ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪੇ
ਚੰਡੀਗੜ੍ਹ, 16 ਜੁਲਾਈ: (ਲਛਮਣ ਜੀਤ ਸਿੰਘ ਪੁਰਬਾ) : ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਸ. ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ 15 ਜੁਲਾਈ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਰਾਹੀਂ ਭਾਰਤ ਸਰਕਾਰ ਦੇ ਨਾਮ ਮੰਗ ਪੱਤਰ ਸੌਂਪ ਕੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ (FTA) ਦਾ ਵਿਰੋਧ ਕੀਤਾ ਗਿਆ।
ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪ੍ਰਸਤਾਵਿਤ ਭਾਰਤ-ਅਮਰੀਕਾ FTA ਦੇਸ਼ ਦੀ ਖੇਤੀਬਾੜੀ, ਕਿਸਾਨਾਂ, ਖੇਤ ਮਜ਼ਦੂਰਾਂ, ਦੁੱਧ ਉਤਪਾਦਕਾਂ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦੇ ਆਰਥਿਕ ਹਿੱਤਾਂ ਲਈ ਘਾਤਕ ਸਾਬਤ ਹੋ ਸਕਦਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਜੇਕਰ ਇਹ ਸਮਝੌਤਾ ਲਾਗੂ ਕੀਤਾ ਗਿਆ ਤਾਂ ਪੰਜਾਬ ਸਮੇਤ ਦੇਸ਼ ਦੇ ਖੇਤੀਬਾੜੀ ਸੈਕਟਰ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ। ਇਸ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਇਸ ਸਮਝੌਤੇ ਦਾ ਡਟਵਾਂ ਵਿਰੋਧ ਕਰਦੀ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਲਾਗੂ ਨਹੀਂ ਹੋਣ ਦੇਵੇਗੀ।
ਸੂਬਾ ਪ੍ਰਧਾਨ ਸ. ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਪੰਜਾਬ ਭਰ ਵਿੱਚ ਦਿੱਤੇ ਗਏ ਮੰਗ ਪੱਤਰ ਕੇਂਦਰ ਸਰਕਾਰ ਲਈ ਇੱਕ ਸਪੱਸ਼ਟ ਸੰਦੇਸ਼ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਲੋਕਾਂ ਦੀ ਆਵਾਜ਼ ਨੂੰ ਅਣਡਿੱਠਾ ਕਰਦਿਆਂ FTA ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਪੰਜਾਬ ਭਰ ਵਿੱਚ ਤਿੱਖਾ ਅਤੇ ਵਿਸ਼ਾਲ ਸੰਘਰਸ਼ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ।
ਉਨ੍ਹਾਂ ਕਿਸਾਨਾਂ, ਖੇਤ ਮਜ਼ਦੂਰਾਂ, ਨੌਜਵਾਨਾਂ, ਦੁਕਾਨਦਾਰਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਅਤੇ ਲੋਕ ਹਿੱਤਾਂ ਦੀ ਰੱਖਿਆ ਲਈ ਜਥੇਬੰਦੀ ਦੇ ਆਉਣ ਵਾਲੇ ਹਰ ਸੰਘਰਸ਼ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਅਤੇ ਲੋਕ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕਰਨ।
ਇਸ ਮੌਕੇ ਸੂਬਾ ਪ੍ਰਧਾਨ ਸ. ਪਲਵਿੰਦਰ ਸਿੰਘ ਮਾਹਲ, ਸੂਬਾ ਆਗੂ ਮਲਕੀਤ ਸਿੰਘ ਵਡਲਾ, ਸਵਿੰਦਰ ਸਿੰਘ ਕਲੇਰ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰਾਣਾ, ਜਗਤਾਰ ਸਿੰਘ ਝੰਜੋਟੀ, ਸਤਨਾਮ ਸਿੰਘ ਕੋਟਲਾ, ਜਸਵਿੰਦਰ ਸਿੰਘ ਚਾਹੜਪੁਰ, ਨਿਰਮਲ ਸਿੰਘ ਕਲੇਰ, ਅਵਤਾਰ ਸਿੰਘ ਕਲੇਰ, ਬਿੱਟਾ ਮਾਹਲ, ਰੇਸ਼ਮ ਸਿੰਘ ਕੋਹਾਲੀ, ਡਾ. ਅਰਜਿੰਦਰ ਸਿੰਘ ਕੋਹਾਲੀ, ਡਾ. ਗੁਰਪ੍ਰਤਾਪ ਸਿੰਘ ਕੱਕੜ, ਪ੍ਰਗਟ ਸਿੰਘ ਬੋਪਾਰਾਏ, ਸਾਹਿਬ ਸਿੰਘ ਚੈਨਪੁਰ, ਬਿਕਰਮਜੀਤ ਸਿੰਘ ਮਜੀਠਾ, ਜਸਪਾਲ ਸਿੰਘ ਝੰਜੋਟੀ ਅਤੇ ਵੱਖ-ਵੱਖ ਬਲਾਕਾਂ ਦੇ ਪ੍ਰਧਾਨਾਂ, ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
