Homeਪੰਜਾਬਸੰਗਰੂਰ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਸ਼ਰਾਬ ਸਬੰਧੀ 49 ਮੁਕੱਦਮੇ ਦਰਜ,...

ਸੰਗਰੂਰ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਸ਼ਰਾਬ ਸਬੰਧੀ 49 ਮੁਕੱਦਮੇ ਦਰਜ, 60 ਮੁਲਜ਼ਮ ਗ੍ਰਿਫ਼ਤਾਰ

Sangrur Police Register 49 Cases in Crackdown on Narcotics and Illicit Liquor; 60 Accused Arrested.

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ 42 ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਮੀਟਿੰਗਾਂ ਕੀਤੀਆਂ
ਸੰਗਰੂਰ, 21 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਜ਼ਿਲ੍ਹਾ ਪੁਲਿਸ ਸੰਗਰੂਰ ਨੇ 1 ਤੋਂ 20 ਨਵੰਬਰ 2026 ਤੱਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਸ਼ਰਾਬ ਸਬੰਧੀ ਕੁੱਲ 49 ਮੁਕੱਦਮੇ ਦਰਜ ਕਰਕੇ 60 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਡਾ. ਰਵਜੋਤ ਗਰੇਵਾਲ, ਆਈ.ਪੀ.ਐੱਸ., ਨੇ ਦੱਸਿਆ ਕਿ ਪੁਲਿਸ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਸੁਲਝਾਉਣ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਅਰਸੇ ਦੌਰਾਨ ਨਸ਼ੀਲੇ ਪਦਾਰਥਾਂ ਸਬੰਧੀ 35 ਮੁਕੱਦਮੇ ਦਰਜ ਕਰਕੇ 45 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਮਾਮਲਿਆਂ ਵਿੱਚ 167 ਗ੍ਰਾਮ ਹੈਰੋਇਨ, 30 ਕਿਲੋ ਭੁੱਕੀ ਚੂਰਾ ਪੋਸਤ ਅਤੇ 90 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ 14 ਮੁਕੱਦਮੇ ਦਰਜ ਕਰਕੇ 15 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕੋਲੋਂ 1,087.500 ਲੀਟਰ ਦੇਸੀ ਸ਼ਰਾਬ ਅਤੇ 300 ਲੀਟਰ ਲਾਹਣ ਬਰਾਮਦ ਕੀਤੀ ਗਈ।
ਐੱਸ.ਐੱਸ.ਪੀ. ਨੇ ਦੱਸਿਆ ਕਿ ਸੰਗਰੂਰ ਸ਼ਹਿਰ ਵਿੱਚ ਹੋਈਆਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਪੁਲਿਸ ਨੇ 24 ਘੰਟਿਆਂ ਦੇ ਅੰਦਰ ਸੁਲਝਾ ਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 10 ਮੋਬਾਈਲ ਫ਼ੋਨ, ਇੱਕ ਮੋਟਰਸਾਈਕਲ, 61,200 ਰੁਪਏ ਨਕਦ ਅਤੇ ਵਾਰਦਾਤ ਸਮੇਂ ਵਰਤੀ ਗਈ ਤਲਵਾਰ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਥਾਣਾ ਸਿਟੀ ਸੰਗਰੂਰ ਅਤੇ ਥਾਣਾ ਲਹਿਰਾ ਦੇ ਇਲਾਕਿਆਂ ਵਿੱਚ ਚੋਰੀ ਅਤੇ ਲੁੱਟ-ਖੋਹ ਦੇ ਮਾਮਲਿਆਂ ਸਬੰਧੀ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੋ ਕਿਲੋ ਤਾਂਬਾ, ਇੱਕ ਮੋਟਰਸਾਈਕਲ, ਦੋ ਸਕੂਟਰੀਆਂ ਅਤੇ 1,500 ਰੁਪਏ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਥਾਣਾ ਲਹਿਰਾ ਵੱਲੋਂ ਇੱਕ ਨਸ਼ਾ ਤਸਕਰ ਦੀ 2.40 ਲੱਖ ਰੁਪਏ ਮੁੱਲ ਦੀ ਜਾਇਦਾਦ ਫ੍ਰੀਜ਼ ਕਰਵਾਈ ਗਈ। ਇਸੇ ਅਰਸੇ ਦੌਰਾਨ ਅਸਲਾ ਐਕਟ ਤਹਿਤ ਇੱਕ ਮੁਕੱਦਮਾ ਦਰਜ ਕਰਕੇ ਇੱਕ ਮੁਲਜ਼ਮ ਕੋਲੋਂ ਇੱਕ ਪਿਸਤੌਲ, ਇੱਕ ਮੈਗਜ਼ੀਨ ਅਤੇ ਦੋ ਕਾਰਤੂਸ ਬਰਾਮਦ ਕੀਤੇ ਗਏ। ਜੂਆ ਐਕਟ ਤਹਿਤ ਵੀ ਇੱਕ ਮੁਕੱਦਮਾ ਦਰਜ ਕਰਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ 4,800 ਰੁਪਏ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ ਸੱਤ ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਡਾ. ਗਰੇਵਾਲ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਲੋਕਾਂ ਦੀ ਭਾਗੀਦਾਰੀ ਜ਼ਰੂਰੀ ਹੈ। ਇਸ ਮਕਸਦ ਨਾਲ ਪੁਲਿਸ ਅਧਿਕਾਰੀਆਂ ਨੇ 42 ਪਿੰਡਾਂ ਅਤੇ ਸ਼ਹਿਰਾਂ ਵਿੱਚ ਪੰਚਾਇਤਾਂ, ਖੇਡ ਕਲੱਬਾਂ ਅਤੇ ਹੋਰ ਪਤਵੰਤਿਆਂ ਨਾਲ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਖ਼ਾਸ ਤੌਰ ’ਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਐੱਸ.ਐੱਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ।
RELATED ARTICLES
- Advertisment -
Google search engine
Google search engine
Google search engine

Most Popular

Recent Comments