ਸੋਨੀਪਤ, 4 ਅਗਸਤ 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਕੈਬਨਿਟ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਗੋਹਾਨਾ ਖੇਤਰ ਲਈ ਐਲਾਨੇ ਗਏ 700 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਸੜਕਾਂ, ਪੀਣ ਵਾਲੇ ਪਾਣੀ, ਸਿਹਤ ਸੇਵਾਵਾਂ, ਸਟੇਡੀਅਮ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।
ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣ ਅਤੇ ਕਿਸੇ ਵੀ ਫਾਈਲ ਜਾਂ ਟੈਂਡਰ ਪ੍ਰਕਿਰਿਆ ਵਿੱਚ ਬੇਲੋੜੀ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪ੍ਰੋਜੈਕਟ ਵਿੱਚ ਕੋਈ ਰੁਕਾਵਟ ਹੈ ਤਾਂ ਉਸ ਬਾਰੇ ਤੁਰੰਤ ਸਰਕਾਰ ਨੂੰ ਜਾਣੂ ਕਰਵਾਇਆ ਜਾਵੇ। ਡਾ. ਸ਼ਰਮਾ ਨੇ ਸਪੱਸ਼ਟ ਕੀਤਾ ਕਿ ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਰੂਰਤ ਪੈਣ ‘ਤੇ ਅਧਿਕਾਰੀਆਂ ਦੀ ਜਵਾਬਦੇਹੀ ਵੀ ਤੈਅ ਕੀਤੀ ਜਾਵੇਗੀ।







