650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਵਿਸ਼ੇਸ਼ ਮੁਹਿੰਮ; ਹਰ ਪਿੰਡ ਤੱਕ ਪਹੁੰਚੇਗਾ ਸਮਾਨਤਾ, ਭਾਈਚਾਰੇ ਅਤੇ ਸਮਾਜਿਕ ਨਿਆਂ ਦਾ ਸੰਦੇਸ਼
ਪਟਿਆਲਾ, 8 ਜੁਲਾਈ(ਛਤਰਪਾਲ ਸਿੰਘ): ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਛੇ ਪਿੰਡਾਂ ਵਿੱਚ ਪਹਿਲੇ ਦਿਨ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਐਲਈਡੀ ਸਕਰੀਨਾਂ ਰਾਹੀਂ ਪ੍ਰਦਰਸ਼ਿਤ ਕੀਤੀ ਗਈ ਇਸ ਡਾਕੂਮੈਂਟਰੀ ਨੂੰ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਦੇਖਿਆ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਣਾ ਲਈ।
ਡਾਕੂਮੈਂਟਰੀ ਦਾ ਪ੍ਰਦਰਸ਼ਨ ਨਾਭਾ ਬਲਾਕ ਦੇ ਪਿੰਡ ਫਤਹਿਪੁਰ ਅਤੇ ਗਦਾਈਆ, ਸਨੌਰ ਬਲਾਕ ਦੇ ਬੀੜ ਕੌਲੀ ਅਤੇ ਗੌਂਸਪੁਰ, ਜਦਕਿ ਸਮਾਣਾ ਬਲਾਕ ਦੇ ਚੌਂਹਠ ਅਤੇ ਖੇੜੀ ਫੱਤਾਂ ਵਿੱਚ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਭਾਵਨਾ ਨਾਲ ਮਨਾ ਰਹੀ ਹੈ। ਇਸੇ ਲੜੀ ਤਹਿਤ ਤਿਆਰ ਕੀਤੀ ਗਈ ਇਹ ਵਿਸ਼ੇਸ਼ ਡਾਕੂਮੈਂਟਰੀ ਸੂਬੇ ਦੇ ਹਰ ਕੋਨੇ ਤੱਕ ਗੁਰੂ ਸਾਹਿਬ ਦੀਆਂ ਸਦੀਵੀ ਸਿੱਖਿਆਵਾਂ ਪਹੁੰਚਾਉਣ ਦਾ ਮਾਧਿਅਮ ਬਣ ਰਹੀ ਹੈ।
ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਇਹ ਡਾਕੂਮੈਂਟਰੀ ਦਿਖਾਈ ਜਾਵੇਗੀ, ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਬਰਾਬਰੀ ਵਾਲੇ ਸਮਾਜ ਦੇ ਸੰਕਲਪ ਨਾਲ ਜਾਣੂ ਹੋ ਸਕੇ। ਉਨ੍ਹਾਂ ਕਿਹਾ ਕਿ ਭਾਵੇਂ ਇਹ ਡਾਕੂਮੈਂਟਰੀ ਸਿਰਫ਼ 30 ਮਿੰਟ ਦੀ ਹੈ, ਪਰ ਇਸ ਵਿੱਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਬਹੁਤ ਹੀ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ।
ਡਾਕੂਮੈਂਟਰੀ ਦੇਖਣ ਵਾਲੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਅਸਮਾਨਤਾ ਖ਼ਿਲਾਫ਼ ਸਾਰੀ ਉਮਰ ਸੰਘਰਸ਼ ਕੀਤਾ ਅਤੇ ਭੇਦਭਾਵ ਰਹਿਤ ਸਮਾਜ ਦੀ ਸਥਾਪਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੇ ਵਿਚਾਰ ਅੱਜ ਵੀ ਸਮਾਜ ਨੂੰ ਏਕਤਾ ਅਤੇ ਭਾਈਚਾਰੇ ਦੀ ਰਾਹ ਦਿਖਾਉਂਦੇ ਹਨ।
ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਇਹ ਮੁਹਿੰਮ ਅਗਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। 9 ਜੁਲਾਈ ਨੂੰ ਨਾਭਾ, ਸਮਾਣਾ ਅਤੇ ਸਨੌਰ ਬਲਾਕ ਦੇ ਕਈ ਹੋਰ ਪਿੰਡਾਂ ਵਿੱਚ ਵੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਜਾਵੇਗਾ।
