Homeਪੰਜਾਬਪੰਜਾਬ ਬੰਦ ਅੱਜ: ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ...

ਪੰਜਾਬ ਬੰਦ ਅੱਜ: ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬੰਦ, ਬੱਸਾਂ ਤੇ ਪ੍ਰਾਈਵੇਟ ਸਕੂਲ-ਕਾਲਜ ਰਹਿਣਗੇ ਬੰਦ

Punjab Bandh today over Bandi Sikhs’ release demand; buses and private schools closed, government schools to remain open.

ਚੰਡੀਗੜ੍ਹ, 21 ਅਗਸਤ, 2026 (ਹਰਸ਼ਪ੍ਰੀਤ ਕੌਰ) : ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਨੂੰ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ। ਬੰਦ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਸੜਕਾਂ ‘ਤੇ ਨਾ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲ ਅਤੇ ਕਾਲਜ ਵੀ ਬੰਦ ਰਹਿਣਗੇ। ਹਾਲਾਂਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰੀ ਸਕੂਲ ਆਮ ਤੌਰ ‘ਤੇ ਖੁੱਲ੍ਹੇ ਰਹਿਣਗੇ। ਪੰਜਾਬ ਸਰਕਾਰ ਵੱਲੋਂ ਹਸਪਤਾਲਾਂ, ਮੈਡੀਕਲ ਸਟੋਰਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਬੰਦ ਤੋਂ ਛੋਟ ਦਿੱਤੀ ਗਈ ਹੈ। ਇਸ ਲਈ ਐਮਰਜੈਂਸੀ ਅਤੇ ਸਿਹਤ ਸੇਵਾਵਾਂ ਪ੍ਰਭਾਵਿਤ ਨਾ ਹੋਣ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਜਾਬ ਬੰਦ ਦਾ ਮੁੱਢਲਾ ਸੱਦਾ ਕੌਮੀ ਇਨਸਾਫ਼ ਮੋਰਚਾ ਵੱਲੋਂ ਦਿੱਤਾ ਗਿਆ ਸੀ। ਬਾਅਦ ਵਿੱਚ ਕਈ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੇ ਇਸ ਦਾ ਸਮਰਥਨ ਕੀਤਾ। ਕਿਸਾਨ ਯੂਨੀਅਨਾਂ ਵੱਲੋਂ ਵੀ ਬੰਦ ਦੇ ਹੱਕ ਵਿੱਚ ਆਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਟਰੈਕਾਂ ‘ਤੇ ਧਰਨਾ ਦੇਣ ਦੀ ਸੰਭਾਵਨਾ ਕਾਰਨ ਕਈ ਰੂਟਾਂ ‘ਤੇ ਰੇਲਾਂ ਦੀ ਆਵਾਜਾਈ ਰੁਕ ਸਕਦੀ ਹੈ। ਬੰਦ ਦੌਰਾਨ ਆਮ ਲੋਕਾਂ ਨੂੰ ਆਵਾਜਾਈ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪ੍ਰਸ਼ਾਸਨ ਵੱਲੋਂ ਜ਼ਰੂਰੀ ਸੇਵਾਵਾਂ ਨੂੰ ਸੁਚਾਰੂ ਰੱਖਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ।

 

RELATED ARTICLES
- Advertisment -
Google search engine
Google search engine
Google search engine

Most Popular

Recent Comments