ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ 2026 (ਗੁਰਮੀਤ ਸਿੰਘ ਤੁੰਗ): ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪਹੁੰਚੇ ਲਗਭਗ 21 ਲੱਖ ਮੀਟ੍ਰਿਕ ਟਨ ਝੋਨੇ ਵਿੱਚੋਂ ਕਰੀਬ 20 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵਜੋਂ 3,111 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਤਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਦੇ ਦੌਰੇ ਦੌਰਾਨ ਦਿੱਤੀ। ਮੰਤਰੀ ਨੇ ਮੰਡੀ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਝੋਨੇ ਦੀ ਖਰੀਦ, ਅਦਾਇਗੀਆਂ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੌਜੂਦਾ ਸੀਜ਼ਨ ਦੌਰਾਨ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਦਿੱਤਾ ਗਿਆ ਹੈ ਅਤੇ ਸੂਬਾ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਨੌਂ ਖਰੀਦ ਸੀਜ਼ਨਾਂ ਦੌਰਾਨ ਕਣਕ ਅਤੇ ਝੋਨੇ ਦੀ ਨਿਰਵਿਘਨ ਖਰੀਦ ਲਈ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਮੁਤਾਬਕ, ਪਿਛਲੇ ਸਮੇਂ ਵਿੱਚ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਫ਼ਸਲ ਦੀ ਖਰੀਦ ਵਿੱਚ ਦੇਰੀ ਅਤੇ ਅਦਾਇਗੀਆਂ ਲਟਕਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਨ੍ਹਾਂ ਨੂੰ ਦੂਰ ਕਰਨ ਲਈ ਕਦਮ ਚੁੱਕੇ ਗਏ ਹਨ। ਪਿਛਲੀ ਰਾਤ ਹੋਈ ਬਾਰਿਸ਼ ਕਾਰਨ ਮੰਡੀਆਂ ਵਿੱਚ ਝੋਨਾ ਭਿੱਜਣ ਦੇ ਖ਼ਦਸ਼ੇ ਸਬੰਧੀ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਮੌਸਮ ਮਨੁੱਖੀ ਵੱਸ ਤੋਂ ਬਾਹਰ ਹੈ। ਹਾਲਾਂਕਿ, ਉਨ੍ਹਾਂ ਭਰੋਸਾ ਦਿੱਤਾ ਕਿ ਖਰੀਦ ਪ੍ਰਕਿਰਿਆ ਵਿੱਚ ਬੇਲੋੜੀ ਦੇਰੀ ਰੋਕਣ ਅਤੇ ਕਿਸਾਨਾਂ ਦੀ ਖੱਜਲ-ਖੁਆਰੀ ਘਟਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਗੁਰਕਿਰਨਦੀਪ ਸਿੰਘ ਸਿੱਧੂ, ਸਬੰਧਤ ਅਧਿਕਾਰੀ ਅਤੇ ਹੋਰ ਆਗੂ ਵੀ ਮੌਜੂਦ ਸਨ।







