ਆਕਲੈਂਡ, 12 ਜੁਲਾਈ (ਵਿਸ਼ਾਲ ਗੁਪਤਾ): ਆਕਲੈਂਡ ਵਿੱਚ ਪਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਸੰਕਟ ਦੇ ਸਮੇਂ ਭਾਰਤ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਪੂਰੇ ਮਾਨ-ਸਨਮਾਨ ਨਾਲ ਭਾਰਤ ਲਿਆ ਕੇ ਸੁਰੱਖਿਅਤ ਕੀਤਾ ਸੀ। ਉਨ੍ਹਾਂ ਕਿਹਾ ਕਿ ਸਿੱਖ ਗੁਰੂਆਂ ਨੇ ਮਨੁੱਖਤਾ ਨੂੰ ਸੇਵਾ, ਸਾਹਸ, ਸਮਾਨਤਾ ਅਤੇ ਭਲਾਈ ਦਾ ਸੰਦੇਸ਼ ਦਿੱਤਾ ਹੈ ਅਤੇ ਦੁਨੀਆ ਭਰ ਦੇ ਗੁਰਦੁਆਰੇ ਸੇਵਾ ਅਤੇ ਮਨੁੱਖੀ ਭਲਾਈ ਦੇ ਕੇਂਦਰ ਹਨ।
ਪ੍ਰਧਾਨ ਮੰਤਰੀ ਨੇ ਦੱਸਿਆ ਕਿ ਸਿੱਖ ਭਾਈਚਾਰੇ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਕੁਝ FCRA ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਸਨ, ਜਿਨ੍ਹਾਂ ਦਾ ਸਰਕਾਰ ਨੇ ਤੁਰੰਤ ਹੱਲ ਕੀਤਾ।
ਉਨ੍ਹਾਂ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਯਾਤਰਾ ਨੂੰ ਆਸਾਨ ਬਣਾਉਣ ਲਈ ਸਰਕਾਰ ਵੱਲੋਂ ਰੋਪਵੇਅ ਪ੍ਰੋਜੈਕਟ ‘ਤੇ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਸ਼ਰਧਾਲੂਆਂ, ਖਾਸ ਕਰਕੇ ਬਜ਼ੁਰਗਾਂ ਨੂੰ ਵੱਡੀ ਸਹੂਲਤ ਮਿਲੇਗੀ।
ਮੋਦੀ ਨੇ ਇਹ ਵੀ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਲਈ ਹਰ ਸਾਲ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਮਨਾਇਆ ਜਾਂਦਾ ਹੈ। ਉਨ੍ਹਾਂ ਅਨੁਸਾਰ ਇਹ ਦਿਵਸ ਅੱਜ ਦੇਸ਼ ਭਰ ਦੇ ਬੱਚਿਆਂ ਅਤੇ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਬਣ ਚੁੱਕਾ ਹੈ।
