ਚੰਡੀਗੜ੍ਹ, 2 ਅਗਸਤ, 2026 (ਜਤਿੰਦਰ ਗਰਗ) : ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਐਤਵਾਰ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਜਦਕਿ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਵਰਖਾ ਹੋਣ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਵੱਲੋਂ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਧਿਕਾਰੀਆਂ ਅਨੁਸਾਰ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਵੀ ਵਾਪਰ ਸਕਦੀਆਂ ਹਨ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਮੋਹਾਲੀ, ਰੂਪਨਗਰ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਦਰਮਿਆਨੇ ਤੋਂ ਹਲਕੇ ਮੀਂਹ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਵੀ ਦਿਨ ਭਰ ਬੱਦਲਵਾਈ ਅਤੇ ਰੁਕ-ਰੁਕ ਕੇ ਬਾਰਿਸ਼ ਹੋ ਸਕਦੀ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਉੱਤਰੀ ਭਾਰਤ ਵਿੱਚ ਸਰਗਰਮ ਮਾਨਸੂਨੀ ਪ੍ਰਣਾਲੀ ਅਤੇ ਪੱਛਮੀ ਵਿਕਸ਼ੋਭ ਦੇ ਪ੍ਰਭਾਵ ਕਾਰਨ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਦਾ ਦੌਰ ਜਾਰੀ ਰਹਿ ਸਕਦਾ ਹੈ। ਇਸ ਦੌਰਾਨ ਲੋਕਾਂ ਨੂੰ ਖੁੱਲ੍ਹੇ ਸਥਾਨਾਂ ਤੋਂ ਦੂਰ ਰਹਿਣ ਅਤੇ ਯਾਤਰਾ ਸਮੇਂ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ।
