Home ਹਰਿਆਣਾ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੁਰੂਕਸ਼ੇਤਰ ਦੌਰਾ ਜ਼ਿਲ੍ਹਾ ਵਾਸੀਆਂ ਲਈ ਖ਼ੁਸ਼ੀ ਅਤੇ ਮਾਣ...

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੁਰੂਕਸ਼ੇਤਰ ਦੌਰਾ ਜ਼ਿਲ੍ਹਾ ਵਾਸੀਆਂ ਲਈ ਖ਼ੁਸ਼ੀ ਅਤੇ ਮਾਣ ਦਾ ਵਿਸ਼ਾ: ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ

President Droupadi Murmu to Attend Haryana's 60th Anniversary Celebrations in Kurukshetra on November 1.

0

ਕੁਰੂਕਸ਼ੇਤਰ, 27 ਅਕਤੂਬਰ, 2026 (ਸੰਜੀਵ ਸ਼ਰਮਾ): ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਕਿਹਾ ਕਿ ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੁਰੂਕਸ਼ੇਤਰ ਦੌਰੇ ’ਤੇ ਆਉਣਾ ਜ਼ਿਲ੍ਹਾ ਵਾਸੀਆਂ ਲਈ ਬਹੁਤ ਖ਼ੁਸ਼ੀ ਅਤੇ ਮਾਣ ਵਾਲੀ ਗੱਲ ਹੈ। ਕੁਰੂਕਸ਼ੇਤਰ ਦੀ ਪਵਿੱਤਰ ਧਰਤੀ ’ਤੇ ਰਾਸ਼ਟਰਪਤੀ ਦਾ ਆਗਮਨ ਪੂਰੇ ਹਰਿਆਣਾ ਸੂਬੇ ਲਈ ਮਾਣਮੱਤਾ ਪਲ ਹੋਵੇਗਾ। ਡਿਪਟੀ ਕਮਿਸ਼ਨਰ ਮੰਗਲਵਾਰ ਨੂੰ ਰਾਸ਼ਟਰਪਤੀ ਦੇ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਕਿਹਾ ਕਿ ਹਰਿਆਣਾ ਸੂਬੇ ਦੇ ਗਠਨ ਦੇ 60 ਸਾਲ ਪੂਰੇ ਹੋਣ ’ਤੇ 1 ਨਵੰਬਰ ਨੂੰ ਹਰਿਆਣਾ ਦਿਵਸ ਮੌਕੇ ਸੂਬਾ ਪੱਧਰੀ ਮੁੱਖ ਹੀਰਕ ਜੈਅੰਤੀ ਸਮਾਗਮ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਚ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਕਿਹਾ ਕਿ ਹਰਿਆਣਾ ਦਿਵਸ ਦੇ ਮੌਕੇ ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਇੱਕ ਸ਼ਾਨਦਾਰ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਹ ਸਮਾਗਮ ਹਰਿਆਣਾ ਦੀ 60 ਸਾਲਾਂ ਦੀ ਵਿਕਾਸ ਯਾਤਰਾ ਨੂੰ ਸਮਰਪਿਤ ਹੋਵੇਗਾ। ਇਸ ਸਮਾਗਮ ਵਿੱਚ ਹਰਿਆਣਾ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸਥਾਪਤ ਕੀਤੇ ਗਏ ਮੀਲ ਪੱਥਰਾਂ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਮਾਗਮ ਕੁਰੂਕਸ਼ੇਤਰ ਲਈ ਇਤਿਹਾਸਕ ਹੋਵੇਗਾ ਅਤੇ ਹਰਿਆਣਾ ਦੇ 60 ਸਾਲਾਂ ਦੇ ਸ਼ਾਨਦਾਰ ਇਤਿਹਾਸ ਨੂੰ ਦੇਸ਼-ਦੁਨੀਆ ਸਾਹਮਣੇ ਪੇਸ਼ ਕਰਨ ਦਾ ਸੁਨਹਿਰੀ ਮੌਕਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਪਲ ਦੇ ਗਵਾਹ ਬਣਨ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ।

ਸ਼ਾਨਦਾਰ ਪ੍ਰਦਰਸ਼ਨੀ ਵਿੱਚ ਦਿਖਾਈ ਦੇਵੇਗੀ ਹਰਿਆਣਾ ਦੀ ਤਰੱਕੀ ਅਤੇ ਭਵਿੱਖ ਦੀ ਤਸਵੀਰ

ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਦੱਸਿਆ ਕਿ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਕੈਂਪਸ ਵਿੱਚ ਇੱਕ ਵਿਸ਼ਾਲ ਪ੍ਰਦਰਸ਼ਨੀ ਲਗਾਈ ਜਾਵੇਗੀ। ਇਸ ਪ੍ਰਦਰਸ਼ਨੀ ਵਿੱਚ ਹਰਿਆਣਾ ਦੀ ਤਰੱਕੀ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਦੇ ਵਿਕਾਸ ਦੀ ਰੂਪ-ਰੇਖਾ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਵਿੱਚ ਹਰਿਆਣਾ ਦੇ 60 ਸਾਲਾਂ ਦੇ ਸਫ਼ਰ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਦਰਸਾਇਆ ਜਾਵੇਗਾ। ਇਸ ਵਿੱਚ ਖੇਤੀਬਾੜੀ, ਉਦਯੋਗ, ਸਿੱਖਿਆ, ਸਿਹਤ, ਖੇਡਾਂ, ਮਹਿਲਾ ਸਸ਼ਕਤੀਕਰਨ, ਸੂਚਨਾ ਤਕਨਾਲੋਜੀ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਹਰਿਆਣਵੀ ਸੱਭਿਆਚਾਰ ਤੇ ਵਿਰਾਸਤ ਨਾਲ ਸਬੰਧਤ ਸਟਾਲ ਲਗਾਏ ਜਾਣਗੇ। ਖ਼ਾਸ ਤੌਰ ’ਤੇ ਹਰਿਆਣਾ ਵਿਜ਼ਨ-2047 ਤਹਿਤ ਭਵਿੱਖ ਦੇ ਹਰਿਆਣਾ ਦੀ ਝਲਕ ਵੀ ਇਸ ਪ੍ਰਦਰਸ਼ਨੀ ਵਿੱਚ ਦਿਖਾਈ ਜਾਵੇਗੀ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਪ੍ਰਦਰਸ਼ਨੀ ਦਾ ਦੌਰਾ ਕਰਨ ਤੋਂ ਬਾਅਦ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਚ ਹੋਣ ਵਾਲੇ ਮੁੱਖ ਸਮਾਗਮ ਦੌਰਾਨ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਸੰਬੋਧਨ ਕਰਨਗੇ।

ਗੁਰੁਕੁਲ ਕੁਰੂਕਸ਼ੇਤਰ ਵਿੱਚ ਵੀ ਸ਼ਿਰਕਤ ਕਰਨਗੇ ਰਾਸ਼ਟਰਪਤੀ

ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਦੱਸਿਆ ਕਿ ਆਪਣੇ ਕੁਰੂਕਸ਼ੇਤਰ ਦੌਰੇ ਦੌਰਾਨ ਰਾਸ਼ਟਰਪਤੀ ਗੁਰੁਕੁਲ ਕੁਰੂਕਸ਼ੇਤਰ ਵਿੱਚ ਕਰਵਾਏ ਜਾ ਰਹੇ ਸਵਾਮੀ ਸ਼ਰਧਾਨੰਦ ਬਲਿਦਾਨ ਸ਼ਤਾਬਦੀ ਸਮਾਗਮ ਵਿੱਚ ਵੀ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਉਹ ਸਿੱਧ ਸ਼ਕਤੀਪੀਠ ਸ੍ਰੀ ਭਦਰਕਾਲੀ ਮੰਦਰ ਵਿੱਚ ਮਾਤਾ ਦੇ ਦਰਸ਼ਨ ਵੀ ਕਰਨਗੇ। ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਲਗਭਗ ਪੰਜ ਘੰਟੇ ਕੁਰੂਕਸ਼ੇਤਰ ਵਿੱਚ ਰਹਿਣਗੇ। ਉਨ੍ਹਾਂ ਦੇ ਸਾਰੇ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ।

ਸੁਰੱਖਿਆ ਦੇ ਕੀਤੇ ਗਏ ਪੁਖ਼ਤਾ ਪ੍ਰਬੰਧ

ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਕਿਹਾ ਕਿ ਰਾਸ਼ਟਰਪਤੀ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਸੁਪਰਡੈਂਟ ਨਾਲ ਤਾਲਮੇਲ ਕਰਕੇ ਸੁਰੱਖਿਆ ਲਈ ਬਹੁ-ਪੱਧਰੀ ਯੋਜਨਾ ਤਿਆਰ ਕੀਤੀ ਗਈ ਹੈ। ਸਮਾਗਮ ਵਾਲੀਆਂ ਥਾਵਾਂ, ਰੂਟਾਂ, ਹੈਲੀਪੈਡ ਅਤੇ ਮੰਦਰ ਕੰਪਲੈਕਸ ਵਿੱਚ ਵਾਧੂ ਪੁਲਿਸ ਬਲ, ਅਰਧ ਸੈਨਿਕ ਬਲਾਂ ਅਤੇ ਖ਼ੁਫ਼ੀਆ ਏਜੰਸੀਆਂ ਦੇ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਵੱਖਰਾ ਰੂਟ ਪਲਾਨ ਤਿਆਰ ਕੀਤਾ ਗਿਆ ਹੈ, ਤਾਂ ਜੋ ਆਮ ਨਾਗਰਿਕਾਂ ਅਤੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਪੱਧਰ ’ਤੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ। ਸਿਹਤ ਵਿਭਾਗ ਵੱਲੋਂ ਸਾਰੇ ਸਮਾਗਮ ਸਥਾਨਾਂ ’ਤੇ ਮੈਡੀਕਲ ਟੀਮਾਂ, ਐਂਬੂਲੈਂਸਾਂ ਅਤੇ ਫਾਇਰ ਬ੍ਰਿਗੇਡ ਦਾ ਪ੍ਰਬੰਧ ਕੀਤਾ ਜਾਵੇਗਾ। ਬਿਜਲੀ ਅਤੇ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਵੀ ਯਕੀਨੀ ਬਣਾਈ ਜਾਵੇਗੀ।

ਸਾਰੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਸਫ਼ਲ ਹੋਣਗੇ ਸਮਾਗਮ

ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਕਿਹਾ ਕਿ ਸ਼ਕਤੀਪੀਠ ਭਦਰਕਾਲੀ ਮੰਦਰ ਕਮੇਟੀ, ਕੁਰੂਕਸ਼ੇਤਰ ਯੂਨੀਵਰਸਿਟੀ ਦੇ ਸਟਾਫ਼ ਅਤੇ ਗੁਰੁਕੁਲ ਕੁਰੂਕਸ਼ੇਤਰ ਦੀ ਟੀਮ ਦੇ ਸਹਿਯੋਗ ਨਾਲ ਸਾਰੇ ਸਮਾਗਮ ਸਫ਼ਲਤਾਪੂਰਵਕ ਕਰਵਾਏ ਜਾਣਗੇ। ਸਾਰੀਆਂ ਸੰਸਥਾਵਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਆਪਸੀ ਤਾਲਮੇਲ ਬਣਾਇਆ ਜਾ ਰਿਹਾ ਹੈ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਆਡੀਟੋਰੀਅਮ ਦੀ ਸਜਾਵਟ, ਬੈਠਣ ਦੇ ਪ੍ਰਬੰਧ, ਪਾਰਕਿੰਗ ਅਤੇ ਮਹਿਮਾਨਾਂ ਦੇ ਸਵਾਗਤ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਧਰ, ਗੁਰੁਕੁਲ ਪ੍ਰਬੰਧਨ ਵੱਲੋਂ ਸਵਾਮੀ ਸ਼ਰਧਾਨੰਦ ਜੀ ਨਾਲ ਸਬੰਧਤ ਪ੍ਰਦਰਸ਼ਨੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਮੌਕੇ ਪੁਲਿਸ ਸੁਪਰਡੈਂਟ ਚੰਦਰ ਮੋਹਨ, ਕੁਰੂਕਸ਼ੇਤਰ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਸੋਮਨਾਥ ਸਚਦੇਵਾ, ਵਧੀਕ ਡਿਪਟੀ ਕਮਿਸ਼ਨਰ ਪੰਕਜ ਸੇਤੀਆ, ਐੱਸ.ਡੀ.ਐੱਮ. ਅਮਨ ਕੁਮਾਰ, ਐੱਸ.ਡੀ.ਐੱਮ. ਰਾਜੇਸ਼ ਕੁਮਾਰ ਸੋਨੀ, ਐੱਸ.ਡੀ.ਐੱਮ. ਸ਼ੰਭੂ ਰਾਠੀ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

 

Exit mobile version