Home ਪੰਜਾਬ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ...

ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ

MLA Narinder Kaur Bharaj reiterates the Punjab Government’s focus on rural development, improved infrastructure, and prompt redressal of citizens’ grievances.

0
ਭਵਾਨੀਗੜ੍ਹ, 3 ਅਗਸਤ, 2026 (ਦੀਪਕ ਦੱਤਾ) : ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਹਲਕੇ ਦੇ ਪਿੰਡ ਸੰਤੋਖਪੁਰਾ, ਰਸੂਲਪੁਰ ਛੰਨਾ, ਬਖਤੜਾ, ਦਿਆਲਪੁਰਾ, ਬਖੋਪੀਰ ਅਤੇ ਸਕਰੌਦੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਸਬੰਧੀ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੇ ਜਾਇਜ਼ ਮਸਲਿਆਂ ਦੇ ਤੁਰੰਤ ਅਤੇ ਸਮੇਂਬੱਧ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਘਰ-ਘਰ ਤੱਕ ਪਹੁੰਚਣ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਉਦੇਸ਼ ਸਿਰਫ਼ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਾ ਹੀ ਨਹੀਂ, ਸਗੋਂ ਉਨ੍ਹਾਂ ਦੇ ਸਥਾਈ ਹੱਲ ਨੂੰ ਯਕੀਨੀ ਬਣਾਉਣਾ ਵੀ ਹੈ, ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਲਗਾਉਣੇ ਪੈਣ।
ਉਨ੍ਹਾਂ ਕਿਹਾ ਕਿ ਹਲਕਾ ਸੰਗਰੂਰ ਦੇ ਹਰ ਪਿੰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪਿੰਡਾਂ ਦੀਆਂ ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਸਟਰੀਟ ਲਾਈਟਾਂ, ਪਾਰਕਾਂ, ਖੇਡ ਮੈਦਾਨਾਂ ਅਤੇ ਹੋਰ ਜਨਤਕ ਸਹੂਲਤਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਪਿੰਡਾਂ ਦੇ ਵਸਨੀਕਾਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਜੀਵਨ ਮਾਹੌਲ ਮਿਲ ਸਕੇ।
ਇਸ ਮੌਕੇ ਵਿਧਾਇਕ ਨੇ ਪਿੰਡ ਬਖਤੜਾ ਵਿੱਚ ਗਲੀਆਂ ਦੇ ਨਿਰਮਾਣ ਲਈ 8.50 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਪਿੰਡ ਪੰਚਾਇਤ ਨੂੰ ਸੌਂਪਿਆ। ਉਨ੍ਹਾਂ ਦੱਸਿਆ ਕਿ ਹੋਰਨਾਂ ਪਿੰਡਾਂ ਲਈ ਪਹਿਲਾਂ ਹੀ ਜਾਰੀ ਕੀਤੀਆਂ ਗ੍ਰਾਂਟਾਂ ਨਾਲ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ ਅਤੇ ਇਨ੍ਹਾਂ ਨੂੰ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕਰਵਾਉਣ ਲਈ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਯੋਗ ਪਰਿਵਾਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਆਲੇ-ਦੁਆਲੇ ਦੇ ਯੋਗ ਲਾਭਪਾਤਰੀਆਂ ਨੂੰ ਵੀ ਇਨ੍ਹਾਂ ਸਕੀਮਾਂ ਬਾਰੇ ਜਾਗਰੂਕ ਕਰਨ।
ਉਨ੍ਹਾਂ ਨੇ ਕਿਹਾ ਕਿ ਹਲਕਾ ਸੰਗਰੂਰ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਦਾ ਸਹਿਯੋਗ ਅਤੇ ਸੁਝਾਅ ਬਹੁਤ ਮਹੱਤਵਪੂਰਨ ਹਨ। ਲੋਕਾਂ ਦੀਆਂ ਲੋੜਾਂ ਅਤੇ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਵਿਕਾਸ ਯੋਜਨਾਵਾਂ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ, ਜਿਸ ਨਾਲ ਹਰ ਪਿੰਡ ਵਿੱਚ ਸੰਤੁਲਿਤ ਅਤੇ ਟਿਕਾਊ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਸਮੂਹ ਪੰਚਾਇਤਾਂ ਤੋਂ ਇਲਾਵਾ ਤੇਜਵਿੰਦਰ ਸਿੰਘ ਸੰਤੋਖਪੁਰਾ, ਚਮਕੌਰ ਸਿੰਘ ਖੇੜੀ ਚੰਦਵਾ, ਲਖਵਿੰਦਰ ਸਿੰਘ ਫੱਗੂਵਾਲ, ਹਰਜੀਤ ਸਿੰਘ ਬਖੋਪੀਰ, ਕੇਵਲ ਸਿੰਘ ਦਿਆਲਪੁਰਾ, ਚਮਕੌਰ ਸਿੰਘ ਦਿਆਲਪੁਰਾ, ਰਿੱਕੀ ਸਰਪੰਚ, ਅਵਤਾਰ ਸਿੰਘ ਸਕਰੌਦੀ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ, ਪੰਚ-ਸਰਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ।

Exit mobile version