ਲਾਡਵਾ, 12 ਅਕਤੂਬਰ, 2026 (ਸੰਜੀਵ ਸ਼ਰਮਾ): ਐੱਸਡੀਐੱਮ ਰਾਜੇਸ਼ ਕੁਮਾਰ ਸੋਨੀ ਨੇ ਕਿਹਾ ਕਿ ਸਮਾਧਾਨ ਕੈਂਪ ਵਿੱਚ ਲਾਡਵਾ ਵਿਧਾਨ ਸਭਾ ਹਲਕੇ ਦੇ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਹੱਲ ਲਈ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਂਦੀ ਹੈ। ਸਮੱਸਿਆ ਨੂੰ ਸਬੰਧਤ ਅਧਿਕਾਰੀ ਦੇ ਧਿਆਨ ਵਿੱਚ ਲਿਆ ਕੇ ਤੁਰੰਤ ਹੱਲ ਲਈ ਭੇਜ ਦਿੱਤਾ ਜਾਂਦਾ ਹੈ। ਐੱਸਡੀਐੱਮ ਰਾਜੇਸ਼ ਕੁਮਾਰ ਸੋਨੀ ਸੋਮਵਾਰ ਨੂੰ ਉਪਮੰਡਲ ਅਧਿਕਾਰੀ ਦੇ ਦਫ਼ਤਰ ਵਿੱਚ ਲਗਾਏ ਗਏ ਸਮਾਧਾਨ ਕੈਂਪ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਹ ਕੈਂਪ ਹਫ਼ਤੇ ਵਿੱਚ ਦੋ ਦਿਨ, ਸੋਮਵਾਰ ਅਤੇ ਵੀਰਵਾਰ ਨੂੰ ਲਗਾਇਆ ਜਾਂਦਾ ਹੈ। ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।
ਐੱਸਡੀਐੱਮ ਰਾਜੇਸ਼ ਕੁਮਾਰ ਸੋਨੀ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਪਰਿਵਾਰ ਪਛਾਣ ਪੱਤਰ ਨਾਲ ਸਬੰਧਤ ਕੋਈ ਸਮੱਸਿਆ ਹੈ, ਜਿਵੇਂ ਕਿ ਪਰਿਵਾਰ ਦੀ ਆਮਦਨ ਠੀਕ ਕਰਵਾਉਣੀ, ਕਿਸੇ ਦਾ ਨਾਮ ਕਟਵਾਉਣਾ ਜਾਂ ਪਰਿਵਾਰ ਦੇ ਕਿਸੇ ਮੈਂਬਰ ਦਾ ਨਾਮ ਦਰਜ ਕਰਵਾਉਣਾ, ਤਾਂ ਉਹ ਆਪਣੀ ਅਰਜ਼ੀ ਦੇ ਸਕਦਾ ਹੈ। ਇਸ ਤੋਂ ਇਲਾਵਾ ਜ਼ਮੀਨ, ਬਿਜਲੀ, ਪਾਣੀ ਅਤੇ ਹੋਰ ਸਬੰਧਤ ਸਮੱਸਿਆਵਾਂ ਦੀਆਂ ਅਰਜ਼ੀਆਂ ਵੀ ਮੌਕੇ ’ਤੇ ਮੌਜੂਦ ਸਬੰਧਤ ਅਧਿਕਾਰੀ ਨੂੰ ਸੌਂਪ ਦਿੱਤੀਆਂ ਜਾਂਦੀਆਂ ਹਨ, ਤਾਂ ਜੋ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਪੈਨਸ਼ਨ ਨਾਲ ਸਬੰਧਤ ਮਾਮਲਿਆਂ, ਜਿਵੇਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਦਿਵਿਆਂਗ ਪੈਨਸ਼ਨ ਆਦਿ ਬਾਰੇ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ’ਤੇ ਵੀ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਦੀ ਇਹ ਇੱਕ ਵਿਲੱਖਣ ਅਤੇ ਬਹੁਤ ਲਾਹੇਵੰਦ ਪਹਿਲ ਹੈ, ਜਿਸ ਦੇ ਤਹਿਤ ਸੂਬੇ ਦੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ ਅਤੇ ਇੱਕੋ ਛੱਤ ਹੇਠ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਉਣ ਦੀ ਸਹੂਲਤ ਮਿਲਦੀ ਹੈ। ਐੱਸਡੀਐੱਮ ਨੇ ਲਾਡਵਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਮਾਧਾਨ ਕੈਂਪ ਵਿੱਚ ਪਹੁੰਚਣ, ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਅਤੇ ਹਰਿਆਣਾ ਸਰਕਾਰ ਦੀ ਇਸ ਲਾਹੇਵੰਦ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ।
