Home ਪੰਜਾਬ ਗੁਰੂ ਰਵਿਦਾਸ ਮਹਾਰਾਜ ਜੀ ਦਾ ਬਰਾਬਰੀ ਤੇ ਸਰਬ-ਸਾਂਝੀਵਾਲਤਾ ਦਾ ਸੁਨੇਹਾ ਘਰ-ਘਰ ਪਹੁੰਚਾਉਣ...

ਗੁਰੂ ਰਵਿਦਾਸ ਮਹਾਰਾਜ ਜੀ ਦਾ ਬਰਾਬਰੀ ਤੇ ਸਰਬ-ਸਾਂਝੀਵਾਲਤਾ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ: ਹਰਪਾਲ ਸਿੰਘ ਚੀਮਾ

Punjab Government committed to spreading Guru Ravidas Maharaj Ji’s message of equality and inclusiveness.

0
ਦਿੜ੍ਹਬਾ/ਸੰਗਰੂਰ, 2 ਅਕਤੂਬਰ, 2026 (ਛਤਰਪਾਲ ਸਿੰਘ) : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਅੱਜ ਦਿੜ੍ਹਬਾ ਦੀ ਅਨਾਜ ਮੰਡੀ ਵਿਖੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਰੋਨ ਸ਼ੋਅ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਸੰਗਤ ਦੇ ਰੂਪ ਵਿੱਚ ਸ਼ਾਮਲ ਹੋਏ। ਡਰੋਨਾਂ ਰਾਹੀਂ ਅੰਬਰ ’ਤੇ ਉਕੇਰੀਆਂ ਰੌਸ਼ਨ ਆਕ੍ਰਿਤੀਆਂ ਨੇ ਗੁਰੂ ਸਾਹਿਬ ਦੀ ਬਾਣੀ, ਜੀਵਨ-ਦਰਸ਼ਨ ਅਤੇ ਸਰਬ-ਸਾਂਝੀਵਾਲਤਾ ਦੇ ਸੁਨੇਹੇ ਨੂੰ ਸਾਕਾਰ ਕਰਦਿਆਂ ਆਧੁਨਿਕ ਤਕਨੀਕ ਅਤੇ ਅਧਿਆਤਮਿਕ ਵਿਰਾਸਤ ਦਾ ਸੁੰਦਰ ਸੁਮੇਲ ਪੇਸ਼ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰੀ, ਪਿਆਰ, ਕਿਰਤ ਅਤੇ ਆਪਸੀ ਸਾਂਝ ਦਾ ਰਾਹ ਦਿਖਾਇਆ। ਉਨ੍ਹਾਂ ਦੀ ਬਾਣੀ ਜਾਤ-ਪਾਤ ਅਤੇ ਸਮਾਜਿਕ ਵਿਤਕਰਿਆਂ ਤੋਂ ਉੱਪਰ ਉੱਠ ਕੇ ਹਰ ਮਨੁੱਖ ਦੇ ਮਾਣ-ਸਨਮਾਨ ਦੀ ਰਾਖੀ ਕਰਨ ਦੀ ਪ੍ਰੇਰਣਾ ਦਿੰਦੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਇਆ ‘ਬੇਗਮਪੁਰਾ’ ਦਾ ਸੰਕਲਪ ਅਜਿਹੇ ਸਮਾਜ ਦੀ ਸਿਰਜਣਾ ਲਈ ਮਾਰਗਦਰਸ਼ਨ ਕਰਦਾ ਹੈ, ਜਿੱਥੇ ਹਰ ਵਿਅਕਤੀ ਬਿਨਾਂ ਕਿਸੇ ਡਰ, ਭੇਦਭਾਵ ਜਾਂ ਸਮਾਜਿਕ ਬੰਧਨ ਦੇ ਸਨਮਾਨ ਨਾਲ ਜੀਵਨ ਬਤੀਤ ਕਰ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨਾ ਗੁਰੂ ਸਾਹਿਬ ਪ੍ਰਤੀ ਸੱਚੀ ਸ਼ਰਧਾ ਦਾ ਪ੍ਰਗਟਾਵਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਡਰੋਨ ਸ਼ੋਅ ਵਰਗੀਆਂ ਨਿਵੇਕਲੀਆਂ ਪੇਸ਼ਕਾਰੀਆਂ ਨਵੀਂ ਪੀੜ੍ਹੀ ਨੂੰ ਮਹਾਨ ਅਧਿਆਤਮਿਕ ਵਿਰਾਸਤ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਅੰਬਰ ’ਤੇ ਉੱਭਰਦੀਆਂ ਰੌਸ਼ਨ ਆਕ੍ਰਿਤੀਆਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਵਿਚਾਰਧਾਰਾ ਦੀ ਪੇਸ਼ਕਾਰੀ ਬੱਚਿਆਂ ਅਤੇ ਨੌਜਵਾਨਾਂ ਵਿੱਚ ਉਨ੍ਹਾਂ ਦੀ ਬਾਣੀ ਤੇ ਸਿੱਖਿਆਵਾਂ ਬਾਰੇ ਜਾਣਨ ਦੀ ਰੁਚੀ ਵਧਾਉਂਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਸਾਂਝੀਵਾਲਤਾ, ਸੇਵਾ ਅਤੇ ਭਾਈਚਾਰਕ ਏਕਤਾ ਦੀ ਪ੍ਰਤੀਕ ਹੈ। ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦਾ ਉਦੇਸ਼ ਇਸ ਵਿਰਾਸਤ ਨੂੰ ਸੰਭਾਲਣਾ ਅਤੇ ਮਨੁੱਖਤਾ ਪ੍ਰਤੀ ਪਿਆਰ ਤੇ ਬਰਾਬਰੀ ਦੇ ਗੁਰੂ ਸਾਹਿਬ ਦੇ ਸੁਨੇਹੇ ਨੂੰ ਲੋਕ-ਚੇਤਨਾ ਦਾ ਹਿੱਸਾ ਬਣਾਉਣਾ ਹੈ। ਹਰਪਾਲ ਸਿੰਘ ਚੀਮਾ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਸਮਾਜ ਵਿੱਚ ਆਪਸੀ ਸਤਿਕਾਰ, ਸਹਿਯੋਗ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰੇ। ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਬਰਾਬਰ ਮਾਣ ਦੇਣਾ, ਲੋੜਵੰਦਾਂ ਦੀ ਮਦਦ ਕਰਨਾ ਅਤੇ ਸਮਾਜਿਕ ਵਿਤਕਰਿਆਂ ਨੂੰ ਦੂਰ ਕਰਨ ਲਈ ਯਤਨ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

Exit mobile version