ਪਟਿਆਲਾ, 02 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰ ਜਸਵੀਰ ਸਿੰਘ ਸੇਖੋਂ ਨੇ ਪਟਿਆਲਾ ਵਿਖੇ ਮੇਰੀ ਰਸੋਈ, ਮਿਡ ਡੇ ਮੀਲ ਸਕੀਮ, ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਸਾਮਾਨ ਅਤੇ ਖਾਣੇ ਦੀ ਸਟੋਰੇਜ ਸਿਸਟਮ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ , ਡੀਐੱਫੈਐਸਸੀ ਰਵਿੰਦਰ ਕੌਰ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਉਪਰੰਤ ਓਹਨਾ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਿਲ ਲਾਈਨਜ਼ ਦਾ ਦੌਰਾ ਵੀ ਕੀਤਾ। ਓਹਨਾ ਅਧੀਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਪੀਣ ਲਈ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਪਾਣੀ ਦੀ ਟੈਸਟਿੰਗ ਕੀਤੀ ਜਾਵੇ ਅਤੇ ਆਰ.ਓ. ਲਗਾਉਣੇ ਯਕੀਨੀ ਬਣਾਏ ਜਾਣ। ਓਹਨਾ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸ. ਜਸਵੀਰ ਸਿੰਘ ਸੇਖੋਂ ਨੇ ਕਿਹਾ ਕਿ ਸਕੂਲਾਂ ਵਿੱਚ ਲਗਾਏ ਗਏ ਆਰ.ਓ. ਸਿਸਟਮ ਚਾਲੂ ਹਾਲਤ ਵਿੱਚ ਹੋਣੇ ਚਾਹੀਦੇ ਹਨ ਅਤੇ ਬੱਚਿਆਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਸਫ਼ਾਈ ਪ੍ਰਤੀ ਕਮਿਸ਼ਨ ਬਹੁਤ ਸਖ਼ਤ ਹੈ ਅਤੇ ਸਕੂਲਾਂ ਦੇ ਡਾਇਨਿੰਗ ਏਰੀਆ ਦੀ ਸਫ਼ਾਈ ਦੀ ਨਿਯਮਤ ਤੌਰ ’ਤੇ ਜਾਂਚ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਮਿਡ-ਡੇਅ ਮੀਲ ਦੌਰਾਨ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਸਲਾਦ ਵਿੱਚ ਖੀਰਾ, ਗਵਾਰ ਦੀਆਂ ਫਲੀਆਂ ਅਤੇ ਸ਼ਿਮਲਾ ਮਿਰਚ ਆਦਿ ਨੂੰ ਸ਼ਾਮਲ ਕੀਤਾ ਜਾਵੇ, ਤਾਂ ਜੋ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਮਿਲ ਸਕੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਤੁਲਸੀ, ਅਸ਼ਵਗੰਧਾ, ਐਲੋਵੀਰਾ ਅਤੇ ਆਂਵਲੇ ਦੇ ਪੌਦੇ ਲਗਾਏ ਜਾਣ। ਮੀਟਿੰਗ ਦੌਰਾਨ ਸ. ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਨੂੰ ਮਿਡ-ਡੇਅ ਮੀਲ ਅਤੇ ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਖਾਣੇ ਅਤੇ ਹੋਰ ਸਾਮਾਨ ਦੀ ਨਿਰੰਤਰ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੋਸ਼ਣ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸਾਡਾ ਮਕਸਦ ਬੱਚਿਆਂ ਸਮੇਤ ਸਾਰੇ ਲਾਭਪਾਤਰੀਆਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣਾ ਹੈ।