ਨਵੀਂ ਦਿੱਲੀ, 24 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੀ ਸੰਗਤ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਮਹਾਨ ਅਤੇ ਸਦੀਵੀ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਨੂੰ ਸਹੀ ਰਸਤਾ ਦਿਖਾ ਰਹੀਆਂ ਹਨ ਅਤੇ ਦਇਆ, ਆਪਸੀ ਸਾਂਝ ਤੇ ਸਰਬੱਤ ਦੇ ਭਲੇ ਦੀ ਭਾਵਨਾ ਨਾਲ ਭਰਪੂਰ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੀਆਂ ਹਨ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਸਾਂਝੇ ਕੀਤੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਿਰਫ਼ ਭਾਰਤ ਹੀ ਨਹੀਂ, ਸਗੋਂ ਪੂਰੀ ਦੁਨੀਆ ਲਈ ਅੱਜ ਵੀ ਪ੍ਰਸੰਗਿਕ ਹਨ। ਵੀਡੀਓ ਸੰਦੇਸ਼ ਰਾਹੀਂ ਉਨ੍ਹਾਂ ਨੇ “ਜੋ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ” ਦਾ ਜੈਕਾਰਾ ਵੀ ਲਗਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਸਾਦਗੀ, ਆਪਸੀ ਪਿਆਰ, ਸਦਭਾਵਨਾ ਅਤੇ ਦੂਜਿਆਂ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਸੱਚਾਈ, ਨੇਕ ਕਰਮ, ਸੇਵਾ, ਦਇਆ ਅਤੇ ਭਲਾਈ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ। ਗੁਰੂ ਸਾਹਿਬ ਨੇ ਹਮੇਸ਼ਾ ਸਮੁੱਚੀ ਮਨੁੱਖਤਾ ਦੇ ਕਲਿਆਣ ਦੀ ਗੱਲ ਕੀਤੀ।
ਮੋਦੀ ਨੇ ਕਿਹਾ ਕਿ ਦੁਨੀਆ ਭਰ ਵਿੱਚ ਸਿੱਖ ਭਾਈਚਾਰੇ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਸੇਵਾ ਭਾਵਨਾ ਦੀ ਜਿਉਂਦੀ-ਜਾਗਦੀ ਮਿਸਾਲ ਹਨ। ਆਪਣੇ ਸੰਦੇਸ਼ ਦੇ ਅੰਤ ਵਿੱਚ ਉਨ੍ਹਾਂ ਨੇ ਗੁਰੂ ਸਾਹਿਬ ਨੂੰ ਸਿਰ ਨਿਵਾ ਕੇ ਸ਼ਰਧਾਂਜਲੀ ਭੇਟ ਕੀਤੀ।ਇਸੇ ਦੌਰਾਨ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼ ਅਤੇ ਵਿਦੇਸ਼ ਵਿੱਚ ਰਹਿੰਦੇ ਭਾਰਤੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਗੁਰੂ ਸਾਹਿਬ ਦੀਆਂ ਬਰਾਬਰਤਾ, ਸਦਭਾਵਨਾ, ਦਇਆ ਅਤੇ ਮਨੁੱਖਤਾ ਦੀ ਸੇਵਾ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ। ਇਸ ਪਵਿੱਤਰ ਦਿਹਾੜੇ ’ਤੇ ਗੁਰਦੁਆਰਾ ਸਾਹਿਬਾਨ ਵਿੱਚ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ, ਅਰਦਾਸ ਅਤੇ ਲੰਗਰ ਤੇ ਹੋਰ ਸੇਵਾ ਕਾਰਜਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਜਾਂਦਾ ਹੈ।
