ਇਸ ਲਈ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ ਅਤੇ ਜਿੱਥੇ ਸੰਭਵ ਹੋਵੇ, ਉਸੇ ਸਮੇਂ ਹੱਲ ਕੀਤਾ ਜਾਵੇ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ-ਸੁਵਿਧਾ ਕੈਂਪ ਲਗਾਤਾਰ ਲਗਾਏ ਜਾਣਗੇ ਤਾਂ ਜੋ ਨਗਰ ਨਿਗਮ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਸੰਪਰਕ ਬਣਿਆ ਰਹੇ ਅਤੇ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਗੁਣਵੱਤਾ ਵਾਲੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਅਜਿਹੀਆਂ ਪਹਿਲਾਂ ਨਾਲ ਲੋਕਾਂ ਦਾ ਨਗਰ ਨਿਗਮ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਵੇਗਾ ਅਤੇ ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।








