Home ਦੇਸ਼ 1 ਨਵੰਬਰ ਦੀ INDIA ਗਠਜੋੜ ਦੀ ਰੈਲੀ ਤੋਂ ਪਹਿਲਾਂ ਸਿਆਸੀ ਤਣਾਅ ਵਧਿਆ,...

1 ਨਵੰਬਰ ਦੀ INDIA ਗਠਜੋੜ ਦੀ ਰੈਲੀ ਤੋਂ ਪਹਿਲਾਂ ਸਿਆਸੀ ਤਣਾਅ ਵਧਿਆ, ਪਵਨ ਖੇੜਾ ਨੇ ਲਾਏ ਲੋਕਾਂ ਨੂੰ ਰੋਕਣ ਦੇ ਦੋਸ਼

Pawan Khera Alleges Attempts to Stop People from Attending INDIA Bloc Rally on November 1

0

ਨਵੀਂ ਦਿੱਲੀ, 30 ਅਕਤੂਬਰ (ਗੁਰਮੀਤ ਸਿੰਘ ਤੁੰਗ ): ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ 1 ਨਵੰਬਰ ਨੂੰ ਹੋਣ ਵਾਲੀ INDIA ਗਠਜੋੜ ਦੀ ਵਿਸ਼ਾਲ ਰੈਲੀ ਤੋਂ ਪਹਿਲਾਂ ਸਿਆਸੀ ਮਾਹੌਲ ਗਰਮਾ ਗਿਆ ਹੈ। ਕਾਂਗਰਸ ਆਗੂ ਪਵਨ ਖੇੜਾ ਨੇ ਦੋਸ਼ ਲਗਾਇਆ ਹੈ ਕਿ ਰੈਲੀ ਵਿੱਚ ਸ਼ਾਮਲ ਹੋਣ ਲਈ ਆ ਰਹੇ ਲੋਕਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਤੇਲੰਗਾਨਾ ਵਿੱਚ ਰੇਲ ਗੱਡੀਆਂ ਰੱਦ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਿਆ ਗਿਆ। ਵੀਰਵਾਰ ਨੂੰ ਰਾਮਲੀਲਾ ਮੈਦਾਨ ਵਿੱਚ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਪਵਨ ਖੇੜਾ ਨੇ ਕਿਹਾ ਕਿ ਕਈ ਸੂਬਿਆਂ ਵਿੱਚ ਲੋਕਾਂ ਉੱਤੇ ਦਬਾਅ ਬਣਾਇਆ ਜਾ ਰਿਹਾ ਹੈ, ਪਰ INDIA ਗਠਜੋੜ ਇਨ੍ਹਾਂ ਕੋਸ਼ਿਸ਼ਾਂ ਅੱਗੇ ਨਹੀਂ ਝੁਕੇਗਾ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਪਹੁੰਚਣ ਵਾਲੇ ਲੋਕਾਂ ਦੀ ਗਿਣਤੀ ਉਮੀਦਾਂ ਤੋਂ ਵੀ ਵੱਧ ਹੋਵੇਗੀ।

ਉਨ੍ਹਾਂ ਦੱਸਿਆ ਕਿ ਰੈਲੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਪਹਿਲੂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ, ਤਾਂ ਜੋ ਪੁਲਿਸ, ਪ੍ਰਬੰਧਕਾਂ ਅਤੇ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਸਦਰ ਬਾਜ਼ਾਰ ਟਰੇਡਰਜ਼ ਐਸੋਸੀਏਸ਼ਨ ਵੱਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ 1 ਨਵੰਬਰ ਦੀ ਰੈਲੀ 10 ਨਵੰਬਰ ਤੋਂ ਬਾਅਦ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਤਿਉਹਾਰਾਂ ਦੇ ਚੱਲ ਰਹੇ ਕਾਰੋਬਾਰੀ ਸੀਜ਼ਨ ਕਾਰਨ ਬਾਜ਼ਾਰਾਂ ਵਿੱਚ ਭੀੜ ਅਤੇ ਆਵਾਜਾਈ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਇਸ ਪੱਤਰ ‘ਤੇ ਪ੍ਰਤੀਕਿਰਿਆ ਦਿੰਦਿਆਂ ਪਵਨ ਖੇੜਾ ਨੇ ਸਵਾਲ ਕੀਤਾ ਕਿ ਕੀ ਵਪਾਰੀਆਂ ਨੇ ਸ਼ਹਿਰ ਵਿੱਚ ਹੋ ਰਹੇ ਹੋਰ ਪ੍ਰਦਰਸ਼ਨਾਂ ਸਬੰਧੀ ਵੀ ਅਜਿਹੇ ਪੱਤਰ ਲਿਖੇ ਹਨ? ਰੈਲੀ ਦੀਆਂ ਤਿਆਰੀਆਂ ਸਬੰਧੀ ਭਾਰਤੀ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿਬ ਨੇ ਵੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪਹੁੰਚਣ, ਬੈਠਣ ਦੇ ਪ੍ਰਬੰਧਾਂ ਅਤੇ ਸੀਨੀਅਰ ਆਗੂਆਂ ਦੀ ਐਂਟਰੀ ਸਮੇਤ ਸਾਰੇ ਜ਼ਰੂਰੀ ਪ੍ਰਬੰਧਾਂ ਦੀ ਜਾਂਚ ਕੀਤੀ ਗਈ ਹੈ। ਪਾਰਟੀ ਦੀ ਲੀਡਰਸ਼ਿਪ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਅੰਤਿਮ ਰੂਪ ਦਿੱਤਾ ਜਾਵੇਗਾ।

ਉੱਧਰ, ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪ੍ਰਤੀਕਾਤਮਕ ਮਹਾਦੋਸ਼ ਦੀ ਗੱਲ ਕਰਦਿਆਂ ਕਿਹਾ ਕਿ ਲੋਕ ਹੁਣ ਉਨ੍ਹਾਂ ਦੀਆਂ ਕਾਰਵਾਈਆਂ ਬਾਰੇ ਜਾਣੂ ਹੋ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੰਸਦ ਵਿੱਚ ਮਹਾਦੋਸ਼ ਦਾ ਮਤਾ ਸਵੀਕਾਰ ਨਾ ਹੋਣ ਤੋਂ ਬਾਅਦ ਲੋਕਾਂ ਵੱਲੋਂ ਆਪਣਾ ਵਿਰੋਧ ਦਰਜ ਕਰਵਾਇਆ ਜਾਵੇਗਾ ਜ਼ਿਕਰਯੋਗ ਹੈ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ 1 ਨਵੰਬਰ ਨੂੰ ਹੋਣ ਵਾਲੇ ‘ਚਲੋ ਦਿੱਲੀ ਰਾਮਲੀਲਾ ਮਾਰਚ’ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। ਉਨ੍ਹਾਂ ਇਸ ਮਾਰਚ ਨੂੰ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਕਰਨ ਅਤੇ ਕਥਿਤ ਵੋਟ ਚੋਰੀ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਾ ਅੰਦੋਲਨ ਦੱਸਿਆ। ਰਾਹੁਲ ਗਾਂਧੀ ਨੇ ਕਿਹਾ ਕਿ ਇਹ ਕਿਸੇ ਇੱਕ ਸਿਆਸੀ ਪਾਰਟੀ ਦਾ ਮਾਰਚ ਨਹੀਂ, ਸਗੋਂ ਦੇਸ਼ ਦੇ ਲੋਕਾਂ ਦੀ ਆਵਾਜ਼ ਹੈ। ਉਨ੍ਹਾਂ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਵਿੱਚ ਵਿਸ਼ਵਾਸ ਰੱਖਣ ਵਾਲੇ ਸਾਰੇ ਲੋਕਾਂ ਨੂੰ ਇਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

 

Exit mobile version