Home ਪੰਜਾਬ ਧੂਰੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ, ਓ.ਐਸ.ਡੀ. ਸੁਖਵੀਰ ਸਿੰਘ ਨੇ ਅਧਿਕਾਰੀਆਂ ਨੂੰ...

ਧੂਰੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ, ਓ.ਐਸ.ਡੀ. ਸੁਖਵੀਰ ਸਿੰਘ ਨੇ ਅਧਿਕਾਰੀਆਂ ਨੂੰ ਤੇਜ਼ੀ ਨਾਲ ਕੰਮ ਪੂਰਾ ਕਰਨ ਦੇ ਦਿੱਤੇ ਨਿਰਦੇਸ਼

0

ਸੰਗਰੂਰ/ਧੂਰੀ 22 ਜੁਲਾਈ, 2026 (ਜਤਿੰਦਰ ਗਰਗ): ਧੂਰੀ ਸ਼ਹਿਰ ਵਿੱਚ ਚੱਲ ਰਹੇ ਲਗਭਗ 45 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਨੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।

ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਧੂਰੀ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਅਤੇ ਸੁੰਦਰ ਸ਼ਹਿਰ ਵਜੋਂ ਵਿਕਸਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ ਸੁੰਦਰੀਕਰਨ ਨੂੰ ਉਤਸ਼ਾਹਿਤ ਕਰਨ ਲਈ ਕਈ ਵੱਡੇ ਪ੍ਰੋਜੈਕਟ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਧੂਰੀ ਵਿੱਚ ਪਾਰਕਾਂ ਦੇ ਵਿਕਾਸ ਅਤੇ ਸੁੰਦਰੀਕਰਨ, ਇਨਡੋਰ ਸਪੋਰਟਸ ਹਾਲ ਦੇ ਨਵੀਨੀਕਰਨ, ਕ੍ਰਾਂਤੀ ਚੌਕ ਅਤੇ ਸ਼ੇਰਪੁਰ ਚੌਕ ਦੇ ਸੁੰਦਰੀਕਰਨ, ਸ਼ਹਿਰ ਦੇ ਦਾਖ਼ਲਾ ਮਾਰਗਾਂ ਦੀ ਸੁੰਦਰਤਾ ਵਧਾਉਣ, ਸਦਰ ਬਾਜ਼ਾਰ ਦੇ ਪੁਨਰ ਵਿਕਾਸ, ਸੜਕਾਂ ਦੀ ਅਪਗ੍ਰੇਡੇਸ਼ਨ, ਨਵੇਂ ਗ੍ਰੀਨ ਏਰੀਆ ਵਿਕਸਤ ਕਰਨ, ਪਾਣੀ ਸਪਲਾਈ ਪ੍ਰਣਾਲੀ ਦੇ ਵਿਸਥਾਰ, ਸੀਵਰੇਜ ਟਰੀਟਮੈਂਟ ਪਲਾਂਟ (STP) ਸਮੇਤ ਕਈ ਮਹੱਤਵਪੂਰਨ ਕੰਮ ਜਾਰੀ ਹਨ।

ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਹਰ ਪ੍ਰੋਜੈਕਟ ਦੀ ਨਿਯਮਿਤ ਨਿਗਰਾਨੀ ਕੀਤੀ ਜਾਵੇ ਅਤੇ ਨਿਰਮਾਣ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਇਨ੍ਹਾਂ ਪ੍ਰੋਜੈਕਟਾਂ ਦਾ ਲਾਭ ਜਲਦੀ ਮਿਲ ਸਕੇ।

ਉਨ੍ਹਾਂ ਕਿਹਾ ਕਿ ਧੂਰੀ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵਿਕਾਸ ਦੀ ਗਤੀ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਸਰਕਾਰ ਵਚਨਬੱਧ ਹੈ।

ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ ਅਰਵਿੰਦ ਕੁਮਾਰ, ਲੋਕ ਨਿਰਮਾਣ ਵਿਭਾਗ, ਨਗਰ ਕੌਂਸਲ ਧੂਰੀ, ਮੰਡੀ ਬੋਰਡ, ਜਲ ਸਪਲਾਈ ਅਤੇ ਸੀਵਰੇਜ ਬੋਰਡ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Exit mobile version