ਪੰਜਾਬ ਪੰਜਾਬ ਵਿੱਚ ਰਾਸ਼ਨ ਵੰਡ ਪ੍ਰਣਾਲੀ ਨੂੰ ਮਿਲੇਗੀ ਨਵੀਂ ਰਫ਼ਤਾਰ By Choudhary Chhatarpal Singh - July 16, 2026 0 Facebook Twitter Pinterest WhatsApp ਮੁੱਖ ਮੰਤਰੀ ਮਾਨ ਅੱਜ 2,800 ਨਵੇਂ ਰਾਸ਼ਨ ਡਿਪੂਆਂ ਦੇ ਲਾਇਸੈਂਸ ਕਰਨਗੇ ਜਾਰੀ ਮੋਹਾਲੀ, 16 ਜੁਲਾਈ 2026 (ਛਤਰਪਾਲ ਸਿੰਘ): ਪੰਜਾਬ ਸਰਕਾਰ ਲੋਕਾਂ ਤੱਕ ਸਰਕਾਰੀ ਰਾਸ਼ਨ ਦੀ ਸਹੂਲਤ ਨੂੰ ਹੋਰ ਆਸਾਨ ਅਤੇ ਪਾਰਦਰਸ਼ੀ ਬਣਾਉਣ ਲਈ ਅੱਜ ਇੱਕ ਮਹੱਤਵਪੂਰਨ ਕਦਮ ਚੁੱਕਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੋਹਾਲੀ ਦੇ ਵਿਕਾਸ ਭਵਨ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਦੇ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਜਾਰੀ ਕਰਨਗੇ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਪਹਿਲ ਨਾਲ ਸਰਕਾਰੀ ਰਾਸ਼ਨ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਹੁਣ ਲੰਬੀ ਦੂਰੀ ਤੈਅ ਕਰਨ ਜਾਂ ਲੰਬੀਆਂ ਕਤਾਰਾਂ ਵਿੱਚ ਖੜ੍ਹਨ ਦੀ ਲੋੜ ਨਹੀਂ ਪਵੇਗੀ। ਨਵੇਂ ਡਿਪੂ ਖੁੱਲ੍ਹਣ ਨਾਲ ਰਾਸ਼ਨ ਵੰਡ ਪ੍ਰਣਾਲੀ ਹੋਰ ਸੁਚਾਰੂ, ਸੁਵਿਧਾਜਨਕ ਅਤੇ ਲੋਕਾਂ ਦੀ ਪਹੁੰਚ ਦੇ ਨੇੜੇ ਹੋਵੇਗੀ। ਇਹ ਲਾਇਸੈਂਸ ਮਾਨ ਸਰਕਾਰ ਦੀ ‘ਨਵੀਂ ਰਾਸ਼ਨ ਡਿਪੂ ਅਲਾਟਮੈਂਟ ਪਾਲਿਸੀ’ ਤਹਿਤ ਜਾਰੀ ਕੀਤੇ ਜਾ ਰਹੇ ਹਨ, ਜਿਸ ਨੂੰ ਸਮਾਜਿਕ ਨਿਆਂ, ਪਾਰਦਰਸ਼ਤਾ ਅਤੇ ਬਰਾਬਰ ਦੇ ਮੌਕਿਆਂ ਨੂੰ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ 2,800 ਨਵੇਂ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਦੌਰਾਨ ਸਮਾਜ ਦੇ ਵੱਖ-ਵੱਖ ਵਰਗਾਂ ਲਈ ਰਾਖਵਾਂਕਰਨ ਦੀ ਵਿਵਸਥਾ ਕੀਤੀ ਗਈ ਹੈ, ਤਾਂ ਜੋ ਹਰ ਵਰਗ ਨੂੰ ਇਸ ਯੋਜਨਾ ਦਾ ਲਾਭ ਮਿਲ ਸਕੇ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣ। ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਨਵੀਂ ਨੀਤੀ ਨਾਲ ਨਾ ਸਿਰਫ਼ ਜਨਤਕ ਵੰਡ ਪ੍ਰਣਾਲੀ (ਪੀਡੀਐੱਸ) ਨੂੰ ਮਜ਼ਬੂਤੀ ਮਿਲੇਗੀ, ਸਗੋਂ ਲੋੜਵੰਦ ਪਰਿਵਾਰਾਂ ਤੱਕ ਰਾਸ਼ਨ ਦੀ ਸਮੇਂ ਸਿਰ ਅਤੇ ਸੁਚਾਰੂ ਸਪਲਾਈ ਵੀ ਯਕੀਨੀ ਬਣੇਗੀ।