28 ਨਵੰਬਰ, 2026 (ਸ਼ਹੀਦ-ਏ-ਆਜ਼ਮ ਬਿਊਰੋ): ਪੰਜਾਬ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਨਾਲ ਸਬੰਧਤ ਮੁੜ ਵੋਟਿੰਗ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਈ ਜਾ ਰਹੀ ਹੈ। ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਤੋਂ ਇਲਾਵਾ ਮੋਗਾ ਜ਼ਿਲ੍ਹੇ ਦੀਆਂ ਬਾਘਾਪੁਰਾਣਾ ਅਤੇ ਧਰਮਕੋਟ ਨਗਰ ਕੌਂਸਲਾਂ ਦੇ ਕ੍ਰਮਵਾਰ 15 ਅਤੇ 7 ਵਾਰਡਾਂ ਵਿੱਚ ਵੋਟਰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰ ਰਹੇ ਹਨ। ਕੁੱਲ 52 ਵਾਰਡਾਂ ਵਿੱਚ ਸਵੇਰੇ 8 ਵਜੇ ਸ਼ੁਰੂ ਹੋਈ ਵੋਟਿੰਗ ਸ਼ਾਮ 4 ਵਜੇ ਤੱਕ ਚੱਲੇਗੀ।
ਇਨ੍ਹਾਂ ਵਾਰਡਾਂ ਵਿੱਚ ਮੁੜ ਚੋਣ ਕਰਵਾਉਣ ਦਾ ਫੈਸਲਾ ਅਦਾਲਤੀ ਹੁਕਮਾਂ ਤੋਂ ਬਾਅਦ ਲਿਆ ਗਿਆ ਸੀ। ਇਸ ਤੋਂ ਪਹਿਲਾਂ 21 ਦਸੰਬਰ 2024 ਨੂੰ ਹੋਈਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੌਰਾਨ ਨਾਮਜ਼ਦਗੀ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਅਤੇ ਰੁਕਾਵਟਾਂ ਦੇ ਮਾਮਲੇ ਸਾਹਮਣੇ ਆਏ ਸਨ। ਵਿਰੋਧੀ ਧਿਰਾਂ ਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਖੋਹਣ, ਧਮਕੀਆਂ ਦੇਣ ਅਤੇ ਹੱਥੋਪਾਈ ਵਰਗੀਆਂ ਘਟਨਾਵਾਂ ਦੇ ਦੋਸ਼ ਲਗਾਏ ਸਨ। ਇਨ੍ਹਾਂ ਸ਼ਿਕਾਇਤਾਂ ਅਤੇ ਜਾਂਚ ਤੋਂ ਬਾਅਦ ਸੁਪਰੀਮ ਕੋਰਟ ਨੇ ਸਬੰਧਤ ਵਾਰਡਾਂ ਵਿੱਚ ਦੁਬਾਰਾ ਚੋਣ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ।
ਪਟਿਆਲਾ ਵਿੱਚ ਚੋਣ ਮੁਕਾਬਲਾ ਕਾਫ਼ੀ ਦਿਲਚਸਪ ਬਣਿਆ ਹੋਇਆ ਹੈ। ਸ਼ਹਿਰ ਦੇ ਕੁੱਲ 60 ਵਾਰਡਾਂ ਵਿੱਚੋਂ 30 ਵਾਰਡਾਂ ਲਈ ਵੋਟਾਂ ਪੈ ਰਹੀਆਂ ਹਨ। ਇਨ੍ਹਾਂ ਵਿੱਚ 21 ਵਾਰਡ ਪਟਿਆਲਾ ਸ਼ਹਿਰੀ, 8 ਪਟਿਆਲਾ ਦਿਹਾਤੀ ਅਤੇ ਇੱਕ ਵਾਰਡ ਸਨੌਰ ਵਿਧਾਨ ਸਭਾ ਹਲਕੇ ਅਧੀਨ ਆਉਂਦਾ ਹੈ। ਇਨ੍ਹਾਂ ਵਾਰਡਾਂ ਤੋਂ ਕੁੱਲ 165 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚ 45 ਆਜ਼ਾਦ ਉਮੀਦਵਾਰ ਵੀ ਸ਼ਾਮਲ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਟਿਆਲਾ ਦੇ ਇਨ੍ਹਾਂ ਵਾਰਡਾਂ ਵਿੱਚ ਕੁੱਲ 1,49,768 ਵੋਟਰ ਹਨ। ਇਨ੍ਹਾਂ ਵਿੱਚ 77,419 ਪੁਰਸ਼, 72,338 ਔਰਤਾਂ ਅਤੇ 11 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ।
ਚੋਣਾਂ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਪੋਲਿੰਗ ਬੂਥਾਂ ਦਾ ਦੌਰਾ ਕਰ ਰਹੇ ਹਨ। ਭਾਜਪਾ ਆਗੂ ਜੈ ਇੰਦਰ ਕੌਰ ਨੇ ਕਈ ਬੂਥਾਂ ਦਾ ਜਾਇਜ਼ਾ ਲਿਆ ਅਤੇ ਉੱਥੇ ਮੌਜੂਦ ਪਾਰਟੀ ਵਰਕਰਾਂ ਨਾਲ ਗੱਲਬਾਤ ਕੀਤੀ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਸ਼ਹਿਰੀ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਦੁੱਗਲ ਨੇ ਵੀ ਵੱਖ-ਵੱਖ ਪੋਲਿੰਗ ਕੇਂਦਰਾਂ ਦਾ ਦੌਰਾ ਕਰਕੇ ਪਾਰਟੀ ਵਰਕਰਾਂ ਨਾਲ ਚੋਣ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਨ੍ਹਾਂ ਮੁੜ ਚੋਣਾਂ ਨੂੰ ਸਥਾਨਕ ਪੱਧਰ ‘ਤੇ ਸਿਆਸੀ ਪਾਰਟੀਆਂ ਦੀ ਸਥਿਤੀ ਅਤੇ ਜਥੇਬੰਦਕ ਤਾਕਤ ਪਰਖਣ ਦੇ ਲਿਹਾਜ਼ ਨਾਲ ਵੀ ਅਹਿਮ ਮੰਨਿਆ ਜਾ ਰਿਹਾ ਹੈ।
