ਦੇਵੀਗੜ੍ਹ, 12 ਜੁਲਾਈ (ਹਰਸ਼ਪ੍ਰੀਤ ਕੌਰ) : ਦੇਵੀਗੜ੍ਹ ਇਲਾਕੇ ਵਿੱਚ ਘੱਗਰ ਦਰਿਆ ਦਾ ਪਾਣੀ ਲਗਾਤਾਰ ਵੱਧ ਰਿਹਾ ਹੈ ਅਤੇ ਦਰਿਆ ਅੱਧੇ ਤੋਂ ਉੱਪਰ ਵਹਿ ਰਿਹਾ ਹੈ। ਪਿੰਡ ਸਿਰਕੱਪੜਾ ਨੇੜੇ ਪਾਣੀ ਨੇ ਕੰਢਿਆਂ ਨੂੰ ਖੋਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।
ਇਲਾਕਾ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸਾਲ 2023 ਦੇ ਭਿਆਨਕ ਹੜ੍ਹਾਂ ਦੌਰਾਨ ਟੁੱਟੀਆਂ ਸੜਕਾਂ ਅਤੇ ਪੁਲੀਆਂ ਦੀ ਅਜੇ ਤੱਕ ਮੁਰੰਮਤ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਕਈ ਕਿਸਾਨਾਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਨਹੀਂ ਮਿਲਿਆ, ਜਿਸ ਕਾਰਨ ਉਹ ਆਰਥਿਕ ਤੌਰ ‘ਤੇ ਅਜੇ ਵੀ ਸੰਕਟ ਦਾ ਸਾਹਮਣਾ ਕਰ ਰਹੇ ਹਨ।
ਲੋਕਾਂ ਦਾ ਦੋਸ਼ ਹੈ ਕਿ ਘੱਗਰ ਦਰਿਆ ਦੇ ਕੰਢਿਆਂ ਦੀ ਮਜ਼ਬੂਤੀ ਅਤੇ ਮੁਰੰਮਤ ਲਈ ਕੋਈ ਢੁੱਕਵੇਂ ਕਦਮ ਨਹੀਂ ਚੁੱਕੇ ਗਏ। ਇਸ ਦੇ ਨਾਲ ਹੀ ਟਾਂਗਰੀ ਨਦੀ ਅਤੇ ਮੀਰਾਂਪੁਰ ਚੋਆ ਦੀ ਖੁਦਾਈ ਨਾ ਹੋਣ ਕਾਰਨ ਇਲਾਕੇ ਵਿੱਚ ਬੰਨ੍ਹ ਟੁੱਟਣ ਦਾ ਖ਼ਤਰਾ ਬਣਿਆ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ 2023 ਦੇ ਹੜ੍ਹਾਂ ਤੋਂ ਬਾਅਦ ਉਨ੍ਹਾਂ ਦੀ ਆਰਥਿਕ ਹਾਲਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ ਅਤੇ ਅਜੇ ਤੱਕ ਉਹ ਪੂਰੀ ਤਰ੍ਹਾਂ ਸੰਭਲ ਨਹੀਂ ਸਕੇ।
ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਦਨ ਲਾਲ ਜਲਾਲਪੁਰ, ਹਰਵਿੰਦਰ ਸਿੰਘ ਹਰਪਾਲਪੁਰ, ਵਿੱਕੀ ਘਨੌਰ ਅਤੇ ਗੁਰਪ੍ਰੀਤ ਸਿੰਘ ਨਰੜੂ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੜ੍ਹਾਂ ਦੀ ਰੋਕਥਾਮ ਅਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਟਾਂਗਰੀ ਨਦੀ ਅਤੇ ਹੋਰ ਚੋਆਂ ਦੀ ਤੁਰੰਤ ਖੁਦਾਈ ਕਰਵਾਈ ਜਾਵੇ ਅਤੇ ਘੱਗਰ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਹੜ੍ਹਾਂ ਵਰਗੀ ਸਥਿਤੀ ਤੋਂ ਬਚਿਆ ਜਾ ਸਕੇ।
