ਚੰਡੀਗੜ੍ਹ, 31 ਜੁਲਾਈ, 2026 (ਹਰਸ਼ਪ੍ਰੀਤ ਕੌਰ): ਪੰਜਾਬ ਵਿੱਚ ਆਉਂਦੇ ਕੁਝ ਦਿਨਾਂ ਦੌਰਾਨ ਮੌਸਮ ਦੇ ਮੀਂਹ ਵਾਲੇ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 31 ਜੁਲਾਈ ਤੋਂ 3 ਅਗਸਤ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਭਾਰੀ ਮੀਂਹ ਸਬੰਧੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਮੋਹਾਲੀ, ਰੂਪਨਗਰ, ਜਲੰਧਰ, ਕਪੂਰਥਲਾ, ਤਰਨਤਾਰਨ ਅਤੇ ਨਵਾਂਸ਼ਹਿਰ ਦੇ ਕੁਝ ਖੇਤਰਾਂ ਵਿੱਚ ਵੀ ਤੇਜ਼ ਮੀਂਹ ਪੈਣ ਦੇ ਆਸਾਰ ਹਨ।
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਦੇਸ਼ ਦੇ ਮੱਧ ਅਤੇ ਪੱਛਮੀ ਹਿੱਸਿਆਂ ਵਿੱਚ ਬਣੇ ਘੱਟ ਦਬਾਅ ਵਾਲੇ ਸਿਸਟਮ ਅਤੇ ਮਾਨਸੂਨੀ ਗਤੀਵਿਧੀਆਂ ਕਾਰਨ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ। ਹਾਲਾਂਕਿ ਅਗਲੇ 24 ਘੰਟਿਆਂ ਦੌਰਾਨ ਬਹੁਤ ਜ਼ਿਆਦਾ ਮੀਂਹ ਦੀ ਸੰਭਾਵਨਾ ਘੱਟ ਦੱਸੀ ਗਈ ਹੈ।ਤਾਪਮਾਨ ਵਿੱਚ ਵੀ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।
