ਸ੍ਰੀ ਗੋਇੰਦਵਾਲ ਸਾਹਿਬ, 2 ਅਕਤੂਬਰ 2026 (ਗੁਰਮੀਤ ਸਿੰਘ ਟੁੰਗ): ਪੰਜਾਬ ਸਰਕਾਰ ਵੱਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਨੂੰ ਦਿੱਤੀ ਜਾ ਰਹੀ ਸਤਿਕਾਰ ਰਾਸ਼ੀ ਦੀ ਦੂਜੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਅਕਤੂਬਰ, ਨਵੰਬਰ ਅਤੇ ਦਸੰਬਰ ਮਹੀਨਿਆਂ ਨਾਲ ਸਬੰਧਤ ਕਿਸ਼ਤ ਵਜੋਂ 36.87 ਲੱਖ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 1,262.54 ਕਰੋੜ ਰੁਪਏ ਸਿੱਧੇ ਟਰਾਂਸਫਰ ਕੀਤੇ ਗਏ ਹਨ। ਸ੍ਰੀ ਖਡੂਰ ਸਾਹਿਬ ਵਿਖੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਗੁਰੂ ਸਾਹਿਬ ਦੀ ਪਵਿੱਤਰ ਧਰਤੀ ਨੂੰ ਨਮਨ ਕਰਦਿਆਂ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ ਲਈ ਇਸ ਇਤਿਹਾਸਕ ਸਥਾਨ ਦੀ ਚੋਣ ਕਰਨ ਦਾ ਕਾਰਨ ਸ੍ਰੀ ਗੁਰੂ ਅਮਰ ਦਾਸ ਜੀ ਨਾਲ ਜੁੜੀ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮਾਜਿਕ ਬੁਰਾਈਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਅਤੇ ਲੰਗਰ ਦੀ ਸੰਸਥਾ ਨੂੰ ਮਜ਼ਬੂਤ ਕੀਤਾ। ਮੁੱਖ ਮੰਤਰੀ ਮੁਤਾਬਕ ਇਸ ਤੋਂ ਪਹਿਲਾਂ 2,562.33 ਕਰੋੜ ਰੁਪਏ 73.99 ਲੱਖ ਮਹਿਲਾਵਾਂ ਨੂੰ ਸਤਿਕਾਰ ਰਾਸ਼ੀ ਵਜੋਂ ਦਿੱਤੇ ਜਾ ਚੁੱਕੇ ਹਨ। ਹੁਣ ਦੀ ਕਿਸ਼ਤ ਸਮੇਤ ਮਹਿਲਾਵਾਂ ਦੇ ਖਾਤਿਆਂ ਵਿੱਚ ਕੁੱਲ 3,824.87 ਕਰੋੜ ਰੁਪਏ ਟਰਾਂਸਫਰ ਕੀਤੇ ਜਾ ਚੁੱਕੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਮਹਿਲਾਵਾਂ ਦੇ ਆਤਮ-ਵਿਸ਼ਵਾਸ, ਸਵੈ-ਸਨਮਾਨ ਅਤੇ ਆਰਥਿਕ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਅਨੁਸਾਰ ਪੰਜਾਬ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਇਸ ਯੋਜਨਾ ਲਈ ਯੋਗ ਹੋਣਗੀਆਂ ਅਤੇ ਸਰਕਾਰ ਦਾ ਟੀਚਾ ਇਸ ਦਾ ਲਾਭ ਇੱਕ ਕਰੋੜ ਮਹਿਲਾਵਾਂ ਤੱਕ ਪਹੁੰਚਾਉਣਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਯੋਜਨਾ ਤਹਿਤ ਕੋਈ ਸ਼ਰਤ ਨਹੀਂ ਰੱਖੀ ਗਈ। ਜੇਕਰ ਇੱਕ ਪਰਿਵਾਰ ਵਿੱਚ ਤਿੰਨ ਮਹਿਲਾਵਾਂ ਯੋਗ ਹਨ ਤਾਂ ਤਿੰਨਾਂ ਨੂੰ ਸਤਿਕਾਰ ਰਾਸ਼ੀ ਮਿਲਣ ਦੀ ਵਿਵਸਥਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਵਿੱਚ 1.37 ਲੱਖ ਸਤਿਕਾਰ ਸਖੀਆਂ ਨੇ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਨੂੰ ਪ੍ਰੋਤਸਾਹਨ ਵਜੋਂ 51 ਕਰੋੜ ਰੁਪਏ ਤੋਂ ਵੱਧ ਦਿੱਤੇ ਜਾ ਚੁੱਕੇ ਹਨ। ਇਸੇ ਤਰ੍ਹਾਂ ਰਜਿਸਟ੍ਰੇਸ਼ਨ ਵਿੱਚ ਸਹਾਇਤਾ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਲਈ ਵੀ ਪ੍ਰੋਤਸਾਹਨ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਲੋਕਾਂ ਤੋਂ ਇਕੱਠਾ ਕੀਤਾ ਟੈਕਸ ਲੋਕਾਂ ਦੀ ਭਲਾਈ ’ਤੇ ਖਰਚ ਕਰਨਾ ਹੈ। ਉਨ੍ਹਾਂ ਸਰਕਾਰ ਵੱਲੋਂ ਵਿਕਾਸ ਕਾਰਜਾਂ, ਸੜਕਾਂ, ਖੇਤੀਬਾੜੀ ਨਾਲ ਸਬੰਧਤ ਕੰਮਾਂ, ਪਾਈਪਲਾਈਨਾਂ ਅਤੇ ਰੋਜ਼ਗਾਰ ਦੇ ਮੌਕਿਆਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ ਸਥਿਤੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੇਂਦਰ ਦੇ ਮੁਲਾਂਕਣ ਅਨੁਸਾਰ ਸਕੂਲੀ ਸਿੱਖਿਆ ਵਿੱਚ ਪੰਜਾਬ ਦੀ ਰੈਂਕਿੰਗ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਅਧਿਆਪਕਾਂ ਦੀ ਟ੍ਰੇਨਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀ ਭਰਤੀ ਵਰਗੇ ਕਦਮ ਚੁੱਕੇ ਗਏ ਹਨ।
ਮੁੱਖ ਮੰਤਰੀ ਨੇ NEET ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫ਼ਤ ਕੋਚਿੰਗ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ NEET ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ ਅਤੇ ਇਸ ਦਾ ਲਾਭ ਆਮ ਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਮਿਲ ਰਿਹਾ ਹੈ। ਬਿਜਲੀ ਅਤੇ ਖੇਤੀਬਾੜੀ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਯੋਗ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਗੋਇੰਦਵਾਲ ਸਾਹਿਬ ਥਰਮਲ ਪਾਵਰ ਪਲਾਂਟ ਦੀ ਖਰੀਦ ਅਤੇ ਕਿਸਾਨਾਂ ਨੂੰ ਦਿਨ ਸਮੇਂ ਖੇਤੀਬਾੜੀ ਲਈ ਬਿਜਲੀ ਮੁਹੱਈਆ ਕਰਵਾਉਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ।
ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ’ਤੇ ਵੀ ਸਿਆਸੀ ਨਿਸ਼ਾਨਾ ਸਾਧਿਆ। ਉਨ੍ਹਾਂ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੀਆਂ ਨੀਤੀਆਂ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਜਾਰੀ ਰੱਖਣ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਕਰਨ ਦਾ ਟੀਚਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ UPSC ਦੀ ਤਿਆਰੀ ਲਈ ਨਵੇਂ ਕੇਂਦਰ ਖੋਲ੍ਹਣ ਦੀ ਯੋਜਨਾ ਵੀ ਬਣਾਈ ਜਾ ਰਹੀ ਹੈ, ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਵਿੱਚ ਜਾਣ ਲਈ ਵਧੇਰੇ ਮੌਕੇ ਮਿਲ ਸਕਣ। ਉਨ੍ਹਾਂ ਕਿਹਾ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’, ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਅਤੇ ਹੋਰ ਲੋਕ ਭਲਾਈ ਯੋਜਨਾਵਾਂ ਸਬੰਧੀ ਸਰਕਾਰ ਆਪਣੀਆਂ ਨੀਤੀਆਂ ਨੂੰ ਜਾਰੀ ਰੱਖਣ ਲਈ ਵਚਨਬੱਧ ਹੈ।
