ਮੰਤਰੀ ਬਰਿੰਦਰ ਗੋਇਲ ਨੇ ਦਿਖਾਈਆਂ ਬੱਸਾਂ ਨੂੰ ਹਰੀ ਝੰਡੀ
ਲਹਿਰਾਗਾਗਾ, 4 ਜੁਲਾਈ: (ਜਗਦੇਵ ਰੰਚਨਾਂ): ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਲਹਿਰਾਗਾਗਾ ਹਲਕੇ ਦੇ ਪਿੰਡ ਆਲਮਪੁਰ, ਅਲੀਸ਼ੇਰ ਅਤੇ ਗੁਰਨੇ ਕਲਾਂ ਤੋਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ। ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਅਤੇ ਉਨ੍ਹਾਂ ਦੇ ਬੇਟੇ ਐਡਵੋਕੇਟ ਗੌਰਵ ਗੋਇਲ ਨੇ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ।

ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਲੋਕਾਂ ਨੂੰ ਜੋੜਨਾ ਪੰਜਾਬ ਸਰਕਾਰ ਦੀ ਤਰਜੀਹ
ਇਸ ਮੌਕੇ ਪਿੰਡ ਵਾਸੀਆਂ ਅਤੇ ਸ਼ਰਧਾਲੂਆਂ ਨੇ ਮੰਤਰੀ ਗੋਇਲ ਦਾ ਨਿੱਘਾ ਸਵਾਗਤ ਕੀਤਾ। ਯਾਤਰਾ ‘ਤੇ ਜਾ ਰਹੇ ਬਜ਼ੁਰਗਾਂ ਅਤੇ ਹੋਰ ਯਾਤਰੀਆਂ ਨਾਲ ਗੱਲਬਾਤ ਕਰਦਿਆਂ ਬਰਿੰਦਰ ਗੋਇਲ ਨੇ ਕਿਹਾ ਕਿ ਇਹ ਯੋਜਨਾ ਲੋਕਾਂ ਨੂੰ ਆਪਣੇ ਧਰਮ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਲਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਰਾਹੀਂ ਖ਼ਾਸ ਕਰਕੇ ਸੀਨੀਅਰ ਨਾਗਰਿਕਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਦੇਸ਼ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।
ਮੰਤਰੀ ਗੋਇਲ ਨੇ ਕਿਹਾ ਕਿ ਸਾਲ 2023 ਵਿੱਚ ਸ਼ੁਰੂ ਕੀਤੀ ਗਈ ਇਸ ਯੋਜਨਾ ਦਾ ਲਾਭ ਹਰ ਧਰਮ ਅਤੇ ਹਰ ਵਰਗ ਦੇ ਯੋਗ ਨਾਗਰਿਕਾਂ ਨੂੰ ਬਰਾਬਰੀ ਦੇ ਅਧਾਰ ‘ਤੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਏਅਰ ਕੰਡੀਸ਼ਨਡ ਬੱਸਾਂ, ਰਹਿਣ-ਸਹਿਣ, ਭੋਜਨ ਅਤੇ ਮੁੱਢਲੀਆਂ ਡਾਕਟਰੀ ਸਹੂਲਤਾਂ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਝੱਲਿਆ ਜਾਂਦਾ ਹੈ।
ਯਾਤਰਾ ਦਾ ਸਾਰਾ ਖ਼ਰਚਾ ਸਰਕਾਰ ਕਰ ਰਹੀ ਹੈ
ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਧਾਰਮਿਕ ਯਾਤਰਾਵਾਂ ਕਰਵਾਉਣਾ ਹੀ ਨਹੀਂ, ਸਗੋਂ ਸੂਬੇ ਦੀ ਸਾਂਝੀ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨੂੰ ਮਜ਼ਬੂਤ ਕਰਨਾ ਵੀ ਹੈ। ਇਸ ਯੋਜਨਾ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਨੂੰ ਵੀ ਉਨ੍ਹਾਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜਿੱਥੇ ਉਹ ਸ਼ਾਇਦ ਆਪਣੇ ਖ਼ਰਚੇ ‘ਤੇ ਨਹੀਂ ਜਾ ਸਕਦੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਰਿੰਦਰ ਗੋਇਲ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਲੋਕ ਭਲਾਈ ਅਤੇ ਸਮਾਜਿਕ ਏਕਤਾ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਵਿਕਾਸ ਅਤੇ ਲੋਕ-ਹਿੱਤ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ।
ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪਾਰਟੀ ਆਗੂਆਂ, ਵਲੰਟੀਅਰਾਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।