ਜ਼ੀਰਾ (ਫਿਰੋਜ਼ਪੁਰ), 6 ਸਤੰਬਰ 2026 (ਕਾਜਲ): ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਗੁਰਪ੍ਰੀਤ ਸਿੰਘ ਸੇਖੋਂ ਨੇ ਆਮ ਆਦਮੀ ਪਾਰਟੀ (AAP) ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਨੇ ਐਤਵਾਰ ਨੂੰ ਜ਼ੀਰਾ ਵਿਧਾਨ ਸਭਾ ਹਲਕੇ ਵਿੱਚ ਕਰਵਾਏ ਗਏ ਇੱਕ ਵੱਡੇ ਜਨਤਕ ਸਮਾਗਮ ਦੌਰਾਨ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਦੱਸਿਆ ਜਾ ਰਿਹਾ ਹੈ ਕਿ ਸੇਖੋਂ ਪਹਿਲਾਂ ਗੈਂਗਸਟਰ ਦੁਨੀਆ ਨਾਲ ਜੁੜੇ ਰਹੇ ਸਨ ਅਤੇ ਬਾਅਦ ਵਿੱਚ ਮੁੱਖ ਧਾਰਾ ਵਿੱਚ ਆ ਕੇ ਸਮਾਜ ਸੇਵਾ ਅਤੇ ਸਿਆਸਤ ਦੇ ਖੇਤਰ ਵਿੱਚ ਸਰਗਰਮ ਹੋਏ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੁੱਖ ਮੰਤਰੀ ਮਾਨ ਨੇ ਗੁਰਪ੍ਰੀਤ ਸਿੰਘ ਸੇਖੋਂ ਦਾ AAP ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ। ਸੇਖੋਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਜ਼ੀਰਾ ਹਲਕੇ ਵਿੱਚ ਇੱਕ ਮਹੱਤਵਪੂਰਨ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਅਤੇ ਪਾਰਟੀ ਸਮਰਥਕ ਵੀ ਮੌਜੂਦ ਰਹੇ। ਇਸ ਸਿਆਸੀ ਸ਼ਮੂਲੀਅਤ ਤੋਂ ਬਾਅਦ ਆਉਣ ਵਾਲੇ ਸਮੇਂ ਵਿੱਚ ਜ਼ੀਰਾ ਹਲਕੇ ਦੀ ਸਿਆਸਤ ’ਤੇ ਇਸ ਦੇ ਪ੍ਰਭਾਵ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।
