ਨਵੀਂ ਦਿੱਲੀ, 16 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ 16 ਅਤੇ 17 ਨਵੰਬਰ ਨੂੰ ਫਿਲੀਪੀਨ ਦੀ ਰਾਜਧਾਨੀ ਮਨੀਲਾ ਦੇ ਦੋ ਦਿਨਾਂ ਦੌਰੇ ’ਤੇ ਹਨ। ਇਸ ਦੌਰੇ ਦੌਰਾਨ ਉਹ 23ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਅਤੇ 21ਵੇਂ ਪੂਰਬੀ ਏਸ਼ੀਆ ਸਿਖਰ ਸੰਮੇਲਨ ਵਿੱਚ ਹਿੱਸਾ ਲੈਣਗੇ। ਇਹ ਦੌਰਾ ਫਿਲੀਪੀਨ ਦੇ ਰਾਸ਼ਟਰਪਤੀ ਫਰਡੀਨੈਂਡ ਆਰ. ਮਾਰਕੋਸ ਜੂਨੀਅਰ ਦੇ ਸੱਦੇ ’ਤੇ ਕੀਤਾ ਜਾ ਰਿਹਾ ਹੈ। ਫਿਲੀਪੀਨ ਲਈ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਦੀ ਸੰਸਥਾ ਆਸੀਆਨ ਨਾਲ ਭਾਰਤ ਦੇ ਸਬੰਧ ਦੇਸ਼ ਦੀ ‘ਐਕਟ ਈਸਟ’ ਨੀਤੀ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇ ‘ਮਹਾਸਾਗਰ’ ਵਿਜ਼ਨ ਵਿੱਚ ਵੀ ਆਸੀਆਨ ਦੇਸ਼ਾਂ ਦੀ ਮਹੱਤਵਪੂਰਨ ਭੂਮਿਕਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਆਸੀਆਨ ਦੇਸ਼ਾਂ ਦੇ ਰਿਸ਼ਤੇ ਸਦੀਆਂ ਪੁਰਾਣੇ ਸੱਭਿਆਚਾਰਕ ਅਤੇ ਇਤਿਹਾਸਕ ਸਬੰਧਾਂ ’ਤੇ ਆਧਾਰਿਤ ਹਨ। ਸਮੇਂ ਦੇ ਨਾਲ ਇਹ ਸਾਂਝ ਵਪਾਰ, ਆਵਾਜਾਈ ਅਤੇ ਸੰਪਰਕ, ਸਮੁੰਦਰੀ ਸੁਰੱਖਿਆ, ਤਕਨਾਲੋਜੀ ਅਤੇ ਲੋਕਾਂ ਦੇ ਆਪਸੀ ਸਹਿਯੋਗ ਵਰਗੇ ਕਈ ਖੇਤਰਾਂ ਵਿੱਚ ਹੋਰ ਮਜ਼ਬੂਤ ਹੋਈ ਹੈ।
ਉਨ੍ਹਾਂ ਆਸ ਪ੍ਰਗਟਾਈ ਕਿ ਆਸੀਆਨ-ਭਾਰਤ ਸਿਖਰ ਸੰਮੇਲਨ ਦੌਰਾਨ ਵਿਆਪਕ ਰਣਨੀਤਕ ਭਾਈਵਾਲੀ ਤਹਿਤ ਹੋਈ ਪ੍ਰਗਤੀ ਨੂੰ ਹੋਰ ਅੱਗੇ ਵਧਾਉਣ ਲਈ ਮੈਂਬਰ ਦੇਸ਼ਾਂ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਹੋਵੇਗਾ। ਇਸ ਦੇ ਨਾਲ ਹੀ ਵਿਕਾਸ, ਆਪਸੀ ਸੰਪਰਕ ਅਤੇ ਸਾਂਝੀ ਖੁਸ਼ਹਾਲੀ ਦੇ ਟੀਚਿਆਂ ਨੂੰ ਨਵੀਂ ਗਤੀ ਦੇਣ ’ਤੇ ਵੀ ਧਿਆਨ ਕੇਂਦਰਿਤ ਕੀਤਾ ਜਾਵੇਗਾ। 21ਵੇਂ ਪੂਰਬੀ ਏਸ਼ੀਆ ਸਿਖਰ ਸੰਮੇਲਨ ਨੂੰ ਮਹੱਤਵਪੂਰਨ ਮੰਚ ਦੱਸਦਿਆਂ ਮੋਦੀ ਨੇ ਕਿਹਾ ਕਿ ਇੱਥੇ ਖੇਤਰੀ ਅਤੇ ਵਿਸ਼ਵ ਪੱਧਰ ਦੀਆਂ ਚੁਣੌਤੀਆਂ ’ਤੇ ਚਰਚਾ ਕੀਤੀ ਜਾਵੇਗੀ। ਉਹ ਵੱਖ-ਵੱਖ ਦੇਸ਼ਾਂ ਦੇ ਆਗੂਆਂ ਨਾਲ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ, ਸਥਿਰਤਾ ਅਤੇ ਸਹਿਯੋਗ ਵਧਾਉਣ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਫਿਲੀਪੀਨ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦਾ ਭਾਰਤੀ ਭਾਈਚਾਰਾ ਦੋਵਾਂ ਦੇਸ਼ਾਂ ਵਿਚਕਾਰ ਦੋਸਤੀ ਅਤੇ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਭਰੋਸਾ ਜਤਾਇਆ ਕਿ ਇਹ ਦੌਰਾ ਭਾਰਤ ਅਤੇ ਆਸੀਆਨ ਦੇਸ਼ਾਂ ਦੀ ਸਾਂਝ ਨੂੰ ਨਵੀਂ ਮਜ਼ਬੂਤੀ ਦੇਵੇਗਾ ਅਤੇ ਸ਼ਾਂਤਮਈ, ਖੁਸ਼ਹਾਲ ਤੇ ਸਥਿਰ ਹਿੰਦ-ਪ੍ਰਸ਼ਾਂਤ ਖੇਤਰ ਦੀ ਸਾਂਝੀ ਵਚਨਬੱਧਤਾ ਨੂੰ ਅੱਗੇ ਵਧਾਏਗਾ।
