ਮਾਂਟਰੀਅਲ, 4 ਅਗਸਤ 2026 (ਹਰਸ਼ਪ੍ਰੀਤ ਕੌਰ) : ਕੈਨੇਡਾ ਦੇ ਮਾਂਟਰੀਅਲ ਸਥਿਤ ਲਸਾਲੇ ਗੁਰਦੁਆਰਾ ਸਾਹਿਬ ਵਿੱਚ ਗੋਲਕ ਦੇ ਹਿਸਾਬ-ਕਿਤਾਬ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਤਣਾਅ ਪੈਦਾ ਹੋ ਗਿਆ। ਮੈਨੇਜਮੈਂਟ ਕਮੇਟੀ ਦੀ ਮੀਟਿੰਗ ਦੌਰਾਨ ਸ਼ੁਰੂ ਹੋਈ ਬਹਿਸ ਨੇ ਦੇਖਦੇ ਹੀ ਦੇਖਦੇ ਹੱਥੋਪਾਈ ਦਾ ਰੂਪ ਧਾਰ ਲਿਆ।
ਜਾਣਕਾਰੀ ਮੁਤਾਬਕ ਮੀਟਿੰਗ ਵਿੱਚ ਗੋਲਕ ਦੀ ਰਕਮ ਦੇ ਹਿਸਾਬ ਅਤੇ ਧਾਰਮਿਕ ਨਿਯਮਾਂ ਨਾਲ ਜੁੜੇ ਕੁਝ ਮੁੱਦੇ ਉਠਾਏ ਗਏ ਸਨ। ਇਸ ਦੌਰਾਨ ਕਮੇਟੀ ਦੇ ਪ੍ਰਧਾਨ ਅਤੇ ਇੱਕ ਮੈਂਬਰ ਵਿਚਾਲੇ ਤਿੱਖੀ ਬਹਿਸ ਹੋਈ, ਜੋ ਬਾਅਦ ਵਿੱਚ ਝਗੜੇ ਵਿੱਚ ਤਬਦੀਲ ਹੋ ਗਈ। ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੋਵੇਂ ਧਿਰਾਂ ਵਿਚਾਲੇ ਧੱਕਾ-ਮੁੱਕੀ ਅਤੇ ਹੰਗਾਮਾ ਦਿਖਾਈ ਦੇ ਰਿਹਾ ਹੈ। ਮੌਕੇ ‘ਤੇ ਮੌਜੂਦ ਹੋਰ ਮੈਂਬਰਾਂ ਨੇ ਦਖਲ ਦੇ ਕੇ ਮਾਮਲੇ ਨੂੰ ਸ਼ਾਂਤ ਕਰਵਾਇਆ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰੇ ਅਤੇ ਸਥਾਨਕ ਭਾਰਤੀ ਕਮਿਊਨਿਟੀ ਵਿੱਚ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਕਈ ਲੋਕਾਂ ਨੇ ਗੁਰਦੁਆਰੇ ਵਰਗੇ ਪਵਿੱਤਰ ਸਥਾਨ ਵਿੱਚ ਹੋਈ ਇਸ ਘਟਨਾ ਦੀ ਨਿੰਦਾ ਕਰਦਿਆਂ ਗੋਲਕ ਦੇ ਖਾਤਿਆਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਇਸ ਮਾਮਲੇ ਨੇ ਗੁਰਦੁਆਰਾ ਪ੍ਰਬੰਧਨ ਅਤੇ ਪਾਰਦਰਸ਼ਤਾ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ।






