ਤਰਨਤਾਰਨ ਦੇ ਪਰਿਵਾਰ ਨੇ ਸਰਕਾਰ ਕੋਲੋਂ ਲਗਾਈ ਮਦਦ ਦੀ ਗੁਹਾਰ
ਤਰਨਤਾਰਨ/ਲੰਡਨ, 15 ਜੁਲਾਈ 2026: ਇੰਗਲੈਂਡ ਵਿੱਚ ਪੰਜਾਬ ਨਾਲ ਸੰਬੰਧਤ ਇੱਕ ਹੋਰ ਦੁਖਦਾਈ ਘਟਨਾ ਸਾਹਮਣੇ ਆਈ ਹੈ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪਿੱਦੀ ਦੀ ਰਹਿਣ ਵਾਲੀ 24 ਸਾਲਾ ਕਿਰਨਦੀਪ ਕੌਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਪਰਿਵਾਰਕ ਮੈਂਬਰਾਂ ਮੁਤਾਬਕ ਕਿਰਨਦੀਪ ਕੌਰ ਕਰੀਬ ਦੋ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਇੰਗਲੈਂਡ ਦੇ ਹੇਜ਼ ਸ਼ਹਿਰ ਗਈ ਸੀ। ਉਸ ਦੀ ਪੜ੍ਹਾਈ ਪੂਰੀ ਹੋ ਚੁੱਕੀ ਸੀ ਅਤੇ ਜਲਦ ਹੀ ਉਸ ਨੂੰ ਵਰਕ ਪਰਮਿਟ ਮਿਲਣ ਦੀ ਉਮੀਦ ਸੀ।
ਪਰਿਵਾਰ ਨੇ ਦੱਸਿਆ ਕਿ ਘਟਨਾ ਉਸ ਵੇਲੇ ਵਾਪਰੀ ਜਦੋਂ ਕਿਰਨਦੀਪ ਆਪਣੇ ਰਹਾਇਸ਼ੀ ਘਰ ਵਿੱਚ ਕੰਮ ਕਰ ਰਹੀ ਸੀ। ਇਸ ਦੌਰਾਨ ਇੱਕ ਵਿਅਕਤੀ ਘਰ ਵਿੱਚ ਦਾਖ਼ਲ ਹੋਇਆ ਅਤੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਗੰਭੀਰ ਜ਼ਖ਼ਮੀ ਹੋਈ ਕਿਰਨਦੀਪ ਨੂੰ ਇਲਾਜ ਲਈ ਲਿਜਾਇਆ ਗਿਆ, ਪਰ ਉਹ ਜ਼ਖ਼ਮਾਂ ਦੀ ਤਾਬ ਨਾ ਝੱਲ ਸਕੀ ਅਤੇ ਉਸ ਦੀ ਮੌਤ ਹੋ ਗਈ।
ਪਰਿਵਾਰ ਦਾ ਕਹਿਣਾ ਹੈ ਕਿ ਇਹ ਘਟਨਾ ਐਤਵਾਰ ਨੂੰ ਵਾਪਰੀ ਸੀ, ਪਰ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਬਾਅਦ ਵਿੱਚ ਮਿਲੀ। ਉਨ੍ਹਾਂ ਦੱਸਿਆ ਕਿ ਬ੍ਰਿਟਿਸ਼ ਪੁਲਿਸ ਨੇ ਸ਼ੱਕੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤ ਪਰਿਵਾਰ ਨੇ ਭਾਰਤ ਅਤੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਕਿਰਨਦੀਪ ਕੌਰ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਪੰਜਾਬ ਲਿਆਉਣ ਲਈ ਲੋੜੀਂਦੀ ਕੂਟਨੀਤਿਕ ਅਤੇ ਪ੍ਰਸ਼ਾਸਨਿਕ ਸਹਾਇਤਾ ਮੁਹੱਈਆ ਕਰਵਾਈ ਜਾਵੇ, ਤਾਂ ਜੋ ਪਰਿਵਾਰ ਆਪਣੀ ਧੀ ਦਾ ਅੰਤਿਮ ਸੰਸਕਾਰ ਆਪਣੇ ਵਤਨ ਵਿੱਚ ਕਰ ਸਕੇ।
