ਪੰਜਾਬ ਭਰ ਵਿੱਚ 3,100 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, 1,700 ਦਾ ਕੰਮ ਮੁਕੰਮਲ: ਮੁੱਖ ਮੰਤਰੀ
ਧੂਰੀ, 23 ਨਵੰਬਰ 2026 (ਸ਼ਹੀਦ-ਏ-ਆਜ਼ਮ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੁੜ ਦੁਹਰਾਇਆ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਉਸਾਰੂ ਸੇਧ, ਵਿਸ਼ਵ ਪੱਧਰੀ ਸਹੂਲਤਾਂ ਅਤੇ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਪ੍ਰਦਾਨ ਕਰਕੇ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਖੇਡਾਂ ਨੂੰ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਵਜੋਂ ਵਰਤ ਰਹੀ ਹੈ। ਮੁੱਖ ਮੰਤਰੀ ਨੇ ਧੂਰੀ ਵਿਖੇ ਆਧੁਨਿਕ ਖੇਡ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਅਤੇ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋਟਰਫ਼ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸੂਬੇ ਵਿੱਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ।

10 ਏਕੜ ਵਿੱਚ 39.20 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਇਹ ਖੇਡ ਕੰਪਲੈਕਸ ਜ਼ਮੀਨੀ ਪੱਧਰ ’ਤੇ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਦੇ ਵਿਆਪਕ ਉਪਰਾਲਿਆਂ ਦਾ ਹਿੱਸਾ ਹੈ। ਖੇਡਾਂ ਲਈ 1,744 ਕਰੋੜ ਰੁਪਏ ਦੇ ਰਿਕਾਰਡ ਬਜਟ, ਪੰਜਾਬ ਭਰ ਵਿੱਚ 3,100 ਖੇਡ ਮੈਦਾਨਾਂ ਦੇ ਵਿਕਾਸ, ਓਲੰਪਿਕ ਤਮਗਾ ਜੇਤੂਆਂ ਨੂੰ 1 ਕਰੋੜ ਤੋਂ 3 ਕਰੋੜ ਰੁਪਏ ਤੱਕ ਦੇ ਨਕਦ ਇਨਾਮ ਅਤੇ ਜੂਨੀਅਰ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਹਾਸਲ ਕਰਨ ਦੇ ਯਤਨਾਂ ਰਾਹੀਂ ਭਗਵੰਤ ਮਾਨ ਸਰਕਾਰ ਪੰਜਾਬ ਦੇ ਖਿਡਾਰੀਆਂ ਲਈ ਨਵੇਂ ਮੌਕੇ ਪੈਦਾ ਕਰ ਰਹੀ ਹੈ।
ਬੱਚਿਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਸਵਾਗਤ; ਨੌਜਵਾਨ ਖਿਡਾਰੀਆਂ ਨਾਲ ਕੀਤੀ ਗੱਲਬਾਤ
ਸਮਾਗਮ ਵਾਲੀ ਥਾਂ ’ਤੇ ਪਹੁੰਚਣ ’ਤੇ ਬੱਚਿਆਂ ਨੇ ਗੁਲਾਬ ਦੇ ਫੁੱਲ ਭੇਟ ਕਰਕੇ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਟੀਮਾਂ ਅਤੇ ਖੇਡਾਂ ਦੀ ਨੁਮਾਇੰਦਗੀ ਕਰ ਰਹੇ ਖਿਡਾਰੀਆਂ ਨਾਲ ਹੱਥ ਮਿਲਾਇਆ ਅਤੇ ਉਨ੍ਹਾਂ ਨੂੰ ਪੂਰੀ ਲਗਨ ਨਾਲ ਖੇਡਾਂ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੌਜਵਾਨ ਹਾਕੀ ਖਿਡਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਖੇਡ ਪ੍ਰਤੀ ਉਨ੍ਹਾਂ ਦੇ ਜੋਸ਼ ਤੇ ਜਜ਼ਬੇ ਦੀ ਸ਼ਲਾਘਾ ਕੀਤੀ। ਇਸ ਇਤਿਹਾਸਕ ਮੌਕੇ ’ਤੇ ਜਹਾਂਗੀਰ-ਕਹੇਰੂ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਧੁਨਿਕ ਹਾਕੀ ਐਸਟ੍ਰੋਟਰਫ਼ ਦੀ ਸਹੂਲਤ ਇਲਾਕੇ ਦੇ ਖੇਡ ਬੁਨਿਆਦੀ ਢਾਂਚੇ ਵਿੱਚ ਇੱਕ ਅਹਿਮ ਵਾਧਾ ਹੈ। ਉਨ੍ਹਾਂ ਦੱਸਿਆ ਕਿ 94×56 ਮੀਟਰ ਦਾ ਐਸਟ੍ਰੋਟਰਫ਼ ਮੈਦਾਨ ਅਤੇ ਪੈਵੇਲੀਅਨ 8 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ, “ਹਾਕੀ ਸਾਡੀ ਮਾਂ-ਖੇਡ ਹੈ ਅਤੇ ਪੰਜਾਬੀਆਂ ਦੇ ਖ਼ੂਨ ਵਿੱਚ ਵਸੀ ਹੋਈ ਹੈ। ਇਸ ਵਿਸ਼ਵ ਪੱਧਰੀ ਐਸਟ੍ਰੋਟਰਫ਼ ਮੈਦਾਨ ਨਾਲ ਹੁਣ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਹੀ ਪਿੰਡ ਵਿੱਚ ਕੌਮਾਂਤਰੀ ਪੱਧਰ ਦੀਆਂ ਸਹੂਲਤਾਂ ਮਿਲਣਗੀਆਂ।” ਖੇਡ ਬੁਨਿਆਦੀ ਢਾਂਚੇ ਦੇ ਇਸ ਮਹੱਤਵਪੂਰਨ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 10 ਏਕੜ ਰਕਬੇ ਵਿੱਚ 39.20 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਖੇਡ ਕੰਪਲੈਕਸ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਕੀ ਮੈਦਾਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ, ਜਦਕਿ ਬਾਕੀ ਸਹੂਲਤਾਂ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਤਾਂ ਜੋ ਹਰ ਖੇਡ ਨਾਲ ਸਬੰਧਤ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਕੰਪਲੈਕਸ ਵਿੱਚ ਇੱਕੋ ਛੱਤ ਹੇਠ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ, ਜੂਡੋ, ਜਿਮਨਾਸਟਿਕ, ਹੈਂਡਬਾਲ, ਨੈੱਟਬਾਲ ਅਤੇ ਸਕੁਐਸ਼ ਸਮੇਤ ਕਈ ਖੇਡਾਂ ਲਈ ਸਹੂਲਤਾਂ ਉਪਲਬਧ ਹੋਣਗੀਆਂ।
ਮੁੱਖ ਮੰਤਰੀ ਨੇ ਦੱਸਿਆ ਕਿ 9 ਕਰੋੜ ਰੁਪਏ ਦੀ ਲਾਗਤ ਨਾਲ ਬਹੁਮੰਤਵੀ ਇਨਡੋਰ ਸਪੋਰਟਸ ਹਾਲ ਬਣਾਇਆ ਜਾ ਰਿਹਾ ਹੈ। 65×41 ਮੀਟਰ ਦੇ ਇਸ ਹਾਲ ਦਾ 30 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਨੂੰ 31 ਮਾਰਚ 2027 ਤੱਕ ਮੁਕੰਮਲ ਕਰਨ ਦਾ ਟੀਚਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੈਵੇਲੀਅਨ ਸਮੇਤ 25×15 ਮੀਟਰ ਦਾ ਆਧੁਨਿਕ ਸਵੀਮਿੰਗ ਪੂਲ 5 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ, ਜਿਸ ਦਾ ਕੰਮ 30 ਜੂਨ 2027 ਤੱਕ ਪੂਰਾ ਹੋ ਜਾਵੇਗਾ। ਕੰਪਲੈਕਸ ਵਿੱਚ ਬਣਾਈਆਂ ਜਾ ਰਹੀਆਂ ਹੋਰ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 5.20 ਕਰੋੜ ਰੁਪਏ ਦੀ ਲਾਗਤ ਨਾਲ ਦੋ ਬਾਸਕਟਬਾਲ ਕੋਰਟ, ਦੋ ਵਾਲੀਬਾਲ ਮੈਦਾਨ, ਦੋ ਬੈਡਮਿੰਟਨ ਕੋਰਟ, ਇੱਕ ਸਕੇਟਿੰਗ ਰਿੰਕ, ਇੱਕ ਲਾਅਨ ਟੈਨਿਸ ਕੋਰਟ ਅਤੇ ਇੱਕ ਖੋ-ਖੋ ਕੋਰਟ ਤਿਆਰ ਕੀਤੇ ਜਾ ਰਹੇ ਹਨ। ਇਹ ਸਾਰੀਆਂ ਸਹੂਲਤਾਂ 30 ਜੂਨ 2027 ਤੱਕ ਮੁਕੰਮਲ ਹੋ ਜਾਣਗੀਆਂ। ਮੁੱਖ ਮੰਤਰੀ ਨੇ ਧੂਰੀ ਦੇ ਬਰੜਵਾਲ ਸਥਿਤ ਦੇਸ਼ ਭਗਤ ਕਾਲਜ ਵਿਖੇ 12 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ 400 ਮੀਟਰ ਦੇ ਸਿੰਥੈਟਿਕ ਐਥਲੈਟਿਕਸ ਟਰੈਕ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਦਾ 80 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਹ ਟਰੈਕ 31 ਦਸੰਬਰ 2026 ਤੱਕ ਖਿਡਾਰੀਆਂ ਲਈ ਤਿਆਰ ਹੋ ਜਾਵੇਗਾ।
ਨਸ਼ਿਆਂ ਦੀ ਰੋਕਥਾਮ ਵਿੱਚ ਖੇਡਾਂ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਉਸਾਰੂ ਸੇਧ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਗਤੀਵਿਧੀਆਂ ਵੱਲ ਲਾਉਣ ਵਿੱਚ ਸਹਾਈ ਹੁੰਦੀਆਂ ਹਨ। ਉਨ੍ਹਾਂ ਕਿਹਾ, “ਜਦੋਂ ਸਾਡੇ ਪਿੰਡਾਂ ਵਿੱਚ ਅਜਿਹੇ ਸ਼ਾਨਦਾਰ ਸਟੇਡੀਅਮ ਅਤੇ ਖੇਡ ਸਹੂਲਤਾਂ ਹੋਣਗੀਆਂ ਤਾਂ ਸਾਡੇ ਨੌਜਵਾਨ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣਗੇ ਅਤੇ ਓਲੰਪਿਕ ਤੇ ਏਸ਼ਿਆਈ ਖੇਡਾਂ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਸਾਡੀ ਸਰਕਾਰ ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ਿਆਂ ਦੀ ਬਜਾਏ ਹਾਕੀ ਸਟਿੱਕਾਂ, ਬੱਲੇ, ਰੈਕੇਟ ਅਤੇ ਤਮਗੇ ਦੇਖਣਾ ਚਾਹੁੰਦੀ ਹੈ।” ਉਨ੍ਹਾਂ ਕਿਹਾ ਕਿ ਸਰਕਾਰ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਿਖਲਾਈ ਸਹੂਲਤਾਂ, ਤਿਆਰੀ ਲਈ ਵਿੱਤੀ ਸਹਾਇਤਾ, ਨਕਦ ਇਨਾਮ ਅਤੇ ਤਮਗਾ ਜੇਤੂਆਂ ਨੂੰ ਸਰਕਾਰੀ ਨੌਕਰੀਆਂ ਦੇਣ ਸਮੇਤ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਇਲਾਕਾ ਵਾਸੀਆਂ, ਪਿੰਡਾਂ ਦੀਆਂ ਪੰਚਾਇਤਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡ ਕੰਪਲੈਕਸ ਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਸਾਂਝੇ ਤੌਰ ’ਤੇ ਨਿਭਾਉਣ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਇਲਾਕੇ ਦੇ ਖੇਡ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਇਸ ਨੂੰ ਇੱਕ ਪ੍ਰਮੁੱਖ ਖੇਡ ਕੇਂਦਰ ਵਜੋਂ ਵਿਕਸਤ ਕਰਨਗੇ। ਉਨ੍ਹਾਂ ਕਿਹਾ ਕਿ ਨਵਾਂ ਉਦਘਾਟਨ ਕੀਤਾ ਗਿਆ ਹਾਕੀ ਸਟੇਡੀਅਮ ਜਹਾਂਗੀਰ-ਕਹੇਰੂ ਅਤੇ ਨੇੜਲੇ ਪਿੰਡਾਂ ਦੇ ਖਿਡਾਰੀਆਂ ਤੋਂ ਇਲਾਵਾ ਸੁਨਾਮ ਸਮੇਤ ਆਸ-ਪਾਸ ਦੇ ਇਲਾਕਿਆਂ ਦੇ ਹਾਕੀ ਪ੍ਰੇਮੀਆਂ ਲਈ ਵੀ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਬਣ ਰਿਹਾ ਖੇਡ ਕੰਪਲੈਕਸ ਲਗਪਗ 30 ਫ਼ੀਸਦੀ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਵਿੱਚ ਕਈ ਖੇਡਾਂ ਲਈ ਆਧੁਨਿਕ ਸਹੂਲਤਾਂ ਉਪਲਬਧ ਹੋਣਗੀਆਂ। ਭਾਰਤੀ ਹਾਕੀ ਵਿੱਚ ਪੰਜਾਬ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਦੇ 11 ਖਿਡਾਰੀਆਂ ਵਿੱਚੋਂ 9 ਪੰਜਾਬ ਨਾਲ ਸਬੰਧਤ ਹਨ, ਜੋ ਇਸ ਖੇਡ ਪ੍ਰਤੀ ਸੂਬੇ ਦੇ ਡੂੰਘੇ ਜਨੂੰਨ ਅਤੇ ਅਮੀਰ ਵਿਰਾਸਤ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਹਾਕੀ ਦੀ ਖ਼ਾਸ ਪਰੰਪਰਾ ਰਹੀ ਹੈ ਅਤੇ ਸਰਕਾਰ ਸਿਰਫ਼ ਐਲਾਨ ਕਰਨ ਦੀ ਬਜਾਏ ਸਟੇਡੀਅਮ ਅਤੇ ਖੇਡ ਮੈਦਾਨ ਵਿਕਸਤ ਕਰਕੇ ਇਸ ਖੇਡ ਸੱਭਿਆਚਾਰ ਨੂੰ ਮੁੜ ਮਜ਼ਬੂਤ ਕਰਨ ਲਈ ਵਚਨਬੱਧ ਹੈ।
ਪੰਜਾਬ ਵਿੱਚ ਹਾਲ ਹੀ ਵਿੱਚ ਹੋਈ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਟੂਰਨਾਮੈਂਟ ਨੇ ਖਿਡਾਰੀਆਂ ਨੂੰ ਆਪਣੇ ਘਰੇਲੂ ਮੈਦਾਨਾਂ ’ਤੇ ਉਤਸ਼ਾਹੀ ਦਰਸ਼ਕਾਂ ਸਾਹਮਣੇ ਖੇਡਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਦੇ ਹੋਣਹਾਰ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਦੇਸ਼ ਦੀ ਨੁਮਾਇੰਦਗੀ ਕਰਨ ਦੇ ਬਿਹਤਰ ਮੌਕੇ ਮਿਲ ਸਕਣ। ਖੇਤੀਬਾੜੀ ਖੇਤਰ ਵਿੱਚ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਦੀ ਉਪਲਬਧਤਾ ਵਿੱਚ ਸੁਧਾਰ ਨਾਲ ਕਿਸਾਨਾਂ ਨੂੰ ਸਵੇਰ ਵੇਲੇ ਬਿਜਲੀ ਮਿਲਣ ਵਿੱਚ ਮਦਦ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਹਿਰੀ ਪਾਣੀ ਦੀ ਵਧੀ ਹੋਈ ਉਪਲਬਧਤਾ ਨਾਲ ਖੇਤੀ ਉਤਪਾਦਨ ਵਿੱਚ ਲਗਪਗ 10 ਫ਼ੀਸਦੀ ਵਾਧਾ ਹੋਇਆ ਹੈ। ਮੁੱਖ ਮੰਤਰੀ ਨੇ ਮੁੜ ਦੁਹਰਾਇਆ ਕਿ ਪੰਜਾਬ ਸਰਕਾਰ ਖੇਡ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਜਾਰੀ ਰੱਖੇਗੀ ਅਤੇ ਨੌਜਵਾਨਾਂ ਨੂੰ ਆਪਣੇ ਖੇਡ ਸੁਪਨੇ ਪੂਰੇ ਕਰਨ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਲਈ ਹਰ ਸੰਭਵ ਮੌਕਾ ਅਤੇ ਸਹਾਇਤਾ ਪ੍ਰਦਾਨ ਕਰੇਗੀ।
ਖੇਡਾਂ ਦੇ ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੀ ਵੱਡੀ ਪਹਿਲਕਦਮੀ: ਰਿਕਾਰਡ ਨਿਵੇਸ਼, ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਅਤੇ ਪੰਜਾਬ ਦੇ ਨੌਜਵਾਨਾਂ ਲਈ ਨਵੇਂ ਮੌਕੇ
ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ
- ਪੰਜਾਬ ਨੇ ਪੁਰਸ਼ਾਂ ਦੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਦੀ ਮੇਜ਼ਬਾਨੀ ਕੀਤੀ।
- ਇਹ ਪੰਜਾਬ ਵਿੱਚ ਕਰਵਾਇਆ ਗਿਆ ਪਹਿਲਾ ਕੌਮਾਂਤਰੀ ਖੇਡ ਟੂਰਨਾਮੈਂਟ ਸੀ।
ਓਲੰਪਿਕ ਅਤੇ ਪੈਰਾਲੰਪਿਕ ਤਮਗਾ ਜੇਤੂਆਂ ਲਈ ਨਕਦ ਇਨਾਮ
- ਓਲੰਪਿਕ/ਪੈਰਾਲੰਪਿਕ ਸੋਨ ਤਮਗਾ: 3 ਕਰੋੜ ਰੁਪਏ।
- ਓਲੰਪਿਕ/ਪੈਰਾਲੰਪਿਕ ਚਾਂਦੀ ਦਾ ਤਮਗਾ: 2 ਕਰੋੜ ਰੁਪਏ।
- ਓਲੰਪਿਕ/ਪੈਰਾਲੰਪਿਕ ਕਾਂਸੀ ਦਾ ਤਮਗਾ: 1 ਕਰੋੜ ਰੁਪਏ।
ਖੇਡਾਂ ਵਿੱਚ ਰਿਕਾਰਡ ਨਿਵੇਸ਼
- ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ ਖੇਡਾਂ ਲਈ 1,744 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰੱਖਿਆ ਗਿਆ।
- ਸਾਲ 2022 ਤੋਂ ਹੁਣ ਤੱਕ 40,415 ਖਿਡਾਰੀਆਂ ਨੂੰ 135 ਕਰੋੜ ਰੁਪਏ ਦੇ ਨਕਦ ਇਨਾਮ ਵੰਡੇ ਗਏ ਹਨ।
ਨਵੀਂ ਖੇਡ ਨੀਤੀ ਤਹਿਤ ਖੇਡਾਂ ਦੀ ਤਿਆਰੀ ਲਈ ਵਿੱਤੀ ਸਹਾਇਤਾ
- ਓਲੰਪਿਕ ਖੇਡਾਂ ਦੀ ਤਿਆਰੀ ਲਈ 15 ਲੱਖ ਰੁਪਏ।
- ਏਸ਼ਿਆਈ ਅਤੇ ਰਾਸ਼ਟਰਮੰਡਲ ਖੇਡਾਂ ਦੀ ਤਿਆਰੀ ਲਈ 8 ਲੱਖ ਰੁਪਏ।
- ਹੁਣ ਤੱਕ ਵੱਡੇ ਖੇਡ ਮੁਕਾਬਲਿਆਂ ਦੀ ਤਿਆਰੀ ਲਈ ਖਿਡਾਰੀਆਂ ਨੂੰ 15 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।
ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਖਿਡਾਰੀਆਂ ਦਾ ਸਨਮਾਨ
- ਪੈਰਿਸ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ 20 ਖਿਡਾਰੀਆਂ ਨੂੰ 9.80 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਗਏ।
- ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਦੇ ਅੱਠ ਪੰਜਾਬੀ ਖਿਡਾਰੀਆਂ ਨੂੰ ਇੱਕ-ਇੱਕ ਕਰੋੜ ਰੁਪਏ ਦਿੱਤੇ ਗਏ।
- ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ 11 ਖਿਡਾਰੀਆਂ ਨੂੰ ਪੀ.ਸੀ.ਐੱਸ./ਡੀ.ਐੱਸ.ਪੀ. ਦੇ ਅਹੁਦਿਆਂ ’ਤੇ ਨਿਯੁਕਤ ਕੀਤਾ ਗਿਆ।
- ਪੰਜਾਬ ਦੇ ਖਿਡਾਰੀਆਂ ਨੇ 2023 ਦੀਆਂ ਏਸ਼ਿਆਈ ਖੇਡਾਂ ਵਿੱਚ 20 ਤਮਗੇ ਜਿੱਤੇ। ਤਮਗਾ ਜੇਤੂ 33 ਖਿਡਾਰੀਆਂ ਨੂੰ 30 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਗਏ।
- 85 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
- ਕੌਮੀ ਪੱਧਰ ’ਤੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਵਿੱਚੋਂ ਦੋ ਕੋਚ ਅਤੇ 42 ਜੂਨੀਅਰ ਕੋਚ ਭਰਤੀ ਕੀਤੇ ਗਏ।
ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ
- ਸੂਬੇ ਭਰ ਵਿੱਚ 3,148 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 750 ਦਾ ਉਦਘਾਟਨ ਹੋ ਚੁੱਕਾ ਹੈ।
- ਪੰਜਾਬ ਭਰ ਵਿੱਚ 6,000 ਜਿੰਮ ਬਣਾਏ ਜਾ ਰਹੇ ਹਨ। ਪਹਿਲੇ ਪੜਾਅ ਵਿੱਚ 500 ਜਿੰਮ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।
- ਖੇਡ ਸਾਜ਼ੋ-ਸਾਮਾਨ ਖਰੀਦਣ ਲਈ 9,501 ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 12.50 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ।