ਸਨੌਰ, 14 ਨਵੰਬਰ, 2026 (ਪਟਵਾਰੀ ਸਿੱਧੂ ) : ਵਿਧਾਨ ਸਭਾ ਹਲਕਾ ਸਨੌਰ-114 ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਸਨੌਰ ਸ਼ਹਿਰ ਦੇ ਵਾਰਡ ਨੰਬਰ 12 ਸਥਿਤ ਈਸ਼ਵਰ ਨਗਰ ਵਿਖੇ ਭਾਜਪਾ ਵੱਲੋਂ ਇੱਕ ਵਿਸ਼ਾਲ ਸ਼ਮੂਲੀਅਤ ਸਮਾਗਮ ਕਰਵਾਇਆ ਗਿਆ। ਜ਼ਿਲ੍ਹਾ ਉੱਤਰੀ ਪਟਿਆਲਾ ਦੇ ਭਾਜਪਾ ਪ੍ਰਧਾਨ ਜਸਪਾਲ ਸਿੰਘ ਭੰਗੂ, ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਨਗਰ ਕੌਂਸਲ ਸਨੌਰ ਦੇ ਪ੍ਰਧਾਨ ਪ੍ਰਦੀਪ ਸਿੰਘ ਜੋਸ਼ਨ ਦੀ ਅਗਵਾਈ ਹੇਠ ਸਾਬਕਾ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਤੱਖਰ ਦੇ ਗ੍ਰਹਿ ਵਿਖੇ ਕਰਵਾਏ ਗਏ ਇਸ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਨਾਲ ਜੁੜੇ ਵੱਡੀ ਗਿਣਤੀ ਵਿੱਚ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ। ਸਮਾਗਮ ਦੌਰਾਨ ਨਗਰ ਕੌਂਸਲ ਦੇ ਕੌਂਸਲਰਾਂ ਸਮੇਤ ਹਲਕੇ ਦੇ ਕਈ ਪ੍ਰਮੁੱਖ ਵਿਅਕਤੀਆਂ ਨੇ ਭਾਜਪਾ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਵਾਰਡ ਨੰਬਰ 12 ਦੇ ਕੌਂਸਲਰ ਨਰਿੰਦਰ ਸਿੰਘ ਤੱਖਰ, ਵਾਰਡ ਨੰਬਰ 13 ਦੀ ਕੌਂਸਲਰ ਪਿੰਕੀ ਰਾਣੀ ਅਤੇ ਉਨ੍ਹਾਂ ਦੇ ਪਤੀ ਸ਼ੌਕੀਨ ਧਰਮਕੋਟ, ਬਲਵਿੰਦਰ ਸਿੰਘ, ਗੁਰਮੇਲ ਸਿੰਘ, ਯੁਵਰਾਜ ਸਿੰਘ, ਮਹਿਕ ਸਿੰਘ, ਪ੍ਰਭਜੋਤ ਸਿੰਘ, ਮੋਹਿਤ ਥਿੰਦ, ਸੋਹਿਤ ਥਿੰਦ, ਹਰਮਨ ਮਾਹਲ, ਭੁਪਿੰਦਰ ਸਿੰਘ, ਜਸਕਰਨ ਸਿੰਘ ਕਲੇਰ, ਜਸੀ ਉਲਟਪੁਰ ਅਤੇ ਪ੍ਰਮਾਨੰਦ ਸਮੇਤ ਵੱਡੀ ਗਿਣਤੀ ਵਿੱਚ ਵਿਅਕਤੀ ਸ਼ਾਮਲ ਸਨ। ਇਸ ਮੌਕੇ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਉੱਤਰੀ ਪਟਿਆਲਾ ਪ੍ਰਧਾਨ ਜਸਪਾਲ ਸਿੰਘ ਭੰਗੂ ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਰਹਿੰਦਿਆਂ ਸਰਕਾਰ ਦੇ ਕੰਮਕਾਜ ਨੂੰ ਨੇੜਿਓਂ ਦੇਖਿਆ ਹੈ ਅਤੇ ਉੱਥੋਂ ਦੇ ਹਾਲਾਤ ਬਹੁਤ ਮਾੜੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਕੋਲ ਆਪਣੀਆਂ ਪ੍ਰਾਪਤੀਆਂ ਗਿਣਾਉਣ ਲਈ ਕੁਝ ਨਹੀਂ ਹੈ ਅਤੇ ਕਰਜ਼ੇ ਦੇ ਸਹਾਰੇ ਕੰਮ ਚਲਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਕੋਲ ਜੋ ਵੀ ਚੀਜ਼ ਆਉਂਦੀ ਹੈ, ਉਸ ਨੂੰ ਵੇਚਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਵਿਧਾਇਕ ਨੇ ਪੰਜਾਬ ਦੇ ਲੋਕਾਂ ਨੂੰ ਗੁਆਂਢੀ ਸੂਬੇ ਹਰਿਆਣਾ ਦੀ ਭਾਜਪਾ ਸਰਕਾਰ ਦੇ ਕੰਮਕਾਜ ਨਾਲ ਪੰਜਾਬ ਸਰਕਾਰ ਦੀ ਤੁਲਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਆਪਣੇ ਕਾਰਜਕਾਲ ਦੌਰਾਨ 76 ਸੜਕਾਂ ਪਾਸ ਕਰਵਾਉਣ ਦਾ ਦਾਅਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਠੀਕ ਤਰ੍ਹਾਂ ਕੰਮ ਨਹੀਂ ਕਰ ਰਿਹਾ, ਜਦਕਿ ਭਾਜਪਾ ਦਾ ਕਾਰਡ ਚੱਲਦਾ ਹੈ। ਆਪਣੇ ਸਿਆਸੀ ਇਰਾਦੇ ਸਪੱਸ਼ਟ ਕਰਦਿਆਂ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਉਹ ਸਨੌਰ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ ਵੀ ਅਤੇ ਜਿੱਤਣਗੇ ਵੀ। ਉਨ੍ਹਾਂ ਦੇ ਇਸ ਬਿਆਨ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਸਿਆਸੀ ਐਲਾਨ ਵਜੋਂ ਦੇਖਿਆ ਜਾ ਰਿਹਾ ਹੈ।
ਵਿਧਾਨ ਸਭਾ ਹਲਕਾ ਸਨੌਰ-114 ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ
Political Activity Gains Momentum in Sanaur Assembly Constituency Ahead of 2027 Elections
