ਪੰਜਾਬ, 9 ਅਕਤੂਬਰ, 2026 (ਛਤਰਪਾਲ ਸਿੰਘ): ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ ਹੈ, ਪਰ ਆਉਣ ਵਾਲੇ ਦਿਨਾਂ ਦੌਰਾਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 10 ਅਤੇ 11 ਅਕਤੂਬਰ ਲਈ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।
10 ਅਤੇ 11 ਅਕਤੂਬਰ ਨੂੰ ਬਦਲ ਸਕਦਾ ਹੈ ਮੌਸਮ : ਮੌਸਮ ਵਿਭਾਗ, ਚੰਡੀਗੜ੍ਹ ਦੇ ਪੂਰਵ ਅਨੁਮਾਨ ਮੁਤਾਬਕ 10 ਅਤੇ 11 ਅਕਤੂਬਰ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਇਸ ਦੌਰਾਨ ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਰਹੇਗੀ ਮੌਸਮ ਦੀ ਵਧੇਰੇ ਸਰਗਰਮੀ : ਯੈਲੋ ਅਲਰਟ ਹੇਠ ਆਉਣ ਵਾਲੇ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਸ਼ਾਮਲ ਹਨ। ਇਨ੍ਹਾਂ ਇਲਾਕਿਆਂ ਵਿੱਚ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।
12 ਅਕਤੂਬਰ ਤੋਂ ਮੌਸਮ ਸਾਫ਼ ਰਹਿਣ ਦੀ ਉਮੀਦ : ਪੂਰਵ ਅਨੁਮਾਨ ਅਨੁਸਾਰ 12 ਅਕਤੂਬਰ ਤੋਂ ਸੂਬੇ ਵਿੱਚ ਮੌਸਮ ਮੁੜ ਸਾਫ਼ ਹੋ ਸਕਦਾ ਹੈ। ਇਸ ਦਿਨ ਤੋਂ ਬਾਅਦ ਕਿਸੇ ਵੀ ਜ਼ਿਲ੍ਹੇ ਲਈ ਮੌਸਮ ਸਬੰਧੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਮੌਸਮ ਵਿੱਚ ਸੰਭਾਵਿਤ ਤਬਦੀਲੀ ਨੂੰ ਦੇਖਦਿਆਂ ਲੋਕਾਂ ਨੂੰ ਅਗਲੇ ਦਿਨਾਂ ਦੌਰਾਨ ਮੌਸਮ ਦੀ ਤਾਜ਼ਾ ਜਾਣਕਾਰੀ ਲੈਂਦੇ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। ਖ਼ਾਸ ਕਰਕੇ ਗਰਜ-ਚਮਕ ਅਤੇ ਤੇਜ਼ ਹਵਾਵਾਂ ਦੌਰਾਨ ਖੁੱਲ੍ਹੀਆਂ ਥਾਵਾਂ ’ਤੇ ਜਾਣ ਤੋਂ ਬਚਣਾ ਚਾਹੀਦਾ ਹੈ।
