ਪਟਿਆਲਾ, 8 ਸਤੰਬਰ:2026
ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਤਹਿਤ ਪੰਜਾਬ ਰਾਜ ਵਿੱਚ ਚੱਲ ਰਹੀ ਐਸ.ਆਈ.ਆਰ.-2026 ਅਧੀਨ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਦਾ ਨਿਰੀਖਣ ਕਰਨ ਲਈ ਮਾਨਯੋਗ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਜ਼ਿਲ੍ਹਾ ਪਟਿਆਲਾ ਲਈ ਨਿਯੁਕਤ ਰੋਲ ਆਬਜ਼ਰਵਰ ਸ੍ਰੀ ਵਿਨੈ ਬੁਬਲਾਨੀ, ਆਈ.ਏ.ਐਸ., ਕਮਿਸ਼ਨਰ, ਪਟਿਆਲਾ ਮੰਡਲ, ਪਟਿਆਲਾ ਵੱਲੋਂ ਵਿਧਾਨ ਸਭਾ ਚੋਣ ਹਲਕਾ 115-ਪਟਿਆਲਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ।
ਇਸ ਮੌਕੇ ਰੋਲ ਆਬਜ਼ਰਵਰ ਵੱਲੋਂ ਵਿਧਾਨ ਸਭਾ ਚੋਣ ਹਲਕਾ 115-ਪਟਿਆਲਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਸੁਪਰਵਾਈਜ਼ਰ ਅਫ਼ਸਰਾਂ ਅਤੇ ਚੋਣ ਅਮਲੇ ਨਾਲ ਮੀਟਿੰਗ ਕੀਤੀ ਗਈ। ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ, 115-ਪਟਿਆਲਾ ਸ੍ਰੀ ਗੁਰਦੇਵ ਸਿੰਘ ਧੰਮ, ਪੀ.ਸੀ.ਐਸ. ਵੱਲੋਂ ਰੋਲ ਆਬਜ਼ਰਵਰ ਦਾ ਸਵਾਗਤ ਕਰਦਿਆਂ ਐਸ.ਆਈ.ਆਰ.-2026 ਤਹਿਤ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਸ੍ਰੀ ਗੁਰਦੇਵ ਸਿੰਘ ਧੰਮ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਮਾਂ-ਸੀਮਾ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ।
ਸ੍ਰੀ ਵਿਨੈ ਬੁਬਲਾਨੀ ਨੇ ਨੋਟਿਸ ਪੜਾਅ, ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ, ਉਨ੍ਹਾਂ ਦੇ ਨਿਪਟਾਰੇ ਅਤੇ ਵੋਟਰ ਸੂਚੀਆਂ ਦੀ ਤਸਦੀਕ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਐਸ.ਆਈ.ਆਰ.-2026 ਦਾ ਮੁੱਖ ਉਦੇਸ਼ ਸ਼ੁੱਧ, ਸਹੀ ਅਤੇ ਤਰੁੱਟੀ-ਰਹਿਤ ਵੋਟਰ ਸੂਚੀਆਂ ਤਿਆਰ ਕਰਨਾ ਹੈ। ਉਨ੍ਹਾਂ ਸੁਪਰਵਾਈਜ਼ਰ ਅਫ਼ਸਰਾਂ ਅਤੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਹਰੇਕ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਅਤੇ ਕਿਸੇ ਵੀ ਅਯੋਗ ਵਿਅਕਤੀ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਨਾ ਹੋਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ, 2026 ਤੱਕ ਕੀਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਰ ਸੇਵਾਵਾਂ ਜਾਂ ਐਸ.ਆਈ.ਆਰ.-2026 ਸਬੰਧੀ ਕਿਸੇ ਵੀ ਜਾਣਕਾਰੀ ਲਈ ਸਬੰਧਤ ਹੈਲਪਡੈਸਕ ਤੋਂ ਇਲਾਵਾ ਵੋਟਰ ਹੈਲਪਲਾਈਨ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।








