ਪੰਜਾਬ, 28 ਜੁਲਾਈ, 2026 (ਜਗਦੇਵ ਸਿੰਘ ਜੱਗੀ) : ਪੰਜਾਬ ਵਿੱਚ ਮਾਨਸੂਨ ਨੇ ਤੇਜ਼ ਰਫ਼ਤਾਰ ਫੜ ਲਈ ਹੈ। ਮੌਸਮ ਵਿਭਾਗ ਨੇ ਪਹਿਲੀ ਵਾਰ ਪੰਜਾਬ ਅਤੇ ਚੰਡੀਗੜ੍ਹ ਲਈ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਕੁਝ ਦਿਨਾਂ ਦੌਰਾਨ ਕਈ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ ਅਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਵੀ ਵਾਪਰ ਸਕਦੀਆਂ ਹਨ।
ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਦਰੱਖਤਾਂ, ਬਿਜਲੀ ਦੇ ਖੰਭਿਆਂ ਅਤੇ ਹੋਰ ਅਸੁਰੱਖਿਅਤ ਥਾਵਾਂ ਹੇਠ ਖੜ੍ਹੇ ਹੋਣ ਤੋਂ ਬਚਣ ਦੀ ਸਲਾਹ ਦਿੱਤੀ ਹੈ। ਨਾਲ ਹੀ ਪਾਣੀ ਨਾਲ ਭਰੇ ਹੋਏ ਇਲਾਕਿਆਂ ਅਤੇ ਨੀਵੇਂ ਖੇਤਰਾਂ ਵਿੱਚ ਜਾਣ ਤੋਂ ਵੀ ਮਨ੍ਹਾਂ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਅਨੁਸਾਰ 31 ਜੁਲਾਈ ਤੱਕ ਸੂਬੇ ਵਿੱਚ ਮੀਂਹ ਦਾ ਇਹ ਦੌਰ ਜਾਰੀ ਰਹਿ ਸਕਦਾ ਹੈ।
ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਭਾਖੜਾ ਅਤੇ ਪੌਂਗ ਡੈਮਾਂ ਵਿੱਚ ਪਾਣੀ ਦਾ ਪੱਧਰ ਵੀ ਤੇਜ਼ੀ ਨਾਲ ਵੱਧ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਮੀਂਹ ਦਾ ਇਹ ਸਿਲਸਿਲਾ ਜਾਰੀ ਰਿਹਾ ਤਾਂ ਆਉਣ ਵਾਲੇ ਹਫ਼ਤਿਆਂ ਵਿੱਚ ਡੈਮਾਂ ਦੇ ਪਾਣੀ ਦੇ ਪੱਧਰ ਖ਼ਤਰੇ ਦੀ ਹੱਦ ਦੇ ਨੇੜੇ ਪਹੁੰਚ ਸਕਦੇ ਹਨ। ਅਜਿਹੀ ਸਥਿਤੀ ਵਿੱਚ ਹੜ੍ਹ ਵਾਲੇ ਗੇਟ ਖੋਲ੍ਹਣੇ ਪੈ ਸਕਦੇ ਹਨ, ਜਿਸ ਨਾਲ ਹੇਠਲੇ ਇਲਾਕਿਆਂ ਵਿੱਚ ਹੜ੍ਹ ਦਾ ਖ਼ਤਰਾ ਵਧ ਸਕਦਾ ਹੈ।
ਇਸ ਦੌਰਾਨ ਮੀਂਹ ਕਾਰਨ ਇੱਕ ਦਰਦਨਾਕ ਹਾਦਸਾ ਵੀ ਸਾਹਮਣੇ ਆਇਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਪਠਾਨਕੋਟ-ਚੰਬਾ ਰਾਸ਼ਟਰੀ ਰਾਜਮਾਰਗ ‘ਤੇ ਇੱਕ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਹਾਦਸੇ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਅੱਠ ਮਹੀਨੇ ਦਾ ਬੱਚਾ, ਦੋ ਔਰਤਾਂ ਅਤੇ ਦੋ ਹੋਰ ਪਰਿਵਾਰਕ ਮੈਂਬਰ ਸ਼ਾਮਲ ਹਨ। ਰਾਹਤ ਟੀਮਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਲਾਸ਼ਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ।
ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮੌਸਮ ਦੀਆਂ ਚੇਤਾਵਨੀਆਂ ਦੀ ਪਾਲਣਾ ਕਰਨ ਅਤੇ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।
