ਦੇਸ਼:13ਜੁਲਾਈ (ਛਤਰਪਾਲ ਸਿੰਘ):ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਦੀ ਰਫ਼ਤਾਰ ਭਾਵੇਂ ਕੁਝ ਹੌਲੀ ਪਈ ਹੈ, ਪਰ ਕਈ ਰਾਜਾਂ ਵਿੱਚ ਭਾਰੀ ਮੀਂਹ ਲੋਕਾਂ ਲਈ ਮੁਸ਼ਕਲਾਂ ਦਾ ਕਾਰਨ ਬਣਿਆ ਹੋਇਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਉੱਤਰ ਭਾਰਤ ਅਤੇ ਪੂਰਬੀ ਭਾਰਤ ਦੇ ਕਈ ਖੇਤਰਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਜਤਾਉਂਦਿਆਂ 18 ਰਾਜਾਂ ਲਈ ਅਲਰਟ ਜਾਰੀ ਕੀਤਾ ਹੈ।
ਉੱਤਰਾਖੰਡ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਕਾਰਨ ਦੋ ਰਾਸ਼ਟਰੀ ਰਾਜਮਾਰਗਾਂ ਸਮੇਤ 126 ਸੜਕਾਂ ਆਵਾਜਾਈ ਲਈ ਬੰਦ ਹੋ ਗਈਆਂ ਹਨ। ਯਮੁਨੋਤਰੀ ਅਤੇ ਤਵਾਘਾਟ-ਗੂੰਜੀ ਮਾਰਗਾਂ ‘ਤੇ ਵੀ ਮਲਬਾ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਹੈ।
ਦੂਜੇ ਪਾਸੇ, ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਾਰਿਸ਼ ਦਾ ਅਸਰ ਹਰਿਆਣਾ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਯਮੁਨਾ ਅਤੇ ਮਾਰਕੰਡਾ ਨਦੀਆਂ ਦਾ ਜਲ ਪੱਧਰ ਵਧਣ ਨਾਲ ਕਈ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ, ਜਿਸ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ।
ਦਿੱਲੀ ਵਿੱਚ ਵੀ ਯਮੁਨਾ ਨਦੀ ਦਾ ਤੇਜ਼ ਵਹਾਅ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਨਦੀ ਵਿੱਚ ਨਹਾਉਣ ਗਏ ਚਾਰ ਬੱਚੇ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਏ, ਜਿਨ੍ਹਾਂ ਵਿੱਚੋਂ ਦੋ ਦੀਆਂ ਲਾਸ਼ਾਂ ਬਚਾਅ ਟੀਮਾਂ ਨੇ ਬਰਾਮਦ ਕਰ ਲਈਆਂ ਹਨ, ਜਦਕਿ ਬਾਕੀਆਂ ਦੀ ਭਾਲ ਜਾਰੀ ਹੈ।
ਮੌਸਮ ਵਿਭਾਗ ਅਨੁਸਾਰ ਬਿਹਾਰ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਬਿਹਾਰ ਦੇ 19 ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਪਟਨਾ ਵੀ ਸ਼ਾਮਲ ਹੈ, ਲਈ ਚੇਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਮਾਹਿਰਾਂ ਨੇ ਲੋਕਾਂ ਨੂੰ ਦਰਿਆਵਾਂ ਅਤੇ ਪਹਾੜੀ ਖੇਤਰਾਂ ਦੇ ਨੇੜੇ ਜਾਣ ਤੋਂ ਬਚਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ।








