ਜਲੰਧਰ, 25 ਸਤੰਬਰ, 2026 (ਸ਼ਹੀਦ-ਏ-ਆਜ਼ਮ ਬਿਊਰੋ) : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਜਲੰਧਰ ਸਥਿਤ ਸ੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਨਤਮਸਤਕ ਹੋ ਕੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਸੰਗਤਾਂ ਨੂੰ ਵਧਾਈਆਂ ਵੀ ਦਿੱਤੀਆਂ। ਰਾਜਪਾਲ ਨੇ ਇਸ ਮੌਕੇ ਕਰਵਾਏ ਗਏ ਹਵਨ-ਯੱਗ ਵਿੱਚ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਦੇ ਦੌਰੇ ਦੌਰਾਨ ਸੋਢਲ ਸੁਧਾਰ ਸਭਾ ਦੇ ਪ੍ਰਧਾਨ ਪੰਕਜ ਚੱਢਾ, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਪਾਇਲਟ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਤੋਂ ਇਲਾਵਾ ਰਾਜਪਾਲ ਨੇ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਵੀ ਮੱਥਾ ਟੇਕਿਆ। ਸ੍ਰੀ ਸਿੱਧ ਬਾਬਾ ਸੋਢਲ ਦਾ ਸਾਲਾਨਾ ਮੇਲਾ ਹਰ ਸਾਲ ਅਨੰਤ ਚਤੁਰਦਸ਼ੀ ਮੌਕੇ ਲੱਗਦਾ ਹੈ ਅਤੇ ਇਸ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਦੇ ਹਨ। ਮੇਲੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਅਤੇ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। 25 ਸਤੰਬਰ ਨੂੰ ਜਲੰਧਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਵੀ ਐਲਾਨੀ ਗਈ ਹੈ।







