ਬਸੀ ਪਠਾਣਾ/ਫਤਹਿਗੜ੍ਹ ਸਾਹਿਬ, 23 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਪੰਜਾਬ ਦੇ ਯੁਵਕਾਂ ਦਾ ਸਿਖਲਾਈ ਤੇ ਰੋਜ਼ਗਾਰ ਕੇਂਦਰ (ਸੀ-ਪਾਈਟ ਕੈਂਪ), ਸ਼ਹੀਦਗੜ੍ਹ ਦੇ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿਖੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਸਿਕਿਓਰਿਟੀ ਗਾਰਡ ਦੇ ਮੁਫ਼ਤ ਸਿਖਲਾਈ ਕੋਰਸ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਸ ਕੋਰਸ ਵਿੱਚ ਦਾਖ਼ਲਾ ਲੈਣ ਲਈ ਉਮੀਦਵਾਰ ਦੀ ਉਮਰ 21 ਤੋਂ 29 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਕੋਰਸ ਪ੍ਰੋਟਾਟੈਕ ਕੰਪਨੀ ਵੱਲੋਂ ਕਰਵਾਇਆ ਜਾ ਰਿਹਾ ਹੈ। ਇਹ ਕੋਰਸ ਪੰਜਾਬ ਸਰਕਾਰ ਦੁਆਰਾ ਬਣਾਏ ਗਏ ਨਵੇਂ ਸੀ-ਪਾਈਟ ਕੈਂਪ, ਖੇੜੀ (ਜ਼ਿਲ੍ਹਾ ਸੰਗਰੂਰ) ਵਿਖੇ 01 ਦਸੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਕੋਰਸ ਦੇ ਦੌਰਾਨ ਮੁਫ਼ਤ ਰਹਿਣ ਅਤੇ ਖਾਣ ਦਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਗਿਆ ਹੈ।
ਕੈਪਟਨ ਇੰਦਰਜੀਤ ਕੁਮਾਰ ਨੇ ਦੱਸਿਆ ਕਿ ਕੋਰਸ ਸਫਲਤਾਪੂਰਵਕ ਪੂਰਾ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਕਾਰੀ ਮਾਨਤਾ ਪ੍ਰਾਪਤ ਸਰਟੀਫਿਕੇਟ ਦਿੱਤਾ ਜਾਵੇਗਾ, ਜੋ ਕਿ ਦੇਸ਼ ਦੇ ਨਾਲ-ਨਾਲ ਬਾਹਰਲੇ ਦੇਸ਼ਾਂ ਵਿੱਚ ਵੀ ਰੋਜ਼ਗਾਰ ਲਈ ਮਾਨਤਾ ਪ੍ਰਾਪਤ ਹੋਵੇਗਾ। ਇਸ ਤੋਂ ਇਲਾਵਾ ਜਿਹੜੇ ਨੌਜਵਾਨ ਵਿਦੇਸ਼ ਜਾਣ ਦੀ ਬਜਾਏ ਇੱਥੇ ਹੀ ਰਹਿ ਕੇ ਨੌਕਰੀ ਕਰਨ ਦੇ ਚਾਹਵਾਨ ਹਨ, ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਿਕਿਓਰਿਟੀ ਗਾਰਡ ਦੀ ਨੌਕਰੀਂ ਤੇ ਰਖਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਰਸ ਲਈ ਉਮੀਦਵਾਰ ਦੀ ਘੱਟੋ-ਘੱਟ ਵਿਦਿਅਕ ਯੋਗਤਾ 10ਵੀਂ ਪਾਸ ਲਾਜਮੀ ਹੋਵੇ। ਰਜਿਸਟ੍ਰੇਸ਼ਨ ਕਰਵਾਉਣ ਲਈ ਚਾਹਵਾਨ ਨੌਜਵਾਨ ਆਪਣੇ ਨਾਲ ਵਿਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਆਧਾਰ ਕਾਰਡ, ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ (ਜੇਕਰ ਲਾਗੂ ਹੋਵੇ) ਅਤੇ 02 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਆਉਣ। ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 7888586296 ਅਤੇ 9877678994 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਇਲਾਕੇ ਦੇ ਚਾਹਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਸੀਟਾਂ ਲਿਮਿਟਿਡ ਹਨ ਇਸਲਈ ਉਹ ਇਸ ਸੁਨਹਿਰੀ ਮੌਕੇ ਦਾ ਲਾਭ ਲੈਣ ।
