ਨਵੀਂ ਦਿੱਲੀ, 15 ਅਗਸਤ 2026 (ਰਾਜੇਸ਼ ਕੁਮਾਰ) : 80ਵੇਂ ਆਜ਼ਾਦੀ ਦਿਵਸ ਮੌਕੇ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਜਵਾਨਾਂ ਲਈ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਦੇਸ਼ ਦੇ 1 ਕਰੋੜ ਨੌਜਵਾਨਾਂ ਨੂੰ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਨੂੰ ਮੁਫ਼ਤ ਆਨਲਾਈਨ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। PM ਮੋਦੀ ਨੇ ਕਿਹਾ ਕਿ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਦੇਸ਼ ਦੇ ਨੌਜਵਾਨਾਂ ਦੀ ਸਭ ਤੋਂ ਵੱਡੀ ਭੂਮਿਕਾ ਹੋਵੇਗੀ। ਉਨ੍ਹਾਂ ਨੇ ਤਕਨਾਲੋਜੀ, AI, ਰੋਬੋਟਿਕਸ, ਕਵਾਂਟਮ ਟੈਕਨਾਲੋਜੀ, ਸਪੇਸ ਅਤੇ ਡਾਟਾ ਸੈਂਟਰਾਂ ਵਰਗੇ ਖੇਤਰਾਂ ਵਿੱਚ ਭਾਰਤ ਨੂੰ ਵਿਸ਼ਵ ਪੱਧਰੀ ਇਨੋਵੇਸ਼ਨ ਹੱਬ ਬਣਾਉਣ ’ਤੇ ਜ਼ੋਰ ਦਿੱਤਾ।ਪ੍ਰਧਾਨ ਮੰਤਰੀ ਨੇ ਦੇਸ਼ ਵਿਆਪੀ ਸਪੋਰਟਸ ਟੈਲੈਂਟ ਹੰਟ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਇਸ ਤਹਿਤ 5 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਦੀ ਪ੍ਰਤਿਭਾ ਦੀ ਪਛਾਣ ਕਰਕੇ ਉਨ੍ਹਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਤਿਆਰ ਕੀਤਾ ਜਾਵੇਗਾ। ਉਨ੍ਹਾਂ ਆਧੁਨਿਕ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਲਈ ਦੇਸ਼ ਵਿੱਚ ਇੱਕ ਮਜ਼ਬੂਤ ਅਤੇ ਆਧੁਨਿਕ ਸਿਵਲ ਡਿਫੈਂਸ ਨੈੱਟਵਰਕ ਬਣਾਉਣ ਦੀ ਗੱਲ ਵੀ ਕਹੀ। ਇਸ ਵਿੱਚ ਆਧੁਨਿਕ ਤਕਨਾਲੋਜੀ ਅਤੇ ਸਿਖਲਾਈ ਨਾਲ ਲੈਸ ਵਲੰਟੀਅਰ ਫੋਰਸ ਤਿਆਰ ਕੀਤੀ ਜਾਵੇਗੀ।
ਸੈਮੀਕੰਡਕਟਰ ਅਤੇ ਪਰਮਾਣੂ ਊਰਜਾ ’ਤੇ ਵੀ ਵੱਡੇ ਟੀਚੇ
PM ਮੋਦੀ ਨੇ ਕਿਹਾ ਕਿ ਅਗਲੇ ਇੱਕ ਤੋਂ ਦੋ ਸਾਲਾਂ ਵਿੱਚ ਦੇਸ਼ ਵਿੱਚ 7 ਤੋਂ 8 ਨਵੇਂ ਸੈਮੀਕੰਡਕਟਰ ਪਲਾਂਟ ਚਾਲੂ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਭਾਰਤ ਨੇ 2047 ਤੱਕ 100 GW ਪਰਮਾਣੂ ਊਰਜਾ ਸਮਰੱਥਾ ਹਾਸਲ ਕਰਨ ਦਾ ਟੀਚਾ ਰੱਖਿਆ ਹੈ ਅਤੇ ਅਗਲੇ 6-7 ਸਾਲਾਂ ਵਿੱਚ ਪੰਜ ਨਵੇਂ ਪਰਮਾਣੂ ਰਿਐਕਟਰ ਚਾਲੂ ਕਰਨ ਦੀ ਯੋਜਨਾ ਹੈ। ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਲਈ ਸੱਤ ਮੁੱਖ ਖੇਤਰਾਂ ’ਤੇ ਧਿਆਨ ਦੇਣ ਦੀ ਲੋੜ ਦੱਸੀ, ਜਿਨ੍ਹਾਂ ਵਿੱਚ ਮੈਨੂਫੈਕਚਰਿੰਗ, ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ, ਤਕਨਾਲੋਜੀ, ਇਨੋਵੇਸ਼ਨ ਅਤੇ ਡਿਜੀਟਲ ਤਕਨਾਲੋਜੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੁਕਤ ਵਪਾਰ ਸਮਝੌਤਿਆਂ (FTAs) ਕਾਰਨ ਭਾਰਤੀ ਕਿਸਾਨਾਂ ਲਈ ਦੁਨੀਆ ਦੇ ਵੱਡੇ ਬਾਜ਼ਾਰ ਖੁੱਲ੍ਹ ਰਹੇ ਹਨ। ਉਨ੍ਹਾਂ ਰਵਾਇਤੀ ਭਾਰਤੀ ਖਾਣਿਆਂ, ਮੋਟੇ ਅਨਾਜ, ਮਸਾਲਿਆਂ, ਫਲਾਂ ਅਤੇ ਫੁੱਲਾਂ ਨੂੰ ਗਲੋਬਲ ਬ੍ਰਾਂਡ ਬਣਾਉਣ ’ਤੇ ਜ਼ੋਰ ਦਿੱਤਾ। PM ਮੋਦੀ ਨੇ ਕਿਹਾ ਕਿ ਭਾਰਤ ਨੇ 2047 ਤੱਕ ਵਿਕਸਿਤ ਰਾਸ਼ਟਰ ਬਣਨ ਦਾ ਸੁਪਨਾ ਦੇਖਿਆ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਦੇਸ਼ ਦੇ ਨੌਜਵਾਨਾਂ ਨੂੰ ਕੇਂਦਰ ਵਿੱਚ ਰੱਖ ਕੇ ਤੇਜ਼ੀ ਨਾਲ ਅੱਗੇ ਵਧਣਾ ਹੋਵੇਗਾ। ਉਨ੍ਹਾਂ ਦੇਸ਼ ਵਾਸੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਹਕੀਕਤ ਵਿੱਚ ਬਦਲਣ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।







