ਇਸ ਮੌਕੇ ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਆਪਣਾ ਘਰ ਹਰ ਪਰਿਵਾਰ ਲਈ ਸਿਰਫ਼ ਰਹਿਣ ਦੀ ਥਾਂ ਹੀ ਨਹੀਂ, ਸਗੋਂ ਸੁਰੱਖਿਆ, ਸਵੈਮਾਣ ਅਤੇ ਭਵਿੱਖ ਦੀਆਂ ਉਮੀਦਾਂ ਦਾ ਕੇਂਦਰ ਹੁੰਦਾ ਹੈ। ਅਜਿਹੇ ਵਿੱਚ ਘਰ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਮਿਲਣਾ ਲੋਕਾਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਉਦੇਸ਼ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੀਆਂ ਰਿਹਾਇਸ਼ੀ ਜਾਇਦਾਦਾਂ ਦੇ ਮਾਲਕਾਨਾ ਹੱਕਾਂ ਦਾ ਸਪੱਸ਼ਟ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆਂ ਲੋੜਾਂ ਨੂੰ ਪਹਿਲ ਦੇ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਇਹ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਕਿ ਸਰਕਾਰੀ ਸਕੀਮਾਂ ਦਾ ਲਾਭ ਪਿੰਡਾਂ ਦੇ ਯੋਗ ਲਾਭਪਾਤਰੀਆਂ ਤੱਕ ਪਹੁੰਚੇ ਅਤੇ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਸੁਖਾਲੇ ਢੰਗ ਨਾਲ ਮਿਲਣ।
ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਪ੍ਰਾਪਰਟੀ ਕਾਰਡ ਰਿਹਾਇਸ਼ੀ ਜਾਇਦਾਦ ਦੀ ਮਾਲਕੀ ਸਬੰਧੀ ਰਿਕਾਰਡ ਨੂੰ ਸਪੱਸ਼ਟ ਕਰਨ ਵੱਲ ਅਹਿਮ ਕਦਮ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਤੱਕ ਮਾਲਕੀ ਸਬੰਧੀ ਦਸਤਾਵੇਜ਼ ਪਹੁੰਚਾਉਣਾ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਪ੍ਰਾਪਤ ਪ੍ਰਾਪਰਟੀ ਕਾਰਡ ਸੰਭਾਲ ਕੇ ਰੱਖਣ ਅਤੇ ਦਰਜ ਵੇਰਵਿਆਂ ਸਬੰਧੀ ਕਿਸੇ ਸਪੱਸ਼ਟੀਕਰਨ ਦੀ ਲੋੜ ਹੋਣ ’ਤੇ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਦਾ ਵਿਕਾਸ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਲੋਕਾਂ ਦੇ ਹੱਕਾਂ ਨੂੰ ਮਜ਼ਬੂਤ ਕਰਨ ਨਾਲ ਵੀ ਜੁੜਿਆ ਹੋਇਆ ਹੈ। ‘ਮੇਰਾ ਘਰ ਮੇਰੇ ਨਾਮ’ ਸਕੀਮ ਇਸੇ ਸੋਚ ਨੂੰ ਅਮਲੀ ਰੂਪ ਦਿੰਦੀ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੀ ਪਛਾਣ ਮੁਹੱਈਆ ਕਰਵਾਉਂਦੀ ਹੈ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।






