ਨਾਮਦੇਵ ਜਯੰਤੀ ਸਮਾਗਮ ਦਾ ਸੱਦਾ ਦੇਣ ਮੁੱਖ ਮੰਤਰੀ ਨੂੰ ਮਿਲੇ ਨਾਮਦੇਵ ਸਭਾ ਦੇ ਵਫ਼ਦ ਨੇ ਤਿਆਰੀਆਂ ਦੀ ਜਾਣਕਾਰੀ ਦਿੱਤੀ
ਚੰਡੀਗੜ੍ਹ, 14 ਅਕਤੂਬਰ, 2026 (ਸੰਜੀਵ ਸ਼ਰਮਾ) : ਸੰਤ ਮਹਾਪੁਰਖਾਂ ਨੇ ਆਪਣੇ ਵਿਚਾਰਾਂ, ਸਿੱਖਿਆਵਾਂ ਅਤੇ ਆਦਰਸ਼ਾਂ ਰਾਹੀਂ ਹਮੇਸ਼ਾ ਸਮਾਜ ਨੂੰ ਸਹੀ ਦਿਸ਼ਾ ਦੇਣ ਅਤੇ ਆਪਸੀ ਭਾਈਚਾਰੇ, ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਪ੍ਰੇਰਨਾ ਸਰੋਤ ਹਨ। ਇਹ ਗੱਲ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨਾਮਦੇਵ ਸਭਾ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਕਹੀ। 18 ਅਕਤੂਬਰ ਨੂੰ ਚੰਡੀਗੜ੍ਹ ਦੇ ਸੈਕਟਰ-21 ਸਥਿਤ ਨਾਮਦੇਵ ਭਵਨ ਵਿਖੇ ਕਰਵਾਏ ਜਾ ਰਹੇ ਗੁਰੂ ਸੰਤ ਨਾਮਦੇਵ ਪ੍ਰਕਾਸ਼ ਦਿਹਾੜਾ ਜਯੰਤੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦੇਣ ਲਈ ਨਾਮਦੇਵ ਸਭਾ ਦੇ ਵਫ਼ਦ ਨੇ ਸੰਤ ਕਬੀਰ ਕੁਟੀਰ, ਚੰਡੀਗੜ੍ਹ ਵਿਖੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਭਾ ਦੇ ਸਾਬਕਾ ਚੇਅਰਮੈਨ ਅਤੇ ਸਭਾ ਦੇ ਹਰਿਆਣਾ ਪ੍ਰਧਾਨ ਸ੍ਰੀ ਸਤਬੀਰ ਵਰਮਾ, ਸਕੱਤਰ ਸ੍ਰੀ ਨਰੇਸ਼ ਮਰਜਾਰਾ, ਚਰਨਜੀਤ ਸਿੰਘ, ਕੈਬਨਿਟ ਮੰਤਰੀ ਸ੍ਰੀ ਰਣਬੀਰ ਗੰਗਵਾ ਦੇ ਬੇਟੇ ਅਤੇ ਭਾਜਪਾ ਨੇਤਾ ਸ੍ਰੀ ਸੰਜੀਵ ਗੰਗਵਾ, ਸ੍ਰੀ ਮਾਂਗੀਲਾਲ ਸਮੇਤ ਸਭਾ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
ਵਫ਼ਦ ਨੇ ਮੁੱਖ ਮੰਤਰੀ ਨੂੰ ਸਮਾਗਮ ਦੀਆਂ ਤਿਆਰੀਆਂ ਦਾ ਵੇਰਵਾ ਦਿੱਤਾ ਅਤੇ ਪ੍ਰਬੰਧਾਂ ਨਾਲ ਸਬੰਧਤ ਜਾਣਕਾਰੀ ਸਾਂਝੀ ਕੀਤੀ। ਸਭਾ ਦੇ ਪ੍ਰਧਾਨ ਸ੍ਰੀ ਸਤਬੀਰ ਵਰਮਾ ਨੇ ਦੱਸਿਆ ਕਿ ਗੁਰੂ ਸੰਤ ਨਾਮਦੇਵ ਪ੍ਰਕਾਸ਼ ਦਿਹਾੜਾ ਜਯੰਤੀ ਸਮਾਗਮ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਸਮਾਗਮ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਭਾ ਦੇ ਮੈਂਬਰ ਲਗਾਤਾਰ ਸੰਪਰਕ ਕਰ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਵੀ ਲੋਕਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਸ੍ਰੀ ਵਰਮਾ ਨੇ ਕਿਹਾ ਕਿ ਸਮਾਗਮ ਦਾ ਉਦੇਸ਼ ਸੰਤ ਗੁਰੂ ਨਾਮਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਸਮਾਜ ਵਿੱਚ ਭਾਈਚਾਰੇ, ਸਦਭਾਵਨਾ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਸਮਾਗਮ ਦੀਆਂ ਤਿਆਰੀਆਂ ਤੋਂ ਜਾਣੂ ਕਰਵਾਇਆ।
