ਨਸ਼ਾ ਛੁੜਾਊ ਕੇਂਦਰਾਂ ਦੀ ਸਮਰੱਥਾ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ‘ਤੇ ਜ਼ੋਰ
ਸੰਗਰੂਰ, 26 ਜੂਨ 2026 ਛਤਰਪਾਲ ਸਿੰਘਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਨਸ਼ਿਆਂ ਦੇ ਖ਼ਾਤਮੇ ਲਈ ਚੱਲ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਹੋਰ ਮੁਸਤੈਦੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਸਮਾਜ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਨਾਲ ਜੁੜੀ ਹੋਈ ਹੈ, ਇਸ ਲਈ ਇਸ ਮੁਹਿੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਸਰਹੱਦੀ ਅਤੇ ਇੰਟਰਸਟੇਟ ਨਾਕਿਆਂ ‘ਤੇ ਨਿਗਰਾਨੀ ਹੋਰ ਸਖ਼ਤ ਕਰਨ ਅਤੇ ਲੋੜ ਪੈਣ ‘ਤੇ ਨਾਕਿਆਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਤੇ ਪ੍ਰਭਾਵਸ਼ਾਲੀ ਰੋਕ ਲਗਾਈ ਜਾ ਸਕੇ।
ਅਮਨ ਅਰੋੜਾ ਨੇ ਹਾਟਸਪਾਟ ਇਲਾਕਿਆਂ ਵਿੱਚ ਵੱਧ ਤੋਂ ਵੱਧ ਸੀਸੀਟੀਵੀ ਕੈਮਰੇ ਲਗਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਸ਼ੱਕੀ ਗਤੀਵਿਧੀਆਂ ‘ਤੇ ਨਿਗਰਾਨੀ ਰੱਖਣ ਅਤੇ ਪੁਲਿਸ ਕਾਰਵਾਈ ਨੂੰ ਹੋਰ ਮਜ਼ਬੂਤੀ ਮਿਲੇਗੀ।
ਸਿਹਤ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਨਸ਼ਾ ਛੁੜਾਊ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਦਾਖਲ ਕਰਨ ਦੀ ਸਮਰੱਥਾ ਵਧਾਈ ਜਾਵੇ ਅਤੇ ਹਰ ਕੇਂਦਰ ਵਿੱਚ ਹੈਲਪ ਡੈਸਕ ਸਥਾਪਤ ਕੀਤੇ ਜਾਣ, ਤਾਂ ਜੋ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਰੁਜ਼ਗਾਰ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਨਸ਼ਾ ਛੱਡ ਚੁੱਕੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣ, ਤਾਂ ਜੋ ਉਹ ਆਤਮਨਿਰਭਰ ਬਣ ਕੇ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੁੜ ਸਕਣ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ, ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਨਸ਼ਿਆਂ ਵਿਰੁੱਧ ਬਣੀਆਂ ਕਮੇਟੀਆਂ ਦੇ ਅਹੁਦੇਦਾਰ ਵੀ ਮੌਜੂਦ ਰਹੇ।








