ਪੰਜਾਬ, 3 ਸਤੰਬਰ 2026 (ਰਾਜੇਸ਼ ਕੁਮਾਰ): ਪੰਜਾਬ ਅਤੇ ਚੰਡੀਗੜ੍ਹ ਵਿੱਚ ਹੋ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ 3 ਤੋਂ 5 ਸਤੰਬਰ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਉਂਦਿਆਂ ਕੁਝ ਇਲਾਕਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਕਰੀਬ 20 ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ, ਜਦਕਿ ਕਈ ਹੋਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਸਮੇਤ ਕਈ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੇ ਆਸਾਰ ਹਨ। ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਵੀ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਬੁੱਧਵਾਰ ਰਾਤ ਚੰਡੀਗੜ੍ਹ ਵਿੱਚ ਕਰੀਬ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਪੰਚਕੂਲਾ ਅਤੇ ਮੋਹਾਲੀ ਵਿੱਚ ਵੀ ਰਾਤ ਸਮੇਂ ਮੀਂਹ ਪਿਆ, ਜਦਕਿ ਲੁਧਿਆਣਾ, ਪਟਿਆਲਾ ਅਤੇ ਚਮਕੌਰ ਸਾਹਿਬ ਵਿੱਚ ਦਿਨ ਦੌਰਾਨ ਬਾਰਿਸ਼ ਹੋਈ। ਵੀਰਵਾਰ ਸਵੇਰ ਤੋਂ ਹੀ ਕਈ ਇਲਾਕਿਆਂ ਵਿੱਚ ਅਸਮਾਨ ਬੱਦਲਾਂ ਨਾਲ ਘਿਰਿਆ ਰਿਹਾ ਅਤੇ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਟਰੱਫ ਬਠਿੰਡਾ ਦੇ ਉੱਪਰੋਂ ਲੰਘ ਰਹੀ ਹੈ, ਜਿਸ ਕਾਰਨ ਬਠਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੀਂਹ ਦੀ ਗਤੀਵਿਧੀ ਵਧ ਸਕਦੀ ਹੈ। ਇਸ ਤੋਂ ਇਲਾਵਾ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਤੋਂ ਬੰਗਾਲ ਤੱਕ ਫੈਲੀ ਇੱਕ ਹੋਰ ਟਰੱਫ ਵੀ ਮਾਨਸੂਨ ਨੂੰ ਸਰਗਰਮ ਰੱਖਣ ਵਿੱਚ ਯੋਗਦਾਨ ਪਾ ਰਹੀ ਹੈ। ਉਧਰ, ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 36.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮਾਨਸੂਨ ਸੀਜ਼ਨ ਦੌਰਾਨ ਪੰਜਾਬ ਵਿੱਚ ਆਮ ਨਾਲੋਂ ਕਰੀਬ 37 ਫੀਸਦੀ ਘੱਟ ਬਾਰਿਸ਼ ਦਰਜ ਹੋਈ ਹੈ। ਬਾਰਿਸ਼ ਕਾਰਨ ਸੂਬੇ ਵਿੱਚ ਬਿਜਲੀ ਦੀ ਮੰਗ ਵਿੱਚ ਵੀ ਕਮੀ ਆਈ ਹੈ। ਵੀਰਵਾਰ ਸਵੇਰੇ ਪੰਜਾਬ ਵਿੱਚ ਬਿਜਲੀ ਦੀ ਮੰਗ 12,789 ਮੈਗਾਵਾਟ ਰਹੀ। ਇਸ ਵਿੱਚੋਂ 4,793 ਮੈਗਾਵਾਟ ਬਿਜਲੀ ਸੂਬੇ ਵਿੱਚ ਪੈਦਾ ਕੀਤੀ ਜਾ ਰਹੀ ਸੀ, ਜਦਕਿ ਲਗਭਗ 7,997 ਮੈਗਾਵਾਟ ਬਿਜਲੀ ਬਾਹਰੋਂ ਹਾਸਲ ਕੀਤੀ ਜਾ ਰਹੀ ਸੀ।
