ਨਵੀਂ ਦਿੱਲੀ, 1 ਸਤੰਬਰ, 2026 (ਰਾਜੇਸ਼ ਕੁਮਾਰ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਭਾਰਤੀ ਅਰਥਵਿਵਸਥਾ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਟਿੱਪਣੀਆਂ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕੁਝ ਲੋਕ ਤੱਥਾਂ ਦੀ ਬਜਾਏ ‘ਝੂਠ ਦੀ ਗੂੰਜ’ ਫੈਲਾਉਣ ਦਾ ਕੰਮ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਅਪ੍ਰੈਲ ਤੋਂ ਜੂਨ ਤੱਕ ਚਾਲੂ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਵਿੱਚ ਭਾਰਤੀ ਅਰਥਵਿਵਸਥਾ ਦੀ 7.8 ਫੀਸਦੀ ਵਿਕਾਸ ਦਰ ਦਾ ਜ਼ਿਕਰ ਕਰਦਿਆਂ ਇਸ ਨੂੰ ਦੇਸ਼ ਦੀ ਮਜ਼ਬੂਤ ਆਰਥਿਕ ਸਥਿਤੀ ਦਾ ਸੰਕੇਤ ਦੱਸਿਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਅਰਥਵਿਵਸਥਾ ਨੂੰ ਮਜ਼ਬੂਤ ਬਣਾਉਣ ਵਿੱਚ ਭਾਰਤ ਦੇ ਲੋਕਾਂ ਨੇ ਬਹੁਤ ਵੱਡਾ ਯੋਗਦਾਨ ਪਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੀ ਜਨਤਾ ਦੀ ਮਿਹਨਤ ਅਤੇ ਯਤਨਾਂ ਸਦਕਾ ਭਾਰਤ ਲਗਾਤਾਰ ਵਿਕਾਸ ਦੇ ਰਾਹ ’ਤੇ ਅੱਗੇ ਵੱਧ ਰਿਹਾ ਹੈ। PM ਮੋਦੀ ਨੇ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਝ ਲੋਕ ਦੇਸ਼ ਦੀ ਆਰਥਿਕ ਤਰੱਕੀ ਬਾਰੇ ਗਲਤ ਧਾਰਨਾ ਪੈਦਾ ਕਰਨ ਲਈ ਲਗਾਤਾਰ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਸਲ ਤਸਵੀਰ ਅੰਕੜਿਆਂ ਅਤੇ ਦੇਸ਼ ਦੀ ਵਿਕਾਸ ਦਰ ਤੋਂ ਸਪੱਸ਼ਟ ਹੁੰਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੀ ਆਰਥਿਕ ਤਰੱਕੀ ਵਿੱਚ ਆਮ ਨਾਗਰਿਕਾਂ, ਕਿਸਾਨਾਂ, ਮਜ਼ਦੂਰਾਂ, ਉਦਯੋਗਪਤੀਆਂ ਅਤੇ ਨੌਜਵਾਨਾਂ ਸਮੇਤ ਸਮਾਜ ਦੇ ਹਰ ਵਰਗ ਦੀ ਭੂਮਿਕਾ ਅਹਿਮ ਹੈ।







